You’re viewing a text-only version of this website that uses less data. View the main version of the website including all images and videos.
ਕਰਤਾਰਪੁਰ ਲਾਂਘਾ: ਕਰਤਾਰਪੁਰ ਸਾਹਿਬ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਕੀ ਹੈ
ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਏ ਫ਼ੈਸਲੇ ਤੋਂ ਬਾਅਦ 17 ਨਵੰਬਰ ਯਾਨਿ ਕਿ ਅੱਜ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਤੇ ਦਿਨੀਂ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਸੀ।
ਮੋਦੀ ਸਰਕਾਰ ਨੇ ਇਹ ਫ਼ੈਸਲਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਜੋ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਦੇ ਸਮਾਗਮਾਂ ਮੌਕੇ ਲਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਆਪਣੇ ਟਵੀਟ ਵਿਚ ਕਿਹਾ ਕਿ ਜਦੋਂ ਅਸੀਂ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾ ਰਹੇ ਹਾਂ, ਅਜਿਹੇ ਵਿਚ ਮੋਦੀ ਸਰਕਾਰ ਦਾ ਇਹ ਫ਼ੈਸਲਾ ਸਿੱਖ ਭਾਈਚਾਰੇ ਦੀਆਂ ਖੁਸ਼ੀਆਂ ਨੂੰ ਹੋ ਵਾਧਾ ਦੇਵੇਗਾ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਸਿੱਖ ਸੰਗਠਨ ਲਾਂਘਾ ਖੋਲ੍ਹਣ ਦੀ ਲਗਾਤਾਰ ਮੰਗ ਕਰਦੇ ਰਹੇ ਹਨ।
ਕਰਤਾਰਪੁਰ ਸਾਹਿਬ ਦੀ ਮਹੱਤਤਾ
ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਭਾਰਤ ਦੀ ਸਰਹੱਦ ਤੋਂ ਚਾਰ ਕਿੱਲੋਮੀਟਰ ਦੂਰ ਹੈ। ਇਹ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਹੈ, ਜੋ ਲਾਹੌਰ ਤੋਂ 130 ਕਿਲੋਮੀਟਰ ਦੂਰ ਹੈ।
ਨਾਰੋਵਾਲ ਦੀ ਤਹਿਸੀਲ ਸ਼ੱਕਰਗੜ੍ਹ ਵਿੱਚ ਸਥਿਤ ਸਿੱਖਾਂ ਦਾ ਇਹ ਧਾਰਮਿਕ ਸਥਾਨ ਭਾਰਤ ਅਤੇ ਪਾਕਿਸਤਾਨ ਦੀਆਂ ਖ਼ਬਰਾਂ ਦੇ ਕੇਂਦਰ ਵਿਚ ਰਿਹਾ ਹੈ।
ਕਰਤਾਰਪੁਰ ਸਾਹਿਬ ਅਸਥਾਨ ਦਾ ਸਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਹੈ। ਇੱਥੇ ਉਨ੍ਹਾਂ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਲ ਗੁਜ਼ਾਰੇ ਸਨ।
ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਜੀ ਨੇ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਫ਼ਲਸਫ਼ਾ ਦਿੱਤਾ ਸੀ।
ਇਤਿਹਾਸ ਮੁਤਾਬਕ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਗੱਦੀ ਵੀ ਇਸ ਸਥਾਨ 'ਤੇ ਹੀ ਸੌਂਪੀ ਗਈ ਸੀ, ਜਿਨ੍ਹਾਂ ਨੂੰ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਜੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਆਖ਼ਿਰ 'ਚ ਗੁਰੂ ਨਾਨਕ ਦੇਵ ਜੀ ਇਸੇ ਸਥਾਨ 'ਤੇ ਹੀ ਜੋਤੀ ਜੋਤ ਸਮਾਏ ਸਨ।
ਕਰਤਾਰਪੁਰ ਸਾਹਿਬ ਪਾਕਿਸਤਾਨ ਵਿਚ ਹੈ ਅਤੇ ਦੋਵਾਂ ਮੁਲਕਾਂ ਨੇ ਨਾਨਕ ਨਾਮ ਲੇਵਾ ਦੀ ਸਹੂਲਤ ਲਈ ਭਾਰਤ ਦੇ ਡੇਰਾ ਬਾਬਾ ਨਾਨਕ ਅਤੇ ਕਰਤਾਰਪੁਰ ਵਿਚਾਲੇ ਨਵੰਬਰ 2019 ਵਿਚ ਕੋਰੀਡੋਰ ਦਾ ਉਦਘਾਟਨ ਹੋਇਆ ਸੀ।
ਪਰ ਮਾਰਚ 2020 ਵਿਚ ਕੋਰਨਾ ਮਹਾਮਾਰੀ ਫ਼ੈਲਣ ਤੋਂ ਬਾਅਦ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਗਿਆ ਸੀ।
ਕਰਤਾਰਪੁਰ ਲਾਂਘਾ ਖੋਲ੍ਹਣ 'ਤੇ ਧੰਨਵਾਦ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦਾਸਪੁਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਲਾਂਘਾ ਖੁੱਲ੍ਹ ਰਿਹਾ ਹੈ ਅਤੇ ਅਸੀਂ ਵੀ ਆਪਣੀ ਕੈਬਨਿਟ ਦਾ ਜਥਾ ਲੈ ਕੇ ਜਾਵਾਂਗੇ। ਉਨ੍ਹਾਂ ਇਸ ਦੌਰਾਨ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ।
ਭਾਰਤ ਸਰਕਾਰ ਦੇ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਐਲਾਨ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਲਿਖਿਆ, ''ਕਰਤਾਰਪੁਰ ਕੋਰੀਡੋਰ ਦੇ ਸਮੇਂ ਰਹਿੰਦਿਆਂ ਖੋਲ੍ਹਣ ਬਾਬਤ ਮੈਂ ਪੀਐਮ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ। ਇਹ ਹਜ਼ਾਰਾਂ ਸ਼ਰਧਾਲੂਆਂ ਨੂੰ ਗੁਰੂ ਪੁਰਬ ਮੌਕੇ ਗੁਰੂ ਨਾਨਕ ਦੇਵ ਜੀ ਨਾਲ ਜੁੜੀ ਪਵਿੱਤਰ ਥਾਂ ਉੱਤੇ ਨਤਮਸਤਕ ਹੋਣ ਦਾ ਮੌਕਾ ਦੇਵੇਗਾ।''
ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਕੈਬਨਿਟ ਦੇ ਲੋਕ ਇੱਕ ਜਥੇ ਦੇ ਰੂਪ ਵਿੱਚ 18 ਨਵੰਬਰ ਨੂੰ ਕਰਤਾਰਪੁਰ ਲਾਂਘਾ ਜਾਣਗੇ।
ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਇੱਕ ਨਾਯਾਬ ਤੋਹਫ਼ਾ ਦੱਸਿਆ। ਉਨ੍ਹਾਂ ਕਿਹਾ, “ਮੈਂ ਸ਼ਲਾਘਾ ਕਰਦਾ ਹਾਂ ਸਰਕਾਰ ਦੀ, ਜਿਨ੍ਹਾਂ ਨੇ ਇਹ ਖੋਲ੍ਹਿਆ ਹੈ। ਕੁਝ ਚੀਜ਼ਾਂ ਸਿਆਸਤ ਤੋਂ ਬਹੁਤ ਉੱਪਰ ਹੁੰਦੀਆਂ ਹਨ। ਕੁਝ ਚੀਜ਼ਾਂ ਪਾਰਟੀਆਂ ਤੋਂ ਵੀ ਬਹੁਤ ਉੱਪਰ ਹੁੰਦੀਆਂ ਹਨ।”
“ਇਹ ਰਸਤਾ ਅਣਗਿਣਤ ਸੰਭਾਵਨਾਵਾਂ ਦਾ ਰਸਤਾ ਹੈ। ਅਸੀਂ ਅਰਦਾਸਾਂ ਕਰਦੇ ਹਾਂ ਤੇ ਅੱਜ ਮੇਰੀ ਅਰਦਾਸ ਹੈ, ਇੱਕ ਨਿਮਾਣੇ ਸਿੱਖ ਦੀ ਅਰਦਾਸ ਹੈ ਕਿ ਇਹ ਸਦਾ ਲਈ ਖੁੱਲ੍ਹਾ ਰਹੇ।”
“ਅਸਥਾਈ ਤੌਰ 'ਤੇ ਵੀ ਇਹ ਇੱਕ ਦਿਨ ਵੀ ਬੰਦ ਨਾ ਹੋਵੇ। ਮੈਂ ਇੱਕ ਨਿਮਾਣਾ ਸਿੱਖ ਹੋ ਕੇ ਅਪਲਾਈ ਜ਼ਰੂਰ ਕਰਾਂਗਾ, ਜੇ ਉਸ ਲਾਈਨ 'ਚ ਮੇਰਾ ਨੰਬਰ ਲੱਗਿਆ ਤਾਂ ਮੈਂ ਆਪਣੇ ਆਪ ਨੂੰ ਵਡਭਾਗੀ ਸਮਝਾਂਗਾ।”
ਭਾਜਪਾ ਨੇ ਕੀਤ ਮੋਦੀ ਦਾ ਧੰਨਵਾਦ
ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਖ਼ਬਰ ਮਿਲਣ ਤੋਂ ਬਾਅਦ ਤਰੁਣ ਚੁੱਘ ਮਿਠਾਈਆਂ ਵੰਡਦੇ ਨਜ਼ਰ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ, “ਨਰਿੰਦਰ ਮੋਦੀ ਜੀ ਦਾ ਬਹੁਤ-ਬਹੁਤ ਧੰਨਵਾਦ, ਜਿਨ੍ਹਾਂ ਨੇ ਸਾਡੀ ਪੰਜਾਬੀਆਂ ਦੀ, ਸਿੱਖਾਂ ਦੀ, ਗੁਰੂ ਨਾਨਕ ਨਾਮ ਲੇਵਾ ਪੂਰੀ ਸੰਗਤ ਦੀ ਅੱਜ ਆਵਾਜ਼ ਸੁਣੀ ਅਤੇ ਸ਼੍ਰੀ ਕਰਤਾਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਹੈ। ਇਹ ਇੱਕ ਸ਼ਲਾਘਾਯੋਗ ਕਦਮ ਹੈ। ਪੰਜਾਬੀ, ਗੁਰੂ ਨਾਨਕ ਨਾਮ ਲੇਵਾ ਵਿਸ਼ਵ 'ਚ ਜਿੱਥੇ ਵੀ ਹਨ, ਤੁਹਾਡਾ ਧੰਨਵਾਦ ਕਰਦੇ ਹਨ।”
ਇਹ ਵੀ ਪੜ੍ਹੋ:
ਇਹ ਵੀ ਦੇਖੋ: