ਫਿਰੋਜ਼ਪੁਰ 'ਚ ਵਾਪਰੀ ਘਟਨਾ ਤੋਂ ਬਾਅਦ ਅਕਾਲੀ ਆਗੂ ਖ਼ਿਲਾਫ਼ ਕੇਸ ਦਰਜ, ਕਿਸਾਨ ਧਰਨੇ 'ਤੇ ਕਿਉਂ ਬੈਠੇ

    • ਲੇਖਕ, ਸੁਰਿੰਦਰ ਮਾਨ
    • ਰੋਲ, ਬੀਬੀਸੀ ਪੰਜਾਬੀ ਲਈ

ਫਿਰੋਜ਼ਪੁਰ ਵਿੱਚ ਵਾਪਰੀ ਅਕਾਲੀ ਦਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਿਚਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦਾ ਐੱਫਆਈਆਰ ਵਿੱਚ ਨਾਮ ਨਾ ਪਾਉਣ ਦੇ ਰੋਸ ਵਿੱਚ ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੂੰ ਜਾਮ ਕਰ ਦਿੱਤਾ ਹੈ।

ਇਸ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਐੱਸਐੱਸਪੀ ਦਫ਼ਤਰ ਦਾ ਘਿਰਾਓ ਵੀ ਕੀਤਾ ਗਿਆ ਅਤੇ ਮੰਗ ਰੱਖੀ ਕਿ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਮਾਨ ਅਤੇ ਜੋਗਿੰਦਰ ਸਿੰਘ ਜਿੰਦੂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਜਿੰਨਾ ਚਿਰ ਹਰਨੇਕ ਸਿੰਘ ਮਹਿਮਾ ਨੂੰ ਕਾਰ ਦੇ ਬੋਨਟ ਉਪਰ ਘੜੀਸਣ ਵਾਲੇ ਅਕਾਲੀ ਆਗੂ ਗ੍ਰਿਫ਼ਤਾਰ ਨਹੀਂ ਹੁੰਦੇ ਓਨਾ ਚਿਰ ਐੱਸਐੱਸਪੀ ਦਫ਼ਤਰ ਸਾਹਮਣੇ ਪੱਕਾ ਮੋਰਚਾ ਜਾਰੀ ਰਹੇਗਾ।

ਇਹ ਵੀ ਪੜ੍ਹੋ-

ਕੀ ਸੀ ਮਾਮਲਾ

ਬੁੱਧਵਾਰ ਨੂੰ ਵੀ ਫ਼ਿਰੋਜ਼ਪੁਰ ਵਿਖੇ ਕਿਸਾਨ ਸ਼੍ਰੋਮਣੀ ਅਕਾਲੀ ਦਲ ਨੇਤਾ ਹਰਸਿਮਰਤ ਕੌਰ ਬਾਦਲ ਨੂੰ ਮਿਲਣਾ ਚਾਹੁੰਦੇ ਸਨ ਪਰ ਹਾਲਾਤ ਅਜਿਹੇ ਬਣੇ ਕਿ ਕਿਸਾਨ ਅਤੇ ਅਕਾਲੀ ਦਲ ਇੱਕ ਦੂਜੇ ਉੱਪਰ ਗੋਲੀ ਚਲਾਉਣ ਦੇ ਇਲਜ਼ਾਮ ਲਗਾ ਰਹੇ ਹਨ।

ਇਹ ਇਲਜ਼ਾਮ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਅਤੇ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਵੱਲੋਂ ਇੱਕ ਦੂਸਰੇ ਉਪਰ ਲਗਾਏ ਗਏ ਹਨ।

ਇਸ ਤੋਂ ਪਹਿਲਾਂ ਵੀ ਕਈ ਵਾਰ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਵਿਰੋਧ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮੋਗਾ ਵਿਖੇ ਵਿਰੋਧ ਕਰਨ ਦੌਰਾਨ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਵੀ ਕੀਤਾ ਗਿਆ ਸੀ।

ਕਿਸਾਨਾਂ ਨੇ ਕੀ ਕਿਹਾ

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਫਿਰੋਜ਼ਪੁਰ ਦੇ ਦੌਰੇ ਉੱਤੇ ਆਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲੋਂ ਸਵਾਲ ਪੁੱਛਣਾ ਸੀ।

ਪਰ ਬਾਅਦ ਵਿਚ ਉਹ ਬਿਨਾਂ ਸਵਾਲਾਂ ਦਾ ਜਵਾਬ ਦਿੱਤੇ ਹੀ ਚਲੇ ਗਏ ਜਦਕਿ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਹ ਹਰ ਹਾਲਤ ਵਿੱਚ ਕਿਸਾਨਾਂ ਨਾਲ ਗੱਲ ਕਰਨਗੇ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਜੇਕਰ ਉਹ ਅਕਾਲੀ ਆਗੂ ਦੀ ਗੱਡੀ ਮੂਹਰੇ ਨਾ ਹੁੰਦੇ ਤਾਂ ਦੋ ਨੌਜਵਾਨ ਕਿਸਾਨ ਮੁੰਡਿਆਂ ਦੀ ਗੱਡੀ ਹੇਠ ਦਰੜੇ ਜਾਣ ਕਾਰਨ ਮੌਤ ਹੋ ਜਾਣੀ ਸੀ।

ਪ੍ਰਦਰਸ਼ਨਕਾਰੀ ਕਿਸਾਨ ਇਸ ਗੱਲ 'ਤੇ ਅੜੇ ਹੋਏ ਹਨ ਕਿ ਜਿੰਨਾ ਚਿਰ ਸਬੰਧਿਤ ਅਕਾਲੀ ਆਗੂਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਓਨਾ ਚਿਰ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)