ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ: ਸੁਖਬੀਰ ਸਿੰਘ ਬਾਦਲ ਨੇ ਕਿਹਾ, 'ਅਕਾਲੀ-ਬਸਪਾ ਦੀ ਸਰਕਾਰ ਬਣਾ ਦਿਓ ਇਹ ਕਾਨੂੰਨ ਪੰਜਾਬ 'ਚ ਲਾਗੂ ਨਹੀਂ ਹੋਣਗੇ'

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਲਈ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਰੋਸ ਪ੍ਰਦਰਸ਼ਨ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਵੱਲ ਵਧਿਆ ਅਤੇ ਫਿਰ ਰਸਤੇ ਵਿੱਚ ਹੀ ਅਕਾਲੀ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਸੜਕ 'ਤੇ ਸੰਬੋਧਨ ਕੀਤਾ।

ਵੀਰਵਾਰ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬਗੰਜ ਸਾਹਿਬ ਪੁੱਜੇ ਸਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀਐੱਮ ਮੋਦੀ ਲਈ ਭੇਜਿਆ ਗਿਆ ਮੈਮੋਰੰਡ

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਦੱਸਿਆ ਕਿ, ਸ਼੍ਰੋਮਣੀ ਅਕਾਲੀ ਦਲ ਵੱਲੋਂ ਐਗਜ਼ੈਕੇਟਿਵ ਮੈਜਿਸਟ੍ਰੇਟ ਰਾਹੀਂ ਪ੍ਰਧਾਨ ਮੰਤਰੀ ਮੋਦੀ ਨੂੰ ਮੈਮੋਰੰਡਮ ਸੌਂਪਿਆ ਗਿਆ।

"ਅਸੀਂ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ, ਐੱਮਐੱਸਪੀ ਦੇ ਕਾਨੂੰਨੀ ਗਾਰੰਟੀ ਚਾਹੁੰਦੇ ਹਾਂ, ਨਾਲ ਹੀ ਸਾਰੀਆਂ ਫ਼ਸਲਾਂ ਦੀ ਖਰੀਦ ਦੇ ਅਤੇ ਵਚਨਬੱਧਦਾ ਚਾਹੁੰਦੇ ਹਾਂ ਕਿ ਕਿਸਾਨਾਂ ਨੂੰ ਪ੍ਰਭਾਵਿਤ ਕਰਨ ਵਾਲੇ ਕਿਸੇ ਵੀ ਕਾਨੂੰਨ ਲੈ ਕੇ ਆਉਣ ਤੋਂ ਪਹਿਲਾਂ ਸਲਾਹ-ਮਸ਼ਵਰਾ ਕੀਤਾ ਜਾਵੇ।"

ਖ਼ਬਰ ਏਜੰਸੀ ਏਐਨਆਈ ਮੁਤਾਬਕ ਦਿੱਲੀ ਦੇ ਝੰਡੇਵਾਲਾਨ ਅਤੇ ਪੰਚਕੁਈਆਂ ਰੋਡ 'ਤੇ ਟ੍ਰੈਫਿਕ ਵੀ ਪ੍ਰਭਾਵਿਤ ਹੋਇਆ ਹੈ।

ਖੇਤੀ ਕਾਨੂੰਨਾਂ ਨੂੰ ਪਾਸ ਹੋਣ ਦੇ ਇੱਕ ਸਾਲ ਪੂਰਾ ਹੋਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ:

ਅਕਾਲੀ ਦਲ ਦੇ ਆਗੂ ਦੇਣਗੇ ਗ੍ਰਿਫਤਾਰੀਆਂ

ਕੇਂਦਰ ਸਰਕਾਰ ਵੱਲੋਂ ਬਣਾਏ ਗਏ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ-ਹਰਿਆਣਾ ਅਤੇ ਦਿੱਲੀ-ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ 'ਤੇ ਹਜ਼ਾਰਾਂ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ।

ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਵੀ ਟੁੱਟਿਆ ਸੀ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਦੇ ਖਿਲਾਫ਼ ਕੇਂਦਰੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਤੋਂ ਇੱਕ ਸਾਲ ਪਹਿਲਾਂ ਇਹ ਖੇਤੀ ਕਾਨੂੰਨ ਲੋਕ ਸਭਾ ਵਿੱਚ ਪਾਸ ਹੋਏ ਸਨ ਅਤੇ ਉਸੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦਿੱਤਾ ਸੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ,"ਅਸੀਂ ਕਿਸੇ ਹਾਲਾਤ ਵਿੱਚ ਸ਼ਾਂਤੀ ਨਹੀਂ ਭੰਗ ਹੋਣ ਦੇਣੀ ਅਤੇ ਪਾਰਟੀ ਦੇ 11 ਤੋਂ 15 ਲੀਡਰ ਅੱਜ ਗ੍ਰਿਫਤਾਰੀ ਦੇਣਗੇ।" ਸੁਖਬੀਰ ਸਿੰਘ ਬਾਦਲ ਨੇ ਅਪੀਲ ਕੀਤੀ ਕਿ ਵਰਕਰ ਇਸ ਤੋਂ ਬਾਅਦ ਸ਼ਾਂਤੀਪੂਰਵਕ ਪੰਜਾਬ ਵਾਪਸ ਚਲੇ ਜਾਣ।

ਸੁਖਬੀਰ ਸਿੰਘ ਬਾਦਲ ਨੇ ਕਿਹਾ, "ਇਹ ਕਾਨੂੰਨ ਡਾ. ਮਨਮੋਹਨ ਸਿੰਘ ਦੇ ਵੇਲੇ ਸੰਸਦ ਵਿੱਚ ਆਏ ਸਨ ਪਰ ਉਨ੍ਹਾਂ ਨੂੰ ਵਿਰੋਧ ਕਾਰਨ ਝੁਕਣਾ ਪਿਆ। ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਇਨ੍ਹਾਂ ਦਾ ਬਾਰੇ ਲਿਖਿਆ ਗਿਆ ਸੀ।"

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ, "ਇਹ ਕਾਨੂੰਨ ਪ੍ਰਧਾਨ ਮੰਤਰੀ ਨੇ ਲਾਗੂ ਕੀਤੇ ਹਨ। ਤੁਸੀਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ- ਬਸਪਾ ਦੀ ਸਰਕਾਰ ਬਣਾ ਦਿਓ ਅਤੇ ਇਹ ਕਾਨੂੰਨ ਪੰਜਾਬ ਵਿੱਚ ਲਾਗੂ ਨਹੀਂ ਹੋਣਗੇ।"

ਹਰਸਿਮਰਤ ਕੌਰ ਬਾਦਲ ਨੇ ਮਹਿਲਾ ਅਕਾਲੀ ਵਰਕਰਾਂ ਦਾ ਕੀਤਾ ਧੰਨਵਾਦ

ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਇਹਨਾਂ ਖੇਤੀ ਕਾਨੂੰਨਾਂ ਨੂੰ ਨੋਟੀਫਾਈ ਕੀਤਾ ਹੈ।

"ਅਰਵਿੰਦ ਕੇਜਰੀਵਾਲ ਨੇ ਐੱਸਵਾਈਐਲ ਦਾ ਸਮਰਥਨ ਕੀਤਾ ਹੈ। ਅੱਜ ਗੁਰਦੁਆਰਿਆਂ ਵਿੱਚ ਆਉਣ ਉੱਪਰ ਰੋਕ ਲਗਾਉਣ ਲਈ ਲਿਖਤੀ ਨੋਟੀਫਿਕੇਸ਼ਨ ਵੀ ਕੱਢੇ ਹਨ।"

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਉਪਰ ਨਿਸ਼ਾਨਾ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਰੋਕਾਂ ਦੇ ਬਾਵਜੂਦ ਪ੍ਰਦਰਸ਼ਨ ਵਿੱਚ ਪੁੱਜੇ ਹਨ।

ਪ੍ਰਦਰਸ਼ਨ ਲਈ ਪੁੱਜੀਆਂ ਔਰਤਾਂ ਦਾ ਵੀ ਉਨ੍ਹਾਂ ਨੇ ਧੰਨਵਾਦ ਕਰਦਿਆਂ ਆਖਿਆ ਕਿ ਰਾਤ ਦੋ ਵਜੇ ਤੱਕ ਇਹ ਸੜਕਾਂ ਉਪਰ ਦਿੱਲੀ ਆਉਣ ਲਈ ਮੌਜੂਦ ਸਨ। ਪਹਿਲਾਂ ਉੱਤਰ ਪ੍ਰਦੇਸ਼ ਅਤੇ ਫਿਰ ਕੇਂਦਰ ਵਿੱਚ ਵੀ ਇਹ ਸਰਕਾਰ ਦੋ ਸਾਂਸਦਾਂ 'ਤੇ ਆ ਜਾਵੇਗੀ।

ਹਰਸਿਮਰਤ ਕੌਰ ਬਾਦਲ ਨੇ ਕਿਹਾ, "ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਕਿਸਾਨ ਡਟੇ ਰਹਿਣਗੇ।" ਖੇਤੀ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦਾ ਜ਼ਿਕਰ ਵੀ ਹਰਸਿਮਰਤ ਕੌਰ ਬਾਦਲ ਨੇ ਕੀਤਾ।

ਬਹੁਜਨ ਸਮਾਜ ਪਾਰਟੀ ਦੇ ਜਸਵੀਰ ਸਿੰਘ ਗੜ੍ਹੀ ਨੇ ਵੀ ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਇਹ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਾਂਗਰਸ 'ਤੇ ਵੀ ਨਿਸ਼ਾਨੇ ਸਾਧੇ।

'ਪ੍ਰਦਰਸ਼ਨ ਲਈ ਨਹੀਂ ਹੈ ਮਨਜ਼ੂਰੀ'

ਦਿੱਲੀ ਪੁਲੀਸ ਦੇ ਡੀਸੀਪੀ ਦੀਪਕ ਯਾਦਵ ਨੇ ਖ਼ਬਰ ਏਜੰਸੀ ਏਐਨਆਈ ਨੂੰ ਦੱਸਿਆ ਹੈ ਕਿ ਦਿੱਲੀ ਪੁਲਿਸ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਗੱਲ ਕਰ ਰਹੀ ਹੈ। ਉਨ੍ਹਾਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਪਸ਼ਟ ਸ਼ਬਦਾਂ ਵਿਚ ਵਿਰੋਧ ਪ੍ਰਦਰਸ਼ਨ ਲਈ ਮਨਜ਼ੂਰੀ ਨਾ ਹੋਣ ਬਾਰੇ ਦੱਸ ਦਿੱਤਾ ਗਿਆ ਹੈ।

ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਦਿੱਲੀ ਦੇ ਸ਼ੰਕਰ ਰੋਡ ਇਲਾਕੇ ਵਿੱਚ ਵੀ ਦਿੱਲੀ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਦਿੱਲੀ ਦੇ ਝਾਡੋਰਾ ਬਾਰਡਰ ਤੇ ਵੀ ਦਿੱਲੀ ਪੁਲਿਸ ਨੇ ਪੰਜਾਬ ਤੋਂ ਆ ਰਹੇ ਵਾਹਨਾਂ ਲਈ ਸਖ਼ਤੀ ਵਧਾ ਦਿੱਤੀ ਹੈ। ਬੀਬੀਸੀ ਸਹਿਯੋਗੀ ਸਤ ਸਿੰਘ ਮੁਤਾਬਕ ਬਾਰਡਰ 'ਤੇ ਸੀਆਈਐਸਐਫ ਵੀ ਤੈਨਾਤ ਕੀਤੀ ਗਈ ਹੈ।

ਬਹਾਦੁਰਗੜ੍ਹ ਤੋਂ ਦਿੱਲੀ ਜਾਣ ਲਈ ਕੇਵਲ ਇਹੀ ਬਾਰਡਰ ਬਚਿਆ ਹੈ ਕਿਉਂਕਿ ਟੀਕਰੀ ਬਾਰਡਰ ਤੇ ਪਹਿਲਾਂ ਹੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਲਗਪਗ ਦੋ ਦਰਜਨ ਬੱਸਾਂ ਅਤੇ ਪੰਜਾਬ ਤੋਂ ਜ਼ਿਆਦਾ ਗੱਡੀਆਂ ਨੂੰ ਵਾਪਸ ਹਰਿਆਣਾ ਭੇਜਿਆ ਗਿਆ ਹੈ।

'ਕਾਲੇ ਦਿਨਾਂ ਦੀ ਯਾਦ'

ਸੁਖਬੀਰ ਸਿੰਘ ਬਾਦਲ ਵੱਲੋਂ ਦੇਰ ਰਾਤ ਕੀਤੇ ਗਏ ਟਵੀਟ ਵਿੱਚ ਅਕਾਲੀ ਦਲ ਦੇ ਵਰਕਰਾਂ ਦੁਆਰਾ ਸੜਕ 'ਤੇ ਧਰਨਾ ਪ੍ਰਦਰਸ਼ਨ ਦੀ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ ਅਤੇ ਆਖਿਆ ਗਿਆ ਹੈ ਕਿ ਸ਼ਾਂਤੀਪੂਰਵਕ ਮਾਰਚ ਲਈ ਦਿੱਲੀ ਪਹੁੰਚ ਰਹੇ ਅਕਾਲੀ ਦਲ ਦੇ ਵਰਕਰਾਂ ਨੂੰ ਦਿੱਲੀ ਦੇ ਬਾਰਡਰ 'ਤੇ ਰੋਕਿਆ ਜਾ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਦੇਸ਼ ਦੀ ਕੌਮੀ ਰਾਜਧਾਨੀ ਵਿਚ ਪੰਜਾਬੀਆਂ ਨੂੰ ਆਉਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ ਅਤੇ ਇਹ ਕਾਲੇ ਦਿਨਾਂ ਦੀ ਯਾਦ ਵਾਂਗ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਦਿੱਲੀ ਪੁਲਿਸ ਵੱਲੋਂ ਸੜਕ 'ਤੇ ਬੈਰੀਕੇਡ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)