ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਯੂਪੀ ਸਰਕਾਰ ਦਾ ਦਾਅਵਾ

ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਮੰਗਲਵਾਰ ਨੂੰ ਸੁਪਰੀਮ ਕੋਰਟ ਦੀ ਬੈਂਚ ਨੇ ਉੱਤਰ ਪ੍ਰਦੇਸ਼ ਪੁਲਿਸ ਨੂੰ ਕੇਸ ਦੇ ਗਵਾਹਾਂ ਨੂੰ ਸੁਰੱਖਿਆ ਤੈਅ ਕਰਨ ਦੀ ਹਦਾਇਤ ਦਿੱਤੀ ਹੈ।

ਲਖੀਮਪੁਰ ਖੀਰੀ ਹਿੰਸਾ ਦੌਰਾਨ ਮਾਰੇ ਗਏ ਪੱਤਰਕਾਰ ਰਮਨ ਕਸ਼ਿਅਪ ਅਤੇ ਇੱਕ ਹੋਰ ਵਿਅਕਤੀ ਸ਼ਾਮ ਸੁੰਦਰ ਦੀ ਮੌਤ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਵੀ ਪੁਲਿਸ ਤੋਂ ਮੰਗੀ ਗਈ ਹੈ।

3 ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ 8 ਲੋਕਾਂ ਦੀ ਮੌਤ ਹੋਈ ਸੀ। ਮ੍ਰਿਤਕਾਂ ਵਿੱਚ ਅੱਠ ਕਿਸਾਨ ਵੀ ਸ਼ਾਮਿਲ ਸਨ।

ਇਸ ਕੇਸ ਦੀ ਸੁਣਵਾਈ ਚੀਫ਼ ਜਸਟਿਸ ਐੱਨਵੀ ਰਮੰਨਾ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕੀਤੀ ਅਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਹੁਣ ਤੱਕ ਦੀ ਕਾਰਵਾਈ ਦੀ ਜਾਣਕਾਰੀ ਲਈ।

ਉੱਤਰ ਪ੍ਰਦੇਸ਼ ਸਰਕਾਰ ਦੇ ਵਕੀਲ ਹਰੀਸ਼ ਸਾਲਵੇ ਨੇ ਅਦਾਲਤ ਨੂੰ ਦੱਸਿਆ ਕਿ 68 ਵਿੱਚੋਂ 30 ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ 23 ਗਵਾਹਾਂ ਨੇ ਦਾਅਵਾ ਕੀਤਾ ਹੈ ਕਿ ਉਹ ਚਸ਼ਮਦੀਦ ਹਨ।

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ’ਤੇ ਕਿਸਾਨਾਂ ਨੂੰ ਗੱਡੀਆਂ ਰਾਹੀਂ ਕੁਚਲਨ ਦੇ ਇਲਜ਼ਾਮ ਹਨ।

ਇਹ ਵੀ ਪੜ੍ਹੋ:

ਗਵਾਹਾਂ ਦੀ ਸੁਰੱਖਿਆ ਇੱਕ ਮੁੱਦਾ ਹੈ - ਕੋਰਟ

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਇਨ੍ਹਾਂ ਗਵਾਹਾਂ ਦੀ ਸੁਰੱਖਿਆ ਬਾਰੇ ਵੀ ਪੁੱਛਿਆ। ਹਰੀਸ਼ ਸਾਲਵੇ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਗਵਾਹਾਂ ਨੂੰ ਸੁਰੱਖਿਆ ਦਿੱਤੀ ਗਈ ਹੈ।

ਹਰੀਸ਼ ਸਾਲਵੇ ਨੇ ਕਿਹਾ," ਕਈ ਲੋਕਾਂ ਨੇ ਉਨ੍ਹਾਂ ਕਾਰਾਂ ਨੂੰ ਵੇਖਿਆ ਹੈ। ਇਹ ਲੋਕ ਚਸ਼ਮਦੀਦ ਹਨ।"

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਪੁਲਿਸ ਨੇ ਪੱਤਰਕਾਰ ਅਮਨ ਕਸ਼ਯਪ ਤੇ ਇੱਕ ਹੋਰ ਮ੍ਰਿਤਕ ਸ਼ਾਮ ਸੁੰਦਰ ਦੀ ਮੌਤ ਬਾਰੇ ਵੱਖਰੀ ਰਿਪੋਰਟ ਮੰਗੀ ਹੈ।

ਇਨ੍ਹਾਂ ਦੋਵਾਂ ਮ੍ਰਿਤਕਾਂ ਦੇ ਪਰਿਵਾਰ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਨ੍ਹਾਂ ਦੇ ਮਾਮਲੇ ਵਿੱਚ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਇਹ ਵੀ ਕਿਹਾ ਗਿਆ ਕਿ ਮ੍ਰਿਤਕ ਸ਼ਾਮ ਸੁੰਦਰ ਦੀ ਪਤਨੀ ਜਾਣਦੀ ਹੈ ਕਿ ਮੁਲਜ਼ਮ ਕੌਣ ਹਨ।

ਇਸ ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਜਾਰੀ ਰਹੇਗੀ।

ਅਜੈ ਮਿਸ਼ਰਾ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਪ੍ਰਦਰਸ਼ਨ ਦੇ 11 ਮਹੀਨੇ ਪੂਰੇ ਹੋਣ ਉੱਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਖ ਵੱਖ ਥਾਵਾਂ 'ਤੇ ਤਿੰਨ ਘੰਟੇ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟਹਿਣੀ ਨੂੰ ਗਿ੍ਰਫ਼ਤਾਰ ਕੀਤਾ ਜਾਵੇ ਅਤੇ ਕੇਂਦਰੀ ਮੰਤਰੀ ਪਰੀਸ਼ਦ ਤੋਂ ਬਰਖ਼ਾਸਤ ਵੀ ਕੀਤਾ ਜਾਵੇ।

ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਕੁਲੈਕਟਰਾਂ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਸੰਬੋਧਿਤ ਮੰਗ ਪੱਤਰ ਵੀ ਸੌਂਪੇ ਗਏ।

ਇਨ੍ਹਾਂ ਮੰਗ ਪੱਤਰਾਂ ਅਜੇ ਮਿਸ਼ਰਾ ਦੀ ਬਰਖਾਸਤੀ ਤੋਂ ਇਲਾਵਾ ਲਖੀਮਪੁਰ ਖੇਰੀ ਘਟਨਾ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਐਸਆਈਟੀ ਤੋਂ ਜਾਂਚ ਦੀ ਮੰਗ ਵੀ ਕੀਤੀ ਗਈ ਹੈ।

ਪੰਜਾਬ ਦੇ ਬਰਨਾਲਾ,ਮੋਗਾ,ਬਟਾਲਾ ਸਮੇਤ ਕਈ ਜਗ੍ਹਾ ਇਹ ਪ੍ਰਦਰਸ਼ਨ ਕੀਤੇ ਗਏ। ਹਰਿਆਣਾ ਦੇ ਸਿਰਸਾ,ਕੁਰੂਕਸ਼ੇਤਰ ਸਮੇਤ ਕਈ ਜਗ੍ਹਾ ਜ਼ਿਲ੍ਹਾ ਅਧਿਕਾਰੀਆਂ ਦੇ ਦਫਤਰਾਂ ਦਾ ਘਿਰਾਓ ਕੀਤਾ ਗਿਆ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)