ਕੋਟਕਪੂਰਾ ਗੋਲੀਕਾਂਡ ’ਚ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਕੀਤੇ ਜਾਣ ਦਾ ਅਕਾਲੀ ਦਲ ਨੂੰ ਕੀ ਨਫ਼ਾ-ਨੁਕਸਾਨ

ਤਸਵੀਰ ਸਰੋਤ, SAD
- ਲੇਖਕ, ਸਰਬਜੀਤ ਸਿੰਘ ਧਾਲੀਵਾਲ
- ਰੋਲ, ਬੀਬੀਸੀ ਪੱਤਰਕਾਰ
ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਬਣੀ ਐੱਸਆਈਟੀ ਨੇ ਸੰਮਨ ਕੀਤਾ ਹੈ।
ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਕਰਨ ਦੀ ਪੁਸ਼ਟੀ ਖ਼ਬਰ ਏਜੰਸੀ ਪੀਟੀਆਈ ਤੇ ਏਐੱਨਆਈ ਨੇ ਕੀਤੀ ਹੈ।
ਖ਼ਬਰ ਏਜੰਸੀ ਪੀਟੀਆਈ ਨੇ ਸੰਮਨ ਦਾ ਹਵਾਲਾ ਦਿੰਦਿਆਂ ਕਿਹਾ ਹੈ, “ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਮੁਹਾਲੀ ਸਥਿਤ ਪਾਵਰ ਕਾਰਪੋਰੇਸ਼ਨ ਦੇ ਰੈਸਟ ਹਾਊਸ ਵਿਖੇ ਸਵੇਰੇ 10:30 ਵਜੇ ਪੁੱਛਗਿੱਛ ਲਈ ਜ਼ਰੂਰੀ ਰਿਕਾਰਡ ਨਾਲ ਪਹੁੰਚਣ।”
ਸੰਮਨ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲ ਦਲ ਦੇ ਪ੍ਰਿੰਸੀਪਲ ਐਡਵਾਇਜ਼ਰ ਹਰਚਰਨ ਬੈਂਸ ਨੇ ਕਿਹਾ, “ਅਸੀਂ ਐੱਸਆਈਟੀ ਨਾਲ ਪੂਰਾ ਸਹਿਯੋਗ ਕਰਾਂਗੇ।”
ਇਹ ਵੀ ਪੜ੍ਹੋ:
ਕਿਸ ਮਾਮਲੇ ਵਿੱਚ ਆਏ ਸੰਮਨ?
ਪੰਜਾਬ 'ਚ ਬੇਅਦਬੀ ਦੀ ਜਾਂਚ ਕਰ ਰਹੀ ਐਸ ਆਈ ਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਕੇਸ ਦੇ ਮਾਮਲੇ ਵਿੱਚ ਤਾਜ਼ਾ ਸੰਮਨ ਕੀਤੇ ਹਨ।
ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਪੁਰਾਣੀ ਐਸ ਆਈ ਟੀ ਦੀ ਰਿਪੋਰਟ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਿੱਚ ਨਵੀਂ ਐਸ ਆਈ ਟੀ ਦਾ ਗਠਨ ਪਿਛਲੇ ਦਿਨੀਂ ਕੀਤਾ ਗਿਆ ਸੀ।
ਇਸ ਜਾਂਚ ਟੀਮ ਵਿੱਚ ਲੁਧਿਆਣਾ ਪੁਲਿਸ ਦੇ ਕਮਿਸ਼ਨਰ ਰਾਕੇਸ਼ ਅਗਰਵਾਲ ਅਤੇ ਫ਼ਰੀਦਕੋਟ ਰੇਂਜ ਦੇ ਡੀਆਈਜੀ ਸੁਰਜੀਤ ਸਿੰਘ ਵੀ ਸ਼ਾਮਲ ਹਨ।
ਨਵੀਂ ਐੱਸਆਈਟੀ ਅਕਤੂਬਰ 14, 2015 ਤੇ ਅਕਤੂਬਰ 15, 2015 ਦੀਆਂ ਦੋ ਐਫਆਈਆਰਜ਼ ਦੀ ਜਾਂਚ ਕਰ ਰਹੀ ਹੈ।
ਯਾਦ ਰਹੇ ਕਿ ਇਸ ਸਾਲ ਪੰਜਾਬ-ਹਰਿਆਣਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤੰਬਰ 2018 ਵਿਚ ਗਠਿਤ ਕੀਤੀ ਗਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸ ਆਈ ਟੀ ਦੀ 14 ਅਕਤੂਬਰ 2015 ਦੀ ਘਟਨਾ ਦੀ ਜਾਂਚ ਰਿਪੋਰਟ ਨੂੰ ਖ਼ਾਰਜ ਕਰ ਕੇ ਨਵੀਂ ਐਸ ਆਈ ਟੀ ਦੇ ਗਠਨ ਦਾ ਆਦੇਸ਼ ਦਿੱਤਾ ਸੀ।
ਇਸ ਮਾਮਲੇ ਵਿਚ ਕੁੰਵਰ ਵਿਜੇ ਪ੍ਰਤਾਪ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿੱਛ ਕਰ ਚੁੱਕੇ ਸਨ। ਨਵੰਬਰ 2018 ਵਿੱਚ ਉਸ ਸਮੇਂ ਕਾਫ਼ੀ ਡਰਾਮਾ ਹੋਇਆ ਸੀ ਜਦੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਤੋਂ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਵਿਚ ਪੁੱਛਗਿੱਛ ਲਈ ਆਏ ਸਨ।
ਪੁੱਛਗਿੱਛ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੇ ਆਖਿਆ ਸੀ ਕਿ ਇਹ ਐਸ ਆਈ ਟੀ ਉਨ੍ਹਾਂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਰਾਜਨੀਤਿਕ ਤੌਰ ਉੱਤੇ ਬਦਨਾਮ ਕਰਨ ਦਾ ਕੰਮ ਕਰ ਰਹੀ ਹੈ।
ਕੀ ਹੈ ਸਿਆਸੀ ਪ੍ਰਤੀਕਰਮ?
ਅਕਾਲੀ ਦਲ ਇਸ ਨੂੰ ਸਿਆਸਤ ਨਾਲ ਜੋੜ ਕੇ ਦੇਖ ਰਿਹਾ ਹੈ ਜਦਕਿ ਦੂਜੇ ਪਾਸੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਇਸ ਨੂੰ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣਾ ਕਰਾਰ ਦੇ ਰਹੇ ਹਨ।
ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੂਰੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।
ਉਨ੍ਹਾਂ ਆਖਿਆ ਕਿ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੇ ਗਠਜੋੜ ਤੋਂ ਕਾਂਗਰਸ ਪਾਰਟੀ ਕਾਫ਼ੀ ਪਰੇਸ਼ਾਨ ਸੀ ਅਤੇ ਉਸ ਨੂੰ ਆਪਣੀ ਸਿਆਸੀ ਜ਼ਮੀਨ ਖਿਸਕਦੀ ਦਿੱਖ ਰਹੀ ਸੀ, ਇਸ ਕਰ ਕੇ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਉਨ੍ਹਾਂ ਆਖਿਆ ਕਿ ਹਾਈ ਕੋਰਟ ਦਾ ਆਦੇਸ਼ ਸੀ ਕਿ ਪੂਰੇ ਮਾਮਲੇ ਨੂੰ ਮੀਡੀਆ ਤੋਂ ਦੂਰ ਰੱਖਿਆ ਜਾਵੇ ਅਤੇ ਜੇਕਰ ਸੰਮਨ ਦੀ ਕਾਪੀ ਮੀਡੀਆ ਵਿੱਚ ਘੁੰਮ ਰਹੀ ਹੈ ਤਾਂ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸ ਇਸ ਮਾਮਲੇ ਵਿਚ ਕਿੰਨੀ ਗੰਭੀਰ ਹੈ।
ਉਨ੍ਹਾਂ ਆਖਿਆ ਕਿ ਪਿਛਲੀ ਵਾਰ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੁੰਵਰ ਵਿਜੇ ਪ੍ਰਤਾਪ ਵਾਲੀ ਐਸ ਆਈ ਟੀ ਨੂੰ ਸਹਿਯੋਗ ਦਿੱਤਾ ਸੀ।

ਤਸਵੀਰ ਸਰੋਤ, Getty Images
ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਖਿਆ ਕਿ ਜਿਸ ਸਮੇਂ ਘਟਨਾਵਾਂ ਵਾਪਰੀਆਂ ਸਨ, ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਦੇ ਅਹੁਦੇ ਉੱਤੇ ਸਨ ਅਤੇ ਉਹ ਪੁੱਛਗਿੱਛ ਦੌਰਾਨ ਆਪਣਾ ਪੂਰਾ ਸਹਿਯੋਗ ਦੇਣਗੇ।
ਵਿਰਸਾ ਸਿੰਘ ਵਲਟੋਹਾ ਮੁਤਾਬਕ 2018 ਵਿਚ ਸਾਬਕਾ ਮੁੱਖ ਮੰਤਰੀ ਨੇ ਐਸ ਆਈ ਟੀ ਨੂੰ ਪੂਰਾ ਸਹਿਯੋਗ ਦਿੱਤਾ ਸੀ। ਉਨ੍ਹਾਂ ਆਖਿਆ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੈਪਟਨ ਸਰਕਾਰ ਦਾ ਮੋਹਰਾ ਬਣ ਕੇ ਪਹਿਲੀ ਐਸ ਆਈ ਟੀ ਵਿੱਚ ਨਿਰਪੱਖ ਕੰਮ ਕਰਨ ਦੀ ਥਾਂ ਸਿਆਸਤ ਦੇ ਉਦੇਸ਼ ਨਾਲ ਕੰਮ ਕੀਤਾ ਸੀ ਜਿਸ ਨੂੰ ਪੰਜਾਬ-ਹਰਿਆਣਾ ਕੋਰਟ ਨੇ ਖ਼ਾਰਜ ਕਰ ਦਿੱਤਾ।
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜੇ ਜਾਣ ਨੂੰ ਕੋਟਕਪੂਰਾ ਫਾਇਰਿੰਗ ਕਾਂਡ ਦੀ ਜਾਂਚ ਵੱਲ ਪਹਿਲਾ ਸਹੀ ਕਦਮ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਇਸ ਵੇਲੇ ਦੀ ਲੋੜ ਇਹ ਹੈ ਕਿ ਇਸ ਕਾਂਡ ਬਾਰੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ।

ਤਸਵੀਰ ਸਰੋਤ, SAD
ਸੁਖਦੇਵ ਸਿੰਘ ਢੀਂਡਸਾ ਦੀ ਰਾਇ
ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨਵੀਂ ਜਾਂਚ ਟੀਮ ਦੀ ਇਸ ਕਾਰਵਾਈ ਨੂੰ ਲੋਕਾਂ ਦੇ ਅੱਖਾਂ ਵਿਚ ਘੱਟਾ ਪਾਉਣਾ ਕਰਾਰ ਦਿੱਤਾ ਹੈ।
ਢੀਂਡਸਾ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਪਹਿਲਾਂ ਬਣੀ ਐਸ ਆਈ ਟੀ ਤੋਂ ਲੋਕਾਂ ਨੂੰ ਕੁਝ ਉਮੀਦਾਂ ਸਨ ਕਿਉਂਕਿ ਉਹ ਬਹੁਤ ਹੀ ਗੰਭੀਰ ਹੋ ਕੇ ਇਸ ਮਾਮਲੇ ਦੀ ਜਾਂਚ ਕਰ ਰਹੇ ਸਨ, ਉਸ ਨੂੰ ਹਟਾ ਦਿੱਤਾ ਗਿਆ।
ਉਨ੍ਹਾਂ ਆਖਿਆ ਕਿ ਇਹ ਮਾਮਲਾ ਕਾਫ਼ੀ ਸਮੇਂ ਤੋਂ ਲਟਕਦਾ ਆ ਰਿਹਾ ਹੈ, ਨਾ ਤਾਂ ਬਾਦਲ ਸਰਕਾਰ ਨੇ ਕੁਝ ਕੀਤਾ ਅਤੇ ਨਾ ਹੀ ਕੈਪਟਨ ਸਰਕਾਰ ਕੁਝ ਕਰ ਰਹੀ ਹੈ।

ਤਸਵੀਰ ਸਰੋਤ, BBC/Sukcharan Preet
ਉਨ੍ਹਾਂ ਆਖਿਆ ਕਿ ਜਿਹੜੇ ਵਿਅਕਤੀਆਂ ਦੀ ਇਸ ਮਾਮਲੇ ਵਿੱਚ ਗ੍ਰਿਫਤਾਰੀ ਹੋਈ ਹੈ, ਉਹ ਪਹਿਲਾਂ ਹੀ ਗ੍ਰਿਫਤਾਰ ਕੀਤੇ ਗਏ ਸਨ। ਸਾਡੀ ਪਾਰਟੀ ਪਹਿਲਾਂ ਹੀ ਨਵੀਂ ਐਸ ਆਈ ਟੀ ਨੂੰ ਖ਼ਾਰਜ ਕਰ ਚੁੱਕੀ ਹੈ।
ਮਾਹਿਰਾਂ ਦੀ ਰਾਇ
ਐਸ ਆਈ ਟੀ ਵੱਲੋਂ ਸਾਬਕਾ ਮੁੱਖ ਮੰਤਰੀ ਨੂੰ ਸੰਮਨ ਕੀਤੇ ਜਾਣਾ ਅਤੇ ਇਸ ਦੇ ਰਾਜਨੀਤਿਕ ਅਸਰ ਬਾਰੇ ਬੀਬੀਸੀ ਪੰਜਾਬੀ ਨੇ ਪੰਜਾਬ ਯੂਨੀਵਰਸਿਟੀ ਦੇ ਰਾਜਨੀਤਿਕ ਵਿਭਾਗ ਦੇ ਪ੍ਰੋਫ਼ੈਸਰ ਮੁਹੰਮਦ ਖ਼ਾਲਿਦ ਨਾਲ ਗੱਲਬਾਤ ਕੀਤੀ।
ਪ੍ਰੋਫ਼ੈਸਰ ਖ਼ਾਲਿਦ ਨੇ ਕਿਹਾ, “ਇਸ ਘਟਨਾ ਦਾ ਬਾਦਲ ਪਰਿਵਾਰ ਜਾਂ ਅਕਾਲੀ ਦਲ ਨੂੰ ਕੋਈ ਜ਼ਿਆਦਾ ਫ਼ਰਕ ਨਹੀਂ ਪੈਣਾ ਕਿਉਂਕਿ ਬਾਦਲ ਸਾਹਿਬ ਪਹਿਲਾਂ ਹੀ ਐਸ ਆਈ ਟੀ ਦੇ ਕੋਲ ਆਪਣਾ ਪੱਖ ਰੱਖ ਚੁੱਕੇ ਹਨ।”

ਉਨ੍ਹਾਂ ਮੁਤਾਬਕ ਇਸ ਦਾ ਨੁਕਸਾਨ ਸ੍ਰੋਮਣੀ ਅਕਾਲੀ ਦਲ ਦੀ ਥਾਂ ਕਾਂਗਰਸ ਨੂੰ ਹੋ ਰਿਹਾ ਹੈ ਕਿਉਂਕਿ ਉਹ ਇਸ ਮਸਲੇ ਉੱਤੇ ਅਜੇ ਤੱਕ ਕੁਝ ਕਰ ਨਹੀਂ ਸਕੀ।
ਉਨ੍ਹਾਂ ਆਖਿਆ ਕਿ ਕਾਂਗਰਸ ਅੰਦਰ ਮੌਜੂਦਾ ਦੌਰ ਵਿੱਚ ਜੋ ਕੁਝ ਹੋ ਰਿਹਾ ਹੈ, ਉਸ ਦਾ ਇੱਕ ਕਾਰਨ ਬੇਅਦਬੀ ਦੇ ਮਾਮਲੇ ਉੱਤੇ ਠੋਸ ਕਾਰਵਾਈ ਨਾ ਕੀਤਾ ਜਾਣਾ ਵੀ ਹੈ। ਜਿਸ ਦੀ ਉਦਾਹਰਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਹਨ ਜੋ ਇਸ ਮਸਲੇ ਉੱਤੇ ਆਪਣੀ ਹੀ ਪਾਰਟੀ ਨੂੰ ਘੇਰ ਰਹੇ ਹਨ।
ਪ੍ਰੋਫ਼ੈਸਰ ਖ਼ਾਲਿਦ ਮੁਤਾਬਕ ਜੇਕਰ ਇਸ ਵਾਰ ਫਿਰ ਤੋਂ ਸਾਬਕਾ ਮੁੱਖ ਮੰਤਰੀ ਐਸ ਆਈ ਟੀ ਦੇ ਸਾਹਮਣੇ ਪੇਸ਼ ਹੋ ਵੀ ਜਾਂਦੇ ਹਨ ਤਾਂ ਇਸ ਦੇ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਣਾ।
ਪ੍ਰੋਫ਼ੈਸਰ ਖ਼ਾਲਿਦ ਮੁਤਾਬਕ ਇਸ ਮੁੱਦੇ ਉੱਤੇ ਨੈਤਿਕ ਤੌਰ ਉੱਤੇ ਸ੍ਰੋਮਣੀ ਅਕਾਲੀ ਦਲ ਦਾ ਹੱਥ ਇਸ ਸਮੇਂ ਕਾਂਗਰਸ ਦੇ ਮੁਕਾਬਲੇ ਉੱਪਰ ਹੈ।
ਉਨ੍ਹਾਂ ਮੁਤਾਬਕ ਲੋਕਾਂ ਦੀ ਨਜ਼ਰ ਵਿਚ ਉਨ੍ਹਾਂ ਪ੍ਰਤੀ ਅਜੇ ਗ਼ੁੱਸਾ ਹੈ ਕਿਉਂਕਿ ਇਨ੍ਹਾਂ ਦੇ ਰਾਜ ਸਮੇਂ ਕੋਟਕਪੂਰਾ ਅਤੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












