You’re viewing a text-only version of this website that uses less data. View the main version of the website including all images and videos.
ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਬਾਰੇ ਪਰਗਟ ਸਿੰਘ ਕੀ ਰਾਇ ਰੱਖਦੇ ਹਨ
ਸ਼ਨੀਵਾਰ (17 ਜੁਲਾਈ) ਦੀ ਸਵੇਰ ਤੋਂ ਹੀ ਪੰਜਾਬ ਕਾਂਗਰਸ ਵਿੱਚ ਸਿਆਸੀ ਹਲਚਲ ਤੇਜ਼ ਰਹੀ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਦੇ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੇ ਨਾਲ ਹੀ ਸ਼ਾਮ ਨੂੰ ਕੈਪਟਨ ਅਮਰਿੰਦਰ ਨੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਸ਼ਨੀਵਾਰ ਸਵੇਰੇ ਦਿੱਲੀ ਤੋਂ ਚੌਪਰ ਰਾਹੀਂ ਚੰਡੀਗੜ੍ਹ ਪਹੁੰਚੇ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਘਰ ਵਿੱਚ ਮੁਲਾਕਾਤ ਕੀਤੀ।
ਦੂਜੇ ਪਾਸੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਪਟਿਆਲਾ ਤੋਂ ਚੰਡੀਗੜ੍ਹ ਪੁੱਜੇ ਅਤੇ ਸੂਬੇ ਦੇ ਕਈ ਕਾਂਗਰਸੀ ਆਗੂਆਂ ਨਾਲ ਬੈਠਕ ਕੀਤੀ।
ਪੰਜਾਬ ਕਾਂਗਰਸ ਵਿੱਚ ਇਸ ਵੇਲੇ ਪ੍ਰਧਾਨਗੀ ਦੇ ਅਹੁਦੇ ਬਾਰੇ ਰੇੜਕਾ ਬਣਿਆ ਰਿਹਾ। ਇਸ ਅਹੁਦੇ ਲਈ ਨਵਜੋਤ ਸਿੱਧੂ ਦੇ ਨਾਮ ਬਾਰੇ ਕਾਫੀ ਚਰਚਾ ਹੋ ਰਹੀ ਹੈ।
ਇਹ ਵੀ ਪੜ੍ਹੋ-
ਸ਼ੁੱਕਰਵਾਰ ਨੂੰ ਤਾਂ ਸਿੱਧੂ ਦੇ ਸਮਰਥਕਾਂ ਨੇ ਜਸ਼ਨ ਵੀ ਮਨਾਉਣਾ ਸ਼ੁਰੂ ਕਰ ਦਿੱਤਾ ਸੀ ਪਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪ੍ਰਧਾਨਗੀ ਬਾਰੇ ਕੋਈ ਐਲਾਨ ਨਹੀਂ ਹੋਇਆ ਸੀ।
ਸ਼ੁੱਕਰਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ।
ਸਿੱਧੂ ਨੂੰ ਪੰਜਾਬ ਕਾਂਗਰਸ ਵਿੱਚ ਅਹਿਮ ਜ਼ਿੰਮੇਵਾਰੀ ਮਿਲਣ ਦੀਆਂ ਕਿਆਸਰਾਈਆਂ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਚਿੱਠੀ ਵੀ ਲਿਖੀ ਸੀ।
ਕੈਪਟਨ ਅਮਰਿੰਦਰ ਦੀ ਬਾਜਵਾ ਨਾਲ ਮੁਲਾਕਾਤ
ਕੈਪਟਨ ਅਮਰਿੰਦਰ ਨੇ ਸ਼ਾਮ ਨੂੰ ਆਪਣੇ ਘਰ ਵਿੱਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਪੰਜਾਬ ਵਿਧਾਨ ਸਭਾ ਦੇ ਸਪੀਕਾਰ ਰਾਣਾ ਕੇਪੀ ਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਵਿੱਚ ਕੀ ਚਰਚਾ ਹੋਈ ਇਸ ਬਾਰੇ ਤਾਂ ਜਾਣਕਾਰੀ ਨਹੀਂ ਹੈ ਪਰ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ।
ਪਰਗਟ ਸਿੰਘ ਕੀ ਕਹਿੰਦੇ?
ਖ਼ਬਰ ਏਜੰਸੀ ਨੇ ਪਾਰਟੀ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਸਿੱਧੂ ਨਾਲ 4 ਕਾਰਜਕਾਰੀ ਪ੍ਰਧਾਨ ਵੀ ਬਣਾਏ ਜਾ ਸਕਦੇ ਹਨ।
ਏਐਨਆਈ ਨਾਲ ਗੱਲ ਕਰਦਿਆਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ, ''ਮੇਰਾ ਖ਼ਿਆਲ ਹੈ ਕਿ ਹਾਲਾਤ ਚੰਗੇ ਹਨ। ਉਹ ਮੇਰੇ ਦੋਸਤ ਹਨ। ਇਹ ਤਾਂ ਉਨ੍ਹਾਂ ਨੂੰ ਵੀ ਨਹੀਂ ਪਤਾ ਕਿ ਐਲਾਨ ਕਦੋਂ ਹੋਵੇਗਾ।''
ਕੈਪਟਨ-ਸਿੱਧੂ ਦੀ ਲੜਾਈ ਦੀ ਪਿਛੋਕੜ
ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਬੀਤੇ ਸਾਲਾਂ ਵਿੱਚ ਟਕਰਾਰ ਵਿੱਚ ਕਾਫੀ ਵਾਧਾ ਹੋਇਆ ਹੈ। ਜਦੋਂ ਨਵਜੋਤ ਸਿੰਘ ਸਿੱਧੂ ਕੈਬਨਿਟ ਵਿੱਚ ਸੀ ਤਾਂ ਉਨ੍ਹਾਂ ਨੇ ਤਲਖ ਬਿਆਨਬਾਜ਼ੀ ਰਾਹੀਂ ਕੈਪਟਨ ਅਮਰਿੰਦਰ ਉੱਤੇ ਨਿਸ਼ਾਨੇ ਲਗਾਏ ਸਨ।
2019 ਦੀਆਂ ਲੋਕ ਸਭਾ ਚੋਣਾਂ ਮਗਰੋਂ ਕੈਪਟਨ ਅਮਰਿੰਦਰ ਨੇ ਉਨ੍ਹਾਂ ਦਾ ਮੰਤਰਾਲਾ ਬਦਲ ਦਿੱਤਾ ਸੀ। ਨਵਜੋਤ ਸਿੰਘ ਨੂੰ ਬਿਜਲੀ ਮੰਤਰੀ ਦਾ ਅਹੁਦਾ ਦਿੱਤਾ ਗਿਆ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਨਹੀਂ ਕੀਤਾ ਅਤੇ ਕੈਬਨਿਟ ਤੋਂ ਅਸਤੀਫਾ ਦਿੱਤਾ ਸੀ।
ਉਸ ਮਗਰੋਂ ਨਵਜੋਤ ਸਿੱਧੂ ਦੀ ਸਿਆਸੀ ਸਰਗਰਮੀ ਜ਼ਿਆਦਾ ਨਜ਼ਰ ਨਹੀਂ ਆਈ ਸੀ।
ਬੀਤੇ ਕੁਝ ਵਕਤ ਤੋਂ ਨਵਜੋਤ ਸਿੱਧੂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਹੋਰ ਮੁੱਦਿਆਂ 'ਤੇ ਕੈਪਟਨ ਸਰਕਾਰ ਨੂੰ ਘੇਰਨਾ ਸ਼ੁਰੂ ਕੀਤਾ।
ਉਨ੍ਹਾਂ ਨੇ ਇਲਜ਼ਾਮ ਲਗਾਏ ਕਿ ਕੈਪਟਨ ਸਰਕਾਰ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਬਾਰੇ ਤਹਿਦਿਲੀ ਨਾਲ ਕੰਮ ਨਹੀਂ ਕੀਤਾ ਗਿਆ।
ਕੈਪਟਨ ਅਮਰਿੰਦਰ ਨੇ ਵੀ ਪਲਟਵਾਰ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਖਿਲਾਫ਼ ਚੋਣ ਲੜਨਾ ਚਾਹੁੰਦੇ ਹਨ।
ਪਾਰਟੀ ਦੀ ਅੰਦਰੂਨੀ ਲੜਾਈ ਨੂੰ ਖ਼ਤਮ ਕਰਨ ਲਈ ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਸੀ ਜਿਸ ਨੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰਕੇ ਆਪਣੀ ਰਿਪੋਰਟ ਕੌਮੀ ਲੀਡਰਸ਼ਿਪ ਨੂੰ ਸੌਂਪੀ ਸੀ।
ਉਸ ਵਕਤ ਤੋਂ ਹੀ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਪਾਰਟੀ ਸਿੱਧੂ ਦੀ ਨਰਾਜ਼ਗੀ ਦੂਰ ਕਰਨ ਲਈ ਉਨ੍ਹਾਂ ਨੂੰ ਪੰਜਾਬ ਵਿੱਚ ਪਾਰਟੀ ਦਾ ਪ੍ਰਧਾਨ ਬਣਾ ਸਕਦੀ ਹੈ।
ਜਾਖੜ ਤੋਂ ਮਾਰਗਦਰਸ਼ਨ ਦੀ ਲੋੜ - ਸਿੱਧੂ
ਸਰਗਰਮੀ ਨੂੰ ਤੇਜ਼ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ।
ਮੁਲਾਕਾਤ ਤੋਂ ਬਾਅਦ ਸਿੱਧੂ ਨੇ ਮੀਡੀਆ ਨੂੰ ਕਿਹਾ ਕਿ ਜਾਖੜ ਉਨ੍ਹਾਂ ਦੇ ਵੱਡੇ ਭਰਾ ਵਰਗੇ ਹਨ ਅਤੇ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ।
ਸੁਨੀਲ ਜਾਖੜ ਨੇ ਕਿਹਾ, "ਅਸੀਂ ਇਕੱਠੇ ਪਾਰਟੀ ਦੇ ਨਾਲ ਹਾਂ ਅਤੇ ਸਿੱਧੂ ਯੋਗ ਇਨਸਾਨ ਹਨ ਉਨ੍ਹਾਂ ਨੂੰ ਮਾਰਗਦਰਸ਼ਨ ਦੀ ਲੋੜ ਨਹੀਂ ਹੈ।"
ਇੱਥੇ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸੁਨੀਲ ਜਾਖੜ ਦੇ ਪ੍ਰਧਾਨ ਬਣੇ ਰਹਿਣ ਦੇ ਹਮਾਇਤੀ ਵਜੋਂ ਨਜ਼ਰ ਆਏ ਹਨ ਜਿਸ ਪਿੱਛੇ ਪਾਰਟੀ ਵਿੱਚ ਹਿੰਦੂ ਲੀਡਰਸ਼ਿਪ ਨੂੰ ਬਣਦਾ ਸਥਾਨ ਦੇਣ ਦਾ ਤਰਕ ਦਿੱਤਾ ਜਾਂਦਾ ਹੈ।
ਸੁਨੀਲ ਜਾਖੜ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਰਾਜਾ ਵੜਿੰਗ, ਕੁਲਬੀਰ ਸਿੰਘ ਜ਼ੀਰਾ, ਦਵਿੰਦਰ ਘੁਬਾਇਆ, ਬਰਿੰਦਰਮੀਤ ਸਿੰਘ ਪਾਹੜਾ ਅਤੇ ਸੀਨੀਅਰ ਆਗੂ ਲਾਲ ਸਿੰਘ ਵੀ ਮੌਜੂਦ ਰਹੇ।
ਖ਼ਬਰ ਏਜੰਸੀ ਏਐੱਨਆਈ ਨੂੰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਵਿੱਚ ਪਹਿਲਾਂ ਵੀ ਸਭ ਕੁਝ ਠੀਕ ਸੀ ਅਤੇ ਭਵਿੱਖ ਵਿੱਚ ਸਭ ਕੁਝ ਠੀਕ ਹੋਵੇਗਾ। ਸਿੱਧੂ ਨਾਲ ਮੁਲਾਕਾਤ ਉਪਰ ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਅਤੇ ਵਰਕਰ ਇੱਕ ਦੂਜੇ ਨਾਲ ਅਕਸਰ ਮਿਲਦੇ ਰਹਿੰਦੇ ਹਨ।
ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨਾਲ ਵੀ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ:-
ਕੈਪਟਨ ਅਮਰਿੰਦਰ ਦੀ ਹਰੀਸ਼ ਰਾਵਤ ਨਾਲ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੇ ਕੁਝ ਮੁੱਦੇ ਚੁੱਕੇ ਹਨ ਜਿਨ੍ਹਾਂ ਤੇ ਉਹ (ਹਰੀਸ਼ ਰਾਵਤ) ਧਿਆਨ ਦੇਣਗੇ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਜੋ ਵੀ ਪਾਰਟੀ ਪ੍ਰਧਾਨ ਦਾ ਫੈਸਲਾ ਹੋਵੇਗਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ।
ਇਹ ਵੀ ਪੜ੍ਹੋ :