You’re viewing a text-only version of this website that uses less data. View the main version of the website including all images and videos.
ਹਰਿਆਣਾ: ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਇਆ ਸਮਝੌਤਾ, ਪੁਲਿਸ ਅਤੇ ਕਿਸਾਨ ਹੋਏ ਇਨ੍ਹਾਂ ਗੱਲਾਂ ’ਤੇ ਸਹਿਮਤ
- ਲੇਖਕ, ਸਤ ਸਿੰਘ ਤੇ ਪ੍ਰਭੂ ਦਿਆਲ
- ਰੋਲ, ਬੀਬੀਸੀ ਪੰਜਾਬੀ ਲਈ
ਹਿਸਾਰ ਵਿੱਚ ਕਿਸਾਨਾਂ ਦੇ ਪੁਲਿਸ ਵਿਚਾਲੇ ਸਮਝੌਤਾ ਹੋ ਗਿਆ ਹੈ ਜਿਸ ਮਗਰੋਂ ਕਿਸਾਨਾਂ ਨੇ ਆਪਣੇ ਪ੍ਰਦਰਸ਼ਨ ਨੂੰ ਖ਼ਤਮ ਕਰ ਦਿੱਤਾ ਹੈ।
ਐਤਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜਦੋਂ ਇੱਕ ਕੋਵਿਡ ਸੈਂਟਰ ਦਾ ਉਦਘਾਟਨ ਕਰਨ ਹਿਸਾਰ ਪਹੁੰਚੇ ਤਾਂ ਕਿਸਾਨਾਂ ਨੇ ਉਨ੍ਹਾਂ ਨੂੰ ਦਾ ਵਿਰੋਧ ਕੀਤਾ ਅਤੇ ਘੇਰਨ ਦੀ ਕੋਸ਼ਿਸ਼ ਕੀਤੀ।
ਪੁਲਿਸ ਨੇ ਭੀੜ ਖਿੰਡਾਉਣ ਲਈ ਮੁਜ਼ਾਹਰਾਕਾਰੀ ਕਿਸਾਨਾਂ ਉੱਪਰ ਅੱਥਰੂ ਗੈਸ ਦੀ ਵਰਤੋਂ ਕੀਤੀ ਅਤੇ ਲਾਠੀਚਾਰਜ ਵੀ ਕੀਤਾ ਸੀ।
ਇਹ ਵੀ ਪੜ੍ਹੋ:
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, "ਕਿਸਾਨਾਂ ਤੇ ਪੁਲਿਸ ਵਿਚਾਲੇ ਸਮਝੌਤਾ ਹੋ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਹਿਰਾਸਤ ਵਿੱਚ ਲਏ ਕਰੀਬ 85 ਕਿਸਾਨਾਂ ਨੂੰ ਛੱਡ ਦੇਣਗੇ ਤੇ ਜ਼ਬਤ ਕੀਤੀਆਂ ਗੱਡੀਆਂ ਨੂੰ ਵੀ ਛੱਡਿਆ ਜਾਵੇਗਾ।"
"ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਸੋਮਵਾਰ ਨੂੰ ਪੁਲਿਸ ਥਾਣਿਆਂ ਦੇ ਘਿਰਾਓ ਦੇ ਪ੍ਰੋਗਰਾਮ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।"
ਕਿਸਾਨਾਂ ਨੇ ਪ੍ਰਸ਼ਾਸਨ ਵੱਲੋਂ ਲਾਈਆਂ ਰੋਕਾਂ ਉਲੰਘਣਾ ਕੇ ਮੁੱਖ ਮੰਤਰੀ ਤੱਕ ਜਾਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਦੇ ਅੱਗੇ ਵਧਣ ਤੋਂ ਪਹਿਲਾਂ ਹੀ ਮਨੋਹਰ ਲਾਲ ਆਪਣਾ ਕਾਰਜ ਕਰ ਕੇ ਉੱਥੋਂ ਚਲੇ ਜਾਣ ਵਿੱਚ ਸਫ਼ਲ ਰਹੇ।
ਕਿਸਾਨ ਨੇ ਪਿਛਲੇ ਸਾਲ ਦੇ ਨਵੰਬਰ ਮਹੀਨੇ ਤੋਂ ਇਹ ਐਲਾਨ ਕੀਤਾ ਹੈ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਦੇ ਜਨਤਕ ਪ੍ਰੋਗਰਾਮਾਂ ਦਾ ਵਿਰੋਧ ਕਰਨਗੇ, ਜਦੋਂ ਤੱਕ ਕਿ ਕੇਂਦਰ ਸਰਕਾਰ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ।
ਕੇਂਦਰ ਸਰਕਾਰ ਅਤੇ ਕਿਸਾਨ 32 ਕਿਸਾਨ ਸੰਗਠਨਾਂ ਦੀਆਂ ਇਸ ਸਬੰਧ ਵਿੱਚ ਗਿਆਰਾਂ ਬੈਠਕਾਂ ਹੋ ਚੁੱਕੀਆਂ ਹਨ ਪਰ ਕੋਈ ਨਤੀਜਾ ਇਸ ਪਾਸੇ ਨਹੀਂ ਨਿਕਲ ਸਕਿਆ ਹੈ।
ਹਿਸਾਰ ਨੈਸ਼ਨਲ ਹਾਈਵੇ ਉੱਪਰ ਧਰਨਾ ਦੇ ਰਹੇ ਕਿਸਾਨਾਂ ਵਿੱਚੋਂ ਇੱਕ ਨੇ ਦੱਸਿਆ ਕਿ ਕਿਸਾਨ ਸ਼ਾਂਤਮਈ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਨੇ ਕਿਸੇ ਨੂੰ ਆਉਣ-ਜਾਣ ਤੋਂ ਨਹੀਂ ਰੋਕਿਆ। ਫਿਰ ਵੀ ਉਨ੍ਹਾਂ ਉੱਪਰ ਪੁਲਿਸ ਨੇ ਸ਼ਕਤੀ ਦੀ ਵਰਤੋਂ ਕੀਤੀ। ਇਸ ਦਾ ਮਤਲਬ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਅੰਦੋਲਨ ਹਿੰਸਕ ਰੂਪ ਧਾਰਣ ਕਰੇ।
ਇਸ ਤੋਂ ਪਹਿਲਾਂ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਇਸ ਸਬੰਧ ਵਿੱਚ ਦੋ ਘੰਟਿਆਂ ਲਈ ਹੀ ਪੂਰੇ ਹਰਿਆਣਾ ਦੇ ਹਾਈਵੇ ਰੋਕੇ ਜਾਣ ਦੀ ਗੱਲ ਕਹੀ ਸੀ।
ਗ੍ਰਿਫ਼ਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਰਿਹਾਅ ਨਾ ਕੀਤੇ ਜਾਣ ਦੀ ਸੂਰ ਵਿੱਚ ਹਿਸਾਰ ਦੇ ਆਈਜੀ ਦੀ ਰਿਹਾਇਸ਼ ਨੂੰ ਘੇਰਨਾ ਸੀ।
ਉਨ੍ਹਾਂ ਦਾ ਕਹਿਣਾ ਸੀ ਕਿ ਜੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੂਰੇ ਹਰਿਆਣਾ ਦੇ ਥਾਣਿਆਂ ਦਾ ਘਿਰਾਓ ਕਰਨ ਦੀ ਚੇਤਾਵਨੀ ਦਿੱਤੀ ਸੀ
ਲਾਠੀਚਾਰਜ ਦੀ ਘਟਨਾ ਦੇ ਵਿਰੋਧ ਵਿੱਚ ਐਤਵਾਰ ਨੂੰ ਰੋਹਤਕ ਵਿਚਲੇ ਨੈਸ਼ਨਲ ਹਾਈਵੇ-9 ਦੇ ਟੋਲ ਪਲਾਜ਼ਾ ਨੂੰ ਕਿਸਾਨਾਂ ਵੱਲੋਂ ਬੰਦ ਰੱਖਿਆ ਗਿਆ। ਉਨ੍ਹਾਂ ਨੇ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਅਤੇ ਡੰਡਾ ਚਲਾਉਣ ਵਾਲੇ ਅਫ਼ਸਰਾਂ 'ਤੇ ਕਾਰਵਾਈ ਦੀ ਮੰਗ ਕੀਤੀ।
ਇਹ ਵੀ ਪੜ੍ਹੋ: