You’re viewing a text-only version of this website that uses less data. View the main version of the website including all images and videos.
ਕਿਸਾਨਾਂ ਵੱਲੋਂ ਵਿਰੋਧ: ਉਗਰਾਹਾਂ ਨੇ ਕਿਸਾਨਾਂ ਵੱਲੋਂ ਲੌਕਡਾਊਨ ਦੇ ਵਿਰੋਧ ਦਾ ਦਿੱਤਾ ਤਰਕ, ਕੈਪਟਨ ਨੇ ਕਿਹਾ ਜਾਨਾਂ ਬਚਾਉਣਾ ਹਰ ਪੰਜਾਬੀ ਦੀ ਜ਼ਿੰਮੇਵਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੁੱਖੀ ਨੇ ਕੋਰੋਨਾਵਾਇਰਸ ਨੂੰ ਲੈ ਕੇ ਸਰਕਾਰ ਦੀਆਂ ਤਿਆਰੀਆਂ ਕੇ ਸਵਾਲ ਚੁੱਕੇ ਤੇ ਲੌਕਡਾਊਨ ਖਿਲਾਫ ਕੀਤੇ ਗਏ ਵਿਰੋਧ ਨੂੰ ਸਹੀ ਠਹਿਰਾਇਆ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਨੁਕਸਾਨ ਪਹੁੰਚਾਉਣ ਦਾ ਸਵਾਲ ਹੀ ਖੜ੍ਹਾ ਨਹੀਂ ਹੁੰਦਾ।
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਸ਼ਨੀਵਾਰ ਨੂੰ ਲੌਕਡਾਊਨ ਦੇ ਵਿਰੋਧ ਦਾ ਸੱਦਾ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਵੱਲੋ ਕੋਰੋਨਾ ਸੰਬੰਧੀ ਲਗਾਈਆਂ ਪਾਬੰਦੀਆਂ ਦਾ ਵੀ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋ:
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਬੀਬੀਸੀ ਪੱਤਰਕਾਰ ਅਰਸ਼ਦੀਪ ਕੌਰ ਨੂੰ ਦੱਸਿਆ ਕਿ ਕੋਰੋਨਾ ਦੇ ਇੱਕ ਗੰਭੀਰ ਬਿਮਾਰੀ ਹੋਣ ਬਾਰੇ ਕੋਈ ਦੋ ਰਾਏ ਨਹੀਂ ਹੈ ਪਰ ਸਰਕਾਰ ਕੋਰੋਨਾ ਦੇ ਨਾਮ 'ਤੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਕਿਨਾਰਾ ਕਰ ਰਹੀ ਹੈ ਅਤੇ ਲੌਕਡਾਊਨ ਨੂੰ ਇੱਕ ਬਹਾਨੇ ਵਜੋਂ ਇਸਤੇਮਾਲ ਕਰ ਰਹੀ ਹੈ।
ਉਗਰਾਹਾਂ ਨੇ ਸਵਾਲ ਚੁੱਕੇ ਕਿ ਕੀ ਕੋਰੋਨਾ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਨਹੀਂ ਹੈ ਅਤੇ ਸ਼ਨੀਵਾਰ-ਐਤਵਾਰ ਨੂੰ ਖ਼ਤਰਨਾਕ ਹੁੰਦਾ ਹੈ ਜੋ ਇਸ ਦਿਨ ਸਖ਼ਤੀ ਕੀਤੀ ਜਾਂਦੀ ਹੈ? ਪੰਜਾਬ ਵਿੱਚ ਫਗਵਾੜਾ ਵਿਖੇ ਪੁਲਿਸ ਮੁਲਾਜ਼ਮ ਦੇ ਵਤੀਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਪੁਲਿਸ ਉੱਪਰ ਵੀ ਸਵਾਲ ਚੁੱਕੇ।
ਉਗਰਾਹਾਂ ਨੇ ਕਿਹਾ ਕਿ ਸਰਕਾਰ ਲੌਕਡਾਊਨ ਰਾਹੀਂ ਮੋਰਚੇ ਨੂੰ ਫੇਲ ਕਰਨਾ ਚਾਹੁੰਦੀ ਹੈ ਪਰ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ।
ਦਿੱਲੀ-ਹਰਿਆਣਾ ਦੇ ਟਿਕਰੀ ਬਾਰਡਰ 'ਤੇ ਬੈਠੇ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਇੱਥੇ ਪੂਰੀ ਸਾਵਧਾਨੀ ਵਰਤ ਰਹੇ ਹਨ ਅਤੇ ਉਨ੍ਹਾਂ ਕੋਲ ਦਵਾਈਆਂ, ਸੈਨੇਟਾਇਜ਼ਰ ਅਤੇ ਹੋਰ ਲੋੜੀਂਦਾ ਸਮਾਨ ਮੌਜੂਦ ਹੈ।
ਦੱਸ ਦਈਏ ਕਿ ਉਗਰਾਹਾਂ ਆਪ ਵੀ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਗਏ ਸਨ।
ਅੰਤਰਰਾਸ਼ਟਰੀ ਅਤੇ ਰਾਸ਼ਟਰੀ ਸਿਹਤ ਮਾਹਿਰਾਂ ਵੱਲੋਂ ਵੀ ਲੌਕਡਾਊਨ ਦਾ ਸਮਰਥਨ ਕੀਤੇ ਜਾਣ 'ਤੇ ਉਗਰਾਹਾਂ ਨੇ ਕਿਹਾ ਕਿ ਦੂਜੇ ਦੇਸ਼ਾਂ ਵਿੱਚ ਇਹ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਂਦਾ ਹੋਵੇਗਾ। ਇੱਥੇ ਕੋਰੋਨਾ ਤੋਂ ਪਹਿਲਾਂ ਆਮ ਇਨਸਾਨ ਦੇ ਭੁੱਖ ਦਾ ਸ਼ਿਕਾਰ ਹੋਣ ਦੇ ਵਧੇਰੇ ਆਸਾਰ ਹੋਣਗੇ।
ਕਿਸਾਨਾਂ ਦੇ ਅੰਦੋਲਨ ਨੂੰ ਨੁਕਸਾਨ ਪਹੁੰਚਾਉਣ ਦਾ ਸਵਾਲ ਹੀ ਨਹੀਂ - ਕੈਪਟਨ ਅਮਰਿੰਦਰ ਸਿੰਘ
ਭਾਰਤ ਵਿੱਚ ਕਿਸਾਨਾਂ ਵੱਲੋਂ ਤਿੰਨ ਕੇਂਦਰੀ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਉਹ ਕਿਸਾਨ ਅੰਦੋਲਨ ਨੂੰ ਨੁਕਸਾਨ ਪਹੁੰਚਾਉਣ।
ਉਨ੍ਹਾਂ ਅੱਗੇ ਕਿਹਾ ਕਿਹਾ ਦਰਅਸਲ ਉਹ ਕੋਵਿਡ ਦੇ ਨਿਯਮਾਂ ਦੀ ਉਲੰਘਣਾ ਦੀ ਇਜਾਜ਼ਤ ਨਹੀਂ ਦਿੰਦੇ।
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ ਵੀਕਐਂਡ ਲੌਕਡਾਊਨ ਅਤੇ ਹੋਰ ਪਾਬੰਦੀਆਂ ਦੀ ਉਲੰਘਣਾ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ, ''ਜਾਨਾਂ ਦਾਅ ਉੱਤੇ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਬਚਾਉਣਾ ਸਾਡੀ ਪਹਿਲ ਹੈ ਅਤੇ ਇਹ ਹਰ ਪੰਜਾਬੀ ਦੀ ਜ਼ਿੰਮੇਵਾਰੀ ਵੀ ਹੈ।''
ਉਨ੍ਹਾਂ ਭਾਰਤੀ ਕਿਸਾਨ ਯੂਨੀਅਨ (ਏਕਤਾ, ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ, ਡਕੌਂਦਾ) ਦੇ ਆਗੂਆਂ ਨੂੰ ਅਪੀਲ ਕੀਤੀ ਕੀ ਉਨ੍ਹਾਂ ਦੇ ਬਿਆਨ ਨੂੰ ਤੋੜਿਆ ਨਾ ਜਾਵੇ। ਦਰਅਸਲ ਸੰਯੁਕਤ ਕਿਸਾਨ ਮੋਰਚਾ ਦੀ ਵੀਕਐਂਡ ਲੌਕਡਾਊਨ ਦੀ ਕਾਲ ਤੋਂ ਬਾਅਦ ਮੁੱਖ ਮੰਤਰੀ ਨੇ ਪੰਜਾਬ ਦੇ ਡੀਜੀਪੀ ਨੂੰ ਇਹ ਹੁਕਮ ਦਿੱਤੇ ਸਨ ਕਿ ਵੀਕਐਂਡ ਲੌਕਡਾਊਨ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ ਅਤੇ ਕਿਸੇ ਨੂੰ ਵੀ ਉਲੰਘਣਾ ਨਾ ਕਰਨ ਦਿੱਤੀ ਜਾਵੇ।
ਕੈਪਟਨ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਨਾਲ ਹਨ ਪਰ ਪਹਿਲ ਜਾਨਾਂ ਨੂੰ ਬਚਾਉਣ ਦੀ ਹੈ।
ਕਿਸਾਨਾਂ ਵੱਲੋਂ ਵੀਕਐਂਡ ਲੌਕਡਾਊਨ ਦਾ ਵਿਰੋਧ, ਪੰਜਾਬ 'ਚ ਕਈ ਥਾਈਂ ਦੁਕਾਨਾਂ ਖੁੱਲ੍ਹਵਾਉਣ ਦੀ ਹੋਈ ਕੋਸ਼ਿਸ਼
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਵਿੱਚ ਸ਼ਨੀਵਾਰ ਐਤਵਾਰ ਦੇ ਲੌਕਡਾਊਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਦੁਕਾਨਾਂ ਖੁੱਲ੍ਹਵਾਈਆਂ ਜਾ ਰਹੀਆਂ ਹਨ।
ਬੀਬੀਸੀ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਮਰਥਕਾਂ ਨੇ ਅੰਮ੍ਰਿਤਸਰ ਵਿੱਚ ਦੁਕਾਨਾਂ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੀ ਹੈ।
5 ਮਈ ਨੂੰ ਕਿਸਾਨ ਯੂਨੀਅਨਾਂ ਨੇ ਇੱਕ ਬਿਆਨ ਰਾਹੀਂ 8 ਮਈ ਨੂੰ ਸੂਬੇ ਭਰ ਵਿੱਚ ਕੋਰੋਨਾਵਾਇਰਸ ਨੂੰ ਠੱਲ੍ਹ ਪਾਉਣ ਲਈ ਲਾਈਆਂ ਗਈਆਂ ਪਾਬੰਦੀਆਂ ਦੇ ਖੁੱਲ੍ਹੇ ਵਿਰੋਧ ਦਾ ਐਲਾਨ ਕੀਤਾ ਗਿਆ ਸੀ।
ਤੇ ਕਿਹਾ ਗਿਆ ਸੀ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਅਤੇ ਲੋਕ ਵਿਰੋਧੀ ਫ਼ੈਸਲੇ ਲੈਣ ਲਈ ਲੌਕਡਾਊਨ ਲਗਾ ਰਹੀ ਹੈ।
ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਇਸ ਬਿਆਨ ਵਿੱਚ ਆਖਿਆ ਸੀ ਕਿ 10 ਮਈ ਅਤੇ 12 ਮਈ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ਰਾਹੀਂ ਪੰਜਾਬ ਤੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਣਗੇ।
ਇਸ ਦੇ ਨਾਲ ਹੀ ਕਿਸਾਨ ਆਗੂ ਸਤਨਾਮ ਸਿੰਘ ਅਜਨਾਲਾ ਦੇ ਬਿਆਨ ਅਨੁਸਾਰ ਸਰਕਾਰ ਕੋਰੋਨਾ ਦੀ ਆੜ ਵਿੱਚ ਕਾਰਪੋਰੇਟ ਵਰਗ ਨੂੰ ਫ਼ਾਇਦਾ ਦੇਣਾ ਚਾਹੁੰਦੀ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਇਹ ਸਾਫ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਲੌਕਡਾਊਨ ਦਾ ਵਿਰੋਧ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ ਲਿਆ ਗਿਆ ਹੈ ਅਤੇ ਇਹ ਫੈਸਲਾ ਸੰਯੁਕਤ ਕਿਸਾਨ ਮੋਰਚੇ ਦਾ ਨਹੀਂ ਹੈ।
ਮੁੱਖ ਮੰਤਰੀ ਨੇ ਆਖੀ ਸਖ਼ਤੀ ਕਰਨ ਦੀ ਗੱਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਡੀਜੀਪੀ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਲੌਕਡਾਊਨ ਦੇ ਵਿਰੋਧ ਪ੍ਰਦਰਸ਼ਨ ਖ਼ਿਲਾਫ਼ ਸਖ਼ਤੀ ਕਰਨ ਦੇ ਹੁਕਮ ਦਿੱਤੇ ਹਨ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ 32 ਕਿਸਾਨ ਜਥੇਬੰਦੀਆਂ ਸੂਬਾ ਸਰਕਾਰ ਉਪਰ ਸ਼ਰਤਾਂ ਨਹੀਂ ਥੋਪ ਸਕਦੀਆਂ।
ਜੇਕਰ ਲੋਕਾਂ ਦੀ ਉਲੰਘਣਾ ਕਰਕੇ ਕੋਈ ਵੀ ਦੁਕਾਨ ਖੋਲ੍ਹੀ ਗਈ ਤਾਂ ਦੁਕਾਨ ਮਾਲਕ ਉੱਪਰ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਬੰਦਿਸ਼ਾਂ ਦੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਕੋਵਿਡ ਸਬੰਧੀ ਉੱਚ ਪੱਧਰੀ ਵਰਚੁਅਲ ਬੈਠਕ ਕੀਤੀ।
ਜਿਸ ਵਿੱਚ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ, ਸਥਾਨਕ ਵਿਧਾਇਕਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਭਰੋਸੇ ਵਿੱਚ ਲੈਣ ਤੋਂ ਬਾਅਦ ਗੈਰਜ਼ਰੂਰੀ ਦੁਕਾਨਾਂ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਰੋਟੇਸ਼ਨ ਦੇ ਆਧਾਰ ਉੱਤੇ ਖੋਲ੍ਹਣ ਬਾਰੇ ਫ਼ੈਸਲਾ ਲੈਣ ਲਈ ਕਿਹਾ ਹੈ।
ਪੰਜਾਬ ਦੇ ਹੋਰ ਹਿੱਸਿਆਂ ਵਿੱਚ ਸਥਿਤੀ
ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਕੋਰੋਨਾਵਾਇਰਸ ਅੰਕੜਿਆਂ ਅਨੁਸਾਰ ਸੂਬੇ ਵਿੱਚ ਕੋਰੋਨਾਵਾਇਰਸ ਦੇ 8367 ਨਵੇਂ ਕੇਸ ਆਏ ਹਨ ਅਤੇ 165 ਲੋਕਾਂ ਦੀ ਜਾਨ ਗਈ ਹੈ। ਜਦਕਿ ਹੁਣ ਤੱਕ ਸੂਬੇ ਵਿੱਚ 42,4647 ਕੇਸ ਆਏ ਹਨ ਅਤੇ ਕੁੱਲ 10144 ਮੌਤਾਂ ਹੋ ਚੁੱਕੀਆਂ ਹਨ।
ਬੀਕੇਯੂ ਏਕਤਾ ਉਗਰਾਹਾਂ ਦੇ ਸੈਂਕੜੇ ਕਾਰਕੁਨਾਂ ਨੇ ਮੋਗਾ, ਭਗਵਾਨਪੁਰ, ਰਾਮਪੁਰਾਫੂਲ ਅਤੇ ਸਾਲਮਸਰ ਵਿੱਚ ਸੂਬਾ ਅਤੇ ਕੇਂਦਰ ਸਰਕਾਰਾਂ ਦੀਆਂ ਲੌਕਡਾਊਨ ਨੀਤੀਆਂ ਦਾ ਵਿਰੋਧ ਕੀਤਾ। ਮੋਗਾ ਵਿੱਚ ਜੁੜੇ ਇਕੱਠ ਨੂੰ ਸੁਖਦੇਵ ਸਿੰਘ ਕੋਕਰੀ ਨੇ ਸੰਬੋਧਨ ਕੀਤਾ।
ਕਿਸਾਨ ਜਥੇਬੰਦੀਆਂ ਨੇ ਬਾਜ਼ਾਰ ਖੋਲ੍ਹਣ ਲਈ ਬਰਨਾਲਾ ਦੇ ਬਜ਼ਾਰਾਂ ਵਿੱਚ ਪ੍ਰਚਾਰ ਕੀਤਾ ਅਤੇ ਰੇਲਵੇ ਸਟੇਸ਼ਨ 'ਤੇ ਹੋਈ ਸਾਰੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਈਆਂ।
ਵਪਾਰੀਆਂ ਨੇ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਤੇ ਵਪਾਰੀਆਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਅਤੇ ਪਹਿਲਾਂ ਵੀ ਕਿਸਾਨਾਂ ਨੇ ਵਪਾਰੀਆਂ ਦਾ ਸਾਥ ਦਿੱਤਾ ਹੈ।
ੳਨ੍ਹਾਂ ਕਿਹਾ ਕਿ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਦਾ ੳਹ ਵਿਰੋਧ ਕਰਨਗੇ ਪਰ ਕੋਰੋਨਾ ਕਰਕੇ ੳਹ ਸ਼ਨੀਵਾਰ ਅਤੇ ਐਤਵਾਰ ਦੇ ਲੌਕਡਾਊਨ ਦੀ ਪਾਲਣਾ ਕਰਨਗੇ।
ਇਹ ਵੀ ਪੜ੍ਹੋ: