You’re viewing a text-only version of this website that uses less data. View the main version of the website including all images and videos.
ਸਿੱਧੂ ਨੇ ਕੈਪਟਨ ਨੂੰ ਕਿਹਾ, ‘ਖੇਤੀ ਕਾਨੂੰਨਾਂ ਦਾ ਨਿਰਮਾਤਾ’, ਕੈਪਟਨ ਨੇ ਕਿਹਾ, ‘ਸਿੱਧੂ ਨੂੰ ਪੰਜਾਬ ਤੇ ਖੇਤੀ ਮੁੱਦਿਆਂ ਬਾਰੇ ਨਹੀਂ ਪਤਾ’
ਪੰਜਾਬ ਦੀ ਸਿਆਸਤ ਵਿੱਚ ਪਿਛਲੇ ਚਾਰ ਸਾਲ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਤਲਖ਼ੀ ਚਰਚਾ ਦਾ ਵਿਸ਼ਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਅਤੇ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਇਹ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ।
ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੀਬੀਸੀ ਨੂੰ ਦਿੱਤੇ ਇੰਟਰਵਿਊ ਵਿੱਚ ਆਖਿਆ ਸੀ ਕਿ ਉਹ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਜਾਰੀ ਰੱਖਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਮਗਰੋਂ ਭਾਜਪਾ ਨਾਲ ਜਾਣ ਦੇ ਸੰਕੇਤ ਦਿੱਤੇ ਤਾਂ ਉਨ੍ਹਾਂ ਦੇ ਵਿਰੋਧੀਆਂ ਨੇ ਉਨ੍ਹਾਂ ਨੂੰ ਜਮ ਕੇ ਘੇਰਿਆ।
ਨਵਜੋਤ ਸਿੰਘ ਸਿੱਧੂ ਨੇ ਇੱਕਦਮ ਪ੍ਰਤਿਕਿਰਿਆ ਤਾਂ ਨਹੀਂ ਦਿੱਤੀ ਪਰ ਆਖਿਰਕਾਰ ਬੋਲੇ, ਸਿੱਧੂ ਦੇ ਟਵੀਟ ਦੇ ਜਵਾਬ ਵਿੱਚ ਕੈਪਟਨ ਨੇ ਵੀ ਕਈ ਟਵੀਟ ਕੀਤੇ।
ਇਹ ਵੀ ਪੜ੍ਹੋ:
'ਤਿੰਨ ਕਾਲੇ ਕਾਨੂੰਨਾਂ ਦਾ ਨਿਰਮਾਤਾ'
ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪੁਰਾਣੀ ਵੀਡੀਓ ਸ਼ੇਅਰ ਕੀਤੀ ਗਈ ਹੈ।
ਇਸ ਵੀਡੀਓ ਵਿੱਚ ਕੈਪਟਨ ਅਮਰਿੰਦਰ ਸਿੰਘ ਆਖਦੇ ਦਿਖਾਈ ਦੇ ਰਹੇ ਹਨ ਕਿ ਉਨ੍ਹਾਂ ਨੇ ਉਦਯੋਗਿਕ ਘਰਾਣੇ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਆਉਣ ਦਾ ਸੱਦਾ ਦਿੱਤਾ।
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ 'ਤਿੰਨ ਕਾਲੇ ਕਾਨੂੰਨਾਂ ਦਾ ਨਿਰਮਾਤਾ' ਆਖਦੇ ਹੋਏ ਇਲਜ਼ਾਮ ਲਗਾਏ ਕਿ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ, ਛੋਟੇ ਵਪਾਰੀਆਂ ਅਤੇ ਮਜ਼ਦੂਰਾਂ ਨੂੰ ਤਬਾਹ ਕੀਤਾ ਹੈ ਤਾਂ ਕਿ ਇਕ ਦੋ ਵੱਡੇ ਉਦਯੋਗਿਕ ਘਰਾਣਿਆਂ ਨੂੰ ਫਾਇਦਾ ਮਿਲ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
ਨਵਜੋਤ ਸਿੰਘ ਸਿੱਧੂ ਦੇ ਇਨ੍ਹਾਂ ਆਰੋਪਾਂ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ 'ਤੇ ਸ਼ਬਦੀ ਹਮਲੇ ਕਰਦਿਆਂ ਆਖਿਆ ਗਿਆ ਹੈ ਕਿ ਉਹ ਕੈਪਟਨ ਡੇਢ ਦਹਾਕੇ ਪੁਰਾਣੇ ਫ਼ਸਲੀ ਵਿਭਿੰਨਤਾ ਦੇ ਪ੍ਰੋਗਰਾਮ ਨੂੰ ਖੇਤੀ ਕਾਨੂੰਨਾਂ ਨਾਲ ਜੋੜ ਰਹੇ ਹਨ।
ਕੈਪਟਨ ਨੇ ਆਖਿਆ ਕਿ ਉਹ ਹੁਣ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਲੜ ਰਹੇ ਹਨ ਅਤੇ ਉਨ੍ਹਾਂ ਨੇ ਆਪਣਾ ਸਿਆਸੀ ਭਵਿੱਖ ਵੀ ਇਸ ਨਾਲ ਜੋੜ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਆਖਿਆ ਕਿ ਉਨ੍ਹਾਂ ਨੂੰ ਪੰਜਾਬ ਅਤੇ ਖੇਤੀ ਦੇ ਮੁੱਦਿਆਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਅਤੇ ਫ਼ਸਲੀ ਵਿਭਿੰਨਤਾ ਦਾ ਫ਼ਰਕ ਵੀ ਨਹੀਂ ਪਤਾ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਵੀਡੀਓ ਪੋਸਟ ਕਰਨ ਦੇ ਸਮੇਂ ਉੱਪਰ ਵੀ ਸਵਾਲ ਚੁੱਕੇ ਗਏ ਹਨ ਅਤੇ ਆਖਿਆ ਗਿਆ ਹੈ ਕਿ ਇਹ ਉਸ ਸਮੇਂ ਪੋਸਟ ਕੀਤੀ ਗਈ ਹੈ ਜਦੋਂ ਪੰਜਾਬ ਸਰਕਾਰ ਪ੍ਰੋਗਰੈਸਿਵ ਪੰਜਾਬ ਸਮਿਟ ਦੀ ਤਿਆਰੀ ਵਿੱਚ ਲੱਗੀ ਹੋਈ ਹੈ।
ਕੈਪਟਨ ਨੇ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਇਸ ਸਮਿਟ ਦੇ ਵੀ ਵਿਰੋਧ ਵਿੱਚ ਹੋ?
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਵਧਾਉਣ ਲਈ 26-27 ਅਕਤੂਬਰ 2021 ਨੂੰ ਇਹ ਸਮਾਗਮ ਕਰਾਇਆ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਉਹ ਪੰਜਾਬ ਦੀ ਅਗਵਾਈ ਕਰਨ ਦੇ ਸੁਪਨੇ ਦੇਖ ਰਹੇ ਹਨ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਿਆਨਕ ਹੋਵੇਗਾ।
ਇਹ ਵੀ ਪੜ੍ਹੋ:
ਇਹ ਵੀ ਵੇਖੋ: