You’re viewing a text-only version of this website that uses less data. View the main version of the website including all images and videos.
ਬਿਜਲੀ ਸਮਝੌਤੇ ਰੱਦ ਕਰਨ ਦੇ ਹੁਕਮ : ਕੈਪਟਨ ਅਮਰਿੰਦਰ ਸਿੰਘ ਨੇ ਫ਼ੈਸਲੇ ਲਈ ਕੀ ਅਧਾਰ ਬਣਾਇਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀਐੱਸਪੀਸੀਐੱਲ) ਨੂੰ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀਪੀਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ।
ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਤਲਵੰਡੀ ਸਾਬੋ ਪਾਵਰ ਲਿਮੀਟਿਡ ਮਾਨਸਾ, ਦੇ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫ਼ਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀਪੀਏ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਮੁਤਾਬਕ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ।
ਉਨ੍ਹਾਂ ਨੇ ਪੀਐੱਸਪੀਸੀਐੱਲ ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਨਿੱਜੀ ਬਿਜਲੀ ਨਿਰਮਾਤਾਵਾਂ (ਆਈਪੀਪੀਜ਼) ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ।
ਉਨ੍ਹਾਂ ਨੇ ਪੀਐੱਸਪੀਸੀਐੱਲ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਇਕਪਾਸੜ ਪੀਪੀਏਜ਼ ਰੱਦ ਕਰਨ ਜਾਂ ਮੁੜ ਘੋਖੇ ਜਾਣ।
ਪੰਜਾਬ ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਿਜਲੀ ਸਮਝੌਤੇ ਰੱਦ ਜਾਂ ਇਨ੍ਹਾਂ ਦਾ ਮੁੜ ਨਰੀਖਣ ਕਰਨ ਦਾ ਵਾਅਦਾ ਕੀਤਾ ਸੀ।
ਪਰ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਕੈਪਟਨ ਸਰਕਾਰ ਨੇ ਇਸ ਬਾਰੇ ਫ਼ੈਸਲਾ ਨਹੀਂ ਲਿਆ ਸੀ।
ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਸੂਬੇ ਵਿਚ ਸਸਤੀ ਬਿਜਲੀ ਦਾ ਮੁੱਦਾ ਉਠਾ ਕੇ ਕਾਂਗਰਸ ਨੂੰ ਕਸੂਤਾ ਫਸਾ ਦਿੱਤਾ ਹੈ।
ਹੁਣ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਬਿਜਲੀ ਸਮਝੌਤਿਆਂ ਬਾਰੇ ਫ਼ੈਸਲਾ ਲੈਣਾ ਪਿਆ ਹੈ।
ਇਹ ਵੀ ਪੜ੍ਹੋ-
ਕਿੰਨੇ ਸਮਝੌਤੇ ਅਤੇ ਕਿੰਨੀ ਬਿਜਲੀ ਸਮਰੱਥਾ ਵਾਲੇ
ਮੁੱਖ ਮੰਤਰੀ ਨੇ ਕਿਹਾ ਕਿ ਪੀਐੱਸਪੀਸੀਐੱਲ ਨੇ ਸਾਲ 2007 ਤੋਂ ਬਾਅਦ ਥਰਮਲ (ਹਾਈਡਰੋ) ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ (ਬਾਇਓਮਾਸ) ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ।
ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲਗਭਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ।
ਹਾਲਾਂਕਿ, ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ।
ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮੀਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।
ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਜੁਰਮਾਨਾ
ਪੀਐੱਸਪੀਸੀਐੱਲ ਨੇ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਲਿਮੀਟਿਡ ਨੂੰ ਜੁਰਮਾਨਾ ਲਗਾ ਕੇ ਨੋਟਿਸ ਜਾਰੀ ਕਰ ਦਿੱਤਾ ਹੈ।
ਸਰਾਕਰੀ ਬਿਆਨ ਮੁਤਾਬਕ ਬਿਜਲੀ ਖਰੀਦ ਸਮਝੌਤੇ (ਪੀਪੀਏ) ਇਕਪਾਸੜ ਹਨ, ਇਸ ਲਈ ਲਗਾਇਆ ਗਿਆ ਜੁਰਮਾਨਾ ਥਰਮਲ ਪਲਾਂਟਾਂ ਵਿੱਚ ਖ਼ਰਾਬੀ ਹੋਣ ਕਰਕੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਥੋੜ੍ਹਾ ਹੋਵੇਗਾ।
ਇਹ ਵੀ ਪੜ੍ਹੋ-
ਇਸ ਤੋਂ ਇਲਾਵਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਸ਼ਰਤਾਂ ਅਨੁਸਾਰ, ਮੌਜੂਦਾ ਸਮੇਂ ਆਈਪੀਪੀਜ਼ ਨੂੰ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਕਰਨਾ ਲਾਜ਼ਮੀ ਨਹੀਂ ਹੈ।
ਇਸ ਲਈ, ਪੀਪੀਏ ਵਿਚਲੀਆਂ ਕਮੀਆਂ ਦਾ ਫਾਇਦਾ ਉਠਾਉਂਦੇ ਹੋਏ, ਆਈਪੀਪੀਜ਼ ਘੱਟ ਖ਼ਪਤ ਵਾਲੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਕਰਕੇ ਪੀਐੱਸਪੀਸੀਐੱਲ ਤੋਂ ਪੂਰੇ ਤੈਅ ਚਾਰਜ਼ ਵਸੂਲ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮੀਟਿਡ ਦੀ ਨਾਕਾਮੀ ਦੇ ਨਤੀਜੇ ਵਜੋਂ ਪਏ ਘਾਟੇ ਨੂੰ ਪੂਰਾ ਕਰਨ ਲਈ ਪੀਐੱਸਪੀਸੀਐੱਲ ਨੂੰ ਮੌਜੂਦਾ ਸੀਜ਼ਨ ਵਿੱਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜ੍ਹੇ ਸਮੇਂ ਦੀ ਬਿਜਲੀ ਖਰੀਦਣੀ ਪਈ।
ਪੀਐੱਸਪੀਸੀਐੱਲ ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖਰਚ ਕਰਕੇ 271 ਕਰੋੜ ਯੂਨਿਟ ਬਿਜਲੀ ਦੀ ਖਰੀਦ ਕੀਤੀ ਸੀ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ।
ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਬਿਜਲੀ ਸਬੰਧੀ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸੂਬੇ ਨੂੰ ਬਿਜਲੀ ਦੀ ਵੱਧ ਸਪਲਾਈ ਵਾਲੇ ਉਦਯੋਗਾਂ 'ਤੇ 1 ਜੁਲਾਈ ਤੋਂ 11 ਜੁਲਾਈ ਤੱਕ ਬਿਜਲੀ ਰੈਗੂਲੇਟਰੀ ਉਪਾਅ ਵੀ ਲਾਗੂ ਕਰਨ ਲਈ ਮਜਬੂਰ ਹੋਣਾ ਪਿਆ।
ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਰਾਜ ਦੇ ਵੱਖ-ਵੱਖ ਖਪਤਕਾਰਾਂ ਨੂੰ ਪਰੇਸ਼ਾਨੀ ਹੋਈ, ਬਲਕਿ ਪਹਿਲਾਂ ਹੀ ਵਿੱਤੀ ਸੰਕਟ ਵਿੱਚ ਘਿਰੇ ਪੀਐੱਸਪੀਸੀਐੱਲ 'ਤੇ ਹੋਰ ਵਿੱਤੀ ਬੋਝ ਪਿਆ।
ਇਹ ਵੀ ਪੜ੍ਹੋ: