ਕਰਤਾਰਪੁਰ ਲਾਂਘਾ: ਭਾਰਤ ਤੋਂ ਜਾਣ ਲਈ ਜਾਣੋ ਕੀ ਹਨ ਸ਼ਰਤਾਂ ਤੇ ਨਿਯਮ

ਤਸਵੀਰ ਸਰੋਤ, Ravinder SingH robin /BBC
ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਭਾਰਤੀ ਸਿੱਖਾਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਗੁਰਦੁਆਰਾ ਕਰਤਾਪੁਰ ਸਾਹਿਬ ਪਹੁੰਚਿਆ। ਇਸ ਜਥੇ ਵਿੱਚ ਕੁੱਲ 50 ਮੈਂਬਰ ਹਨ।
ਭਾਰਤ ਵਿੱਚ ਮੌਜੂਦ ਪਾਕਿਸਤਾਨ ਹਾਈ ਕਮਿਸ਼ਨ ਨੇ ਇੱਕ ਵੀਡੀਓ ਟਵੀਟ ਕਰਕੇ ਦੱਸਿਆ ਕਿ ਪਾਕਿਸਤਾਨ ਨੇ ਗੁਰਦੁਆਰੇ ਆਉਣ ਵਾਲੇ ਸਿੱਖ ਸ਼ਰਧਾਲੂਆਂ ਦਾ ਸਵਾਗਤ ਕੀਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਇਹ ਸਿੱਖ ਸ਼ਰਧਾਲੂ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੂਰਬ ਮੌਕੇ ਕਰਤਾਰਪੁਰ ਸਾਹਿਬ ਪਹੁੰਚੇ ਹਨ।
ਭਾਰਤ ਸਰਕਾਰ ਨੇ ਬੀਤੇ ਮੰਗਲਵਾਰ ਨੂੰ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਾ ਕਰਤਾਪੁਰ ਸਾਹਿਬ ਲਈ ਲਾਂਘਾ ਮੁੜ ਖੋਲ੍ਹੇ ਜਾਣ ਦਾ ਫ਼ੈਸਲਾ ਲਿਆ ਸੀ।
ਭਾਰਤ ਅਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿੱਚ ਅਤੇ ਭਾਰਤ ਦੀਆਂ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰੂਦੁਆਰੇ ਦਾ ਲਾਂਘਾ ਖੋਲ੍ਹਣ ਦਾ ਇਹ ਫ਼ੈਸਲਾ ਮੋਦੀ ਸਰਕਾਰ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਜੋ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਦੇ ਸਮਾਗਮਾਂ ਮੌਕੇ ਲਿਆ ਗਿਆ ਹੈ।
16 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਭਾਰਤ ਦੀ ਕੇਂਦਰੀ ਸਰਕਾਰ ਨੇ ਇਹ ਲਾਂਘਾ 17 ਨਵੰਬਰ ਭਾਵ ਅੱਜ ਤੋਂ ਖੋਲ੍ਹਣ ਦਾ ਫੈਸਲਾ ਲਿਆ ਹੈ।
ਪਾਕਿਸਤਾਨ ਨੇ 3000 ਸ਼ਰਧਾਲੂਆਂ ਨੂੰ ਦਿੱਤੇ ਸਨ ਵੀਜ਼ੇ
ਇਸ ਤੋਂ ਪਹਿਲਾਂ ਦਿੱਲੀ ਵਿਚਲੇ ਪਾਕਿਸਤਾਨੀ ਹਾਈ ਕਮੀਸ਼ਨ ਨੇ 3000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਸਨ, ਤਾਂ ਜੋ ਉਹ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੂਰਬ ਮੌਕੇ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰੂਦੁਆਰੇ ਵਿੱਚ ਦਰਸ਼ਨਾਂ ਲਈ ਜਾ ਸਕਣ।
ਕਰਤਾਰਪੁਰ ਨੂੰ ਵਾਇਆ ਅਟਾਰੀ ਬਾਰਡਰ ਰਾਹੀ ਜਾਣ ਵਾਲੇ ਜਥੇ ਦੀ ਇਹ ਧਾਰਮਿਕ ਯਾਤਰਾ 17-26 ਨਵੰਬਰ ਤੱਕ ਚੱਲੇਗੀ।
ਇਸ ਦੌਰਾਨ, ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਵਿੱਚ ਗੁਰੂਦੁਆਰਾ ਜਨਮ ਅਸਥਾਨ ਅਤੇ ਕਰਤਾਰਪੁਰ ਵਿੱਚ ਗੁਰੂਦੁਆਰਾ ਦਰਬਾਰ ਸਾਹਿਬ ਸਮੇਤ ਪਾਕਿਸਤਾਨ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਮੱਥਾ ਟੇਕਣਗੇ।

ਤਸਵੀਰ ਸਰੋਤ, Ravinder Singh Robin
ਲਾਂਘਾ ਖੁੱਲ੍ਹਦਿਆਂ ਦੀ ਸੰਗਤਾਂ ਰਵਾਨਾ
ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਦਿਆਂ ਹੀ ਭਾਰਤ ਤੋਂ ਸਿੱਖ ਸੰਗਤਾਂ ਨੇ ਜਾਣਾ ਸ਼ੁਰੂ ਕਰ ਦਿੱਤਾ।
ਜਿਨ੍ਹਾਂ ਸਿੱਖ ਸ਼ਰਧਾਲੂਆਂ ਨੇ ਕੋਵਿਡ ਤੋਂ ਪਹਿਲਾਂ ਜਾਣ ਲਈ ਅਪਲਾਈ ਕੀਤਾ ਸੀ ਅਤੇ ਜਿਨ੍ਹਾਂ ਨੇ ਐਲਾਨ ਤੋਂ ਬਾਅਦ ਅਪਲਾਈ ਕੀਤੀ ਹੈ, ਉਨ੍ਹਾਂ ਵਿੱਚੋਂ ਕਈ ਲੋਕ ਕਰਤਾਰਪੁਰ ਲ਼ਈ ਰਵਾਨਾ ਹੋਏ।
ਡੇਰਾ ਬਾਬਾ ਨਾਨਕ ਤੋਂ ਬੀਬੀਸੀ ਸਹਿਯੋਗੀ ਗੁਰਪ੍ਰੀਤ ਸਿੰਘ ਚਾਵਲਾ ਨੇ ਦੱਸਿਆ ਕਿ ਕਈ ਸ਼ਰਧਾਲੂ ਕਰਤਾਰਪੁਰ ਜਾਣ ਲਈ ਪਹੁੰਚੇ ਹੋਏ ਹਨ।
ਇਨ੍ਹਾਂ ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਅਪਲਾਈ ਪਹਿਲਾਂ ਹੀ ਕੀਤਾ ਹੋਇਆ ਸੀ ਅਤੇ ਉਹ ਲਾਂਘਾ ਖੁੱਲਦੇ ਹੀ ਜਾ ਰਹੇ ਹਨ।
ਉਨ੍ਹਾਂ ਤੋਂ ਪਾਸਪੋਰਟ ਤੋਂ ਇਲਾਵਾ ਕੋਵਿਡ ਦੀ ਵੈਕਸੀਨ ਲੱਗੇ ਹੋਣ ਦਾ ਪ੍ਰਮਾਣ ਮੰਗਿਆ ਗਿਆ ਹੈ। ਭਾਰਤ ਵਿਚ ਕੋਵਿਡ ਦਾ ਕੋਈ ਵੀ ਟੈਸਟ ਅਜੇ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਰਿਪੋਰਟ ਮੰਗੀ ਗਈ ਹੈ।

ਤਸਵੀਰ ਸਰੋਤ, Gurpreet Chawla /BBC
ਇਸ ਦੌਰਾਨ ਅੰਮ੍ਰਿਤਸਰ ਤੋਂ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨੇ ਕਰਤਾਰਪੁਰ ਵਿਚਲੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ਵਿਚ ਪਾਕਿਸਤਾਨ ਸਰਕਾਰ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਭਾਰਤੀ ਸ਼ਰਧਾਲੂਆਂ ਦਾ ਸਵਾਗਤ ਕਰਦੇ ਦਿਖ ਰਹੇ ਹਨ।
ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਅਮੀਰ ਸਿੰਘ ਨੇ ਕਿਹਾ, ਸਾਡੀਆਂ ਤੇ ਤੁਹਾਡੀਆਂ ਦੁਆਵਾਂ ਪੂਰੀਆਂ ਹੋਈਆਂ ਹਨ, ਅਸੀਂ ਤੁਹਾਡਾ ਤਹਿ ਦਿਲੋਂ ਸਵਾਗਤ ਕਰਦੇ ਹਾਂ। ਸਾਡੇ ਦਿਲ ਅਤੇ ਦਰਵਾਜ਼ੇ ਤੁਹਾਡੇ ਲਈ ਖੁੱਲ੍ਹੇ ਹਨ।
ਇਹ ਵੀ ਪੜ੍ਹੋ:
ਇਨ੍ਹਾਂ ਕੋਵਿਡ ਨਿਯਮਾਂ ਦੀ ਕਰਨੀ ਹੋਵੇਗੀ ਪਾਲਣਾ
ਇਸ ਤੋਂ ਪਹਿਲਾਂ ਬੀਬੀਸੀ ਸਹਿਯੋਗੀ ਗੁਰਪ੍ਰੀਤ ਚਾਵਲਾ ਨੇ ਪ੍ਰਸ਼ਾਸਨਿਕ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਸੀ ਕਿ ਸ਼ਰਧਾਲੂਆਂ ਨੂੰ ਕਈ ਨਿਯਮਾਂ ਦੀ ਪਾਲਣਾ ਕਰਨੀ ਪਏਗੀ:
- ਕੋਰੋਨਾ ਮਹਾਮਾਰੀ ਦੇ ਨਿਯਮਾਂ ਅਨੁਸਾਰ, ਦਰਸ਼ਨ ਲਈ ਜਾਣ ਵਾਲੇ ਸ਼ਰਧਾਲੂਆਂ ਕੋਲ ਕੋਰੋਨਾ ਟੀਕੇ ਦਾ ਸਰਟੀਫਿਕੇਟ ਹੋਣ ਦੇ ਨਾਲ-ਨਾਲ RT-PCR ਦੀ ਨੈਗੇਟਿਵ ਰਿਪੋਰਟ ਹੋਣਾ ਵੀ ਲਾਜ਼ਮੀ ਹੈ।
- ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਵਾਲੇ ਸ਼ਰਧਾਲੂਆਂ ਨੂੰ ਹਰ ਸਮੇਂ ਚਿਹਰੇ ਦੇ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਨਿਯਮ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।
- ਇਸ ਦੌਰਾਨ ਉਨ੍ਹਾਂ ਦੇ ਸਰੀਰ ਦੇ ਤਾਪਮਾਨ ਦੀ ਨਿਯਮਤ ਜਾਂਚ ਹੁੰਦੀ ਰਹੇਗੀ ਅਤੇ ਸੈਨੀਟਾਈਜ਼ੇਸ਼ਨ ਦਾ ਵੀ ਧਿਆਨ ਰੱਖਣਾ ਪਏਗਾ।
- ਪਾਕਿਸਤਾਨ ਪਹੁੰਚਣ ਵਾਲੇ ਯਾਤਰੀਆਂ ਨੂੰ ਉੱਥੇ ਪਹੁੰਚਣ 'ਤੇ ਰੈਪਿਡ ਐਂਟੀਜਨ ਟੈਸਟ (RAT) ਕਰਵਾਉਣਾ ਪਏਗਾ ਅਤੇ ਉੱਥੇ ਰਹਿਣ ਦੌਰਾਨ ਪਾਕਿਸਤਾਨ ਦੇ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਪਏਗੀ।
ਇਨ੍ਹਾਂ ਨਿਯਮਾਂ ਤੋਂ ਇਲਾਵਾ ਇੱਕ ਹੋਰ ਗੱਲ ਜੋ ਧਿਆਨ ਦੇਣ ਯੋਗ ਹੈ, ਉਹ ਇਹ ਹੈ ਕਿ ਇਸ ਯਾਤਰਾ ਲਈ ਪਹਿਲ ਉਨ੍ਹਾਂ ਯਾਤਰੀਆਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਨੇ ਸਾਲ 2019 ਵਿੱਚ ਇਸਦੇ ਲਈ ਰਜਿਸਟਰੇਸ਼ਨ ਕਰਵਾਇਆ ਸੀ ਪਰ ਯਾਤਰਾ ਬੰਦ ਹੋਣ ਕਾਰਨ ਉਹ ਦਰਸ਼ਨਾਂ ਲਈ ਨਹੀਂ ਜਾ ਸਕੇ ਸਨ।
ਇਸ ਲਈ, ਹੁਣ ਉਨ੍ਹਾਂ ਪੁਰਾਣੀ ਰਜਿਸਟਰੇਸ਼ਨ ਵਾਲੇ ਯਾਤਰੀਆਂ ਨੂੰ ਕਰਤਾਪੁਰ ਦੇ ਗੁਰੂਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਹਿਲ ਦਿੱਤੀ ਜਾ ਰਹੀ ਹੈ।

ਤਸਵੀਰ ਸਰੋਤ, GURINDER BAJWA/bbc
ਕਰਤਾਰਪੁਰ ਜਾਣ ਦੀ ਪ੍ਰਕਿਰਿਆ
ਅਜੇ ਤੱਕ ਇਸ ਪ੍ਰਕਿਰਿਆ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਇਸਦੇ ਲਈ ਪਹਿਲਾਂ ਵਾਲੀ ਪ੍ਰਕਿਰਿਆ ਹੀ ਅਪਨਾਉਣੀ ਪਏਗੀ:
- ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਸਭ ਤੋਂ ਪਹਿਲਾਂ ਭਾਰਤ ਸਰਕਾਰ ਦੇ ਪੋਰਟਲ https://prakashpurb550.mha.gov.in/kpr/ ਉੱਤੇ ਰਜਿਸਟਰ ਕਰਨਾ ਹੋਵੇਗਾ।
- ਯਾਤਰਾ ਤੋਂ ਚਾਰ ਦਿਨ ਪਹਿਲਾਂ ਯਾਤਰੀਆਂ ਨੂੰ ਯਾਤਰਾ ਦੀ ਸੂਚਨਾ ਮਿਲੇਗੀ।
- ਯਾਤਰਾ ਬਿਨਾ ਵੀਜੇ ਦੀ ਹੋਵੇਗੀ ਪਰ ਇਸ ਦੇ ਲਈ ਇਸ ਆਨ ਲਾਈਨ ਪੋਰਟਲ ਤੋਂ ਯਾਤਰਾ ਦਾ ਪਰਮਿਟ ਲੈਣਾ ਜ਼ਰੂਰੀ ਹੋਵੇਗਾ।
- ਯਾਤਰਾ ਦੇ ਆਨਲਾਈਨ ਬਿਨੈ-ਪੱਤਰ ਜਮ੍ਹਾਂ ਕਰਾਉਣ ਲਈ ਮੋਬਾਈਲ ਨੰਬਰ ਜ਼ਰੂਰੀ ਹੈ। ਯਾਤਰਾ ਦੇ ਆਨਲਾਈਨ ਬਿਨੈ-ਪੱਤਰ ਜਮ੍ਹਾਂ ਕਰਾਉਣ ਲਈ ਈ-ਮੇਲ ਆਈ.ਡੀ ਜ਼ਰੂਰੀ ਨਹੀਂ ਹੈ।
- ਹਾਲਾਂਕਿ ਜੇ ਆਨਲਾਈਨ ਵੇਰਵੇ ਜਮ੍ਹਾਂ ਕਰਦੇ ਸਮੇਂ ਈ-ਮੇਲ ਆਈ.ਡੀ ਮੁਹੱਈਆ ਕਰੋਗੇ ਤਾਂ ਇਲੈਕਟਰਾਨਿਕ ਟਰੈਵਲ ਆਥੋਰਾਈਜੇਸ਼ਨ (ਈਟੀਏ) ਨੂੰ ਈ-ਮੇਲ ਵਿੱਚ ਅਟੈਚਮੈਂਟ ਦੇ ਤੌਰ 'ਤੇ ਹਾਸਿਲ ਕੀਤਾ ਜਾ ਸਕਦਾ ਹੈ।
- ਬਦਲ ਦੇ ਤੌਰ 'ਤੇ ਮੋਬਾਇਲ ਸੰਦੇਸ਼ ਵਿਚ ਦਿੱਤੇ ਲਿੰਕ ਤੋਂ ਈਟੀਏ ਡਾਊਨਲੋਡ ਕੀਤਾ ਜਾ ਸਕਦਾ ਹੈ।
- ਭਾਰਤ ਵਲੋਂ ਇਹ ਯਾਤਰਾ ਮੁਫ਼ਤ ਹੈ ਪਰ ਪਾਕਿਸਤਨ ਵਲੋਂ ਪ੍ਰਤੀ ਯਾਤਰੀ 20 ਡਾਲਰ ਦੀ ਫ਼ੀਸ ਲਈ ਜਾਵੇਗੀ ਜੋ ਕਿ ਭਾਰਤੀ ਕਰੰਸੀ ਮੁਤਾਬਕ ਤਕਰੀਬਨ 1400 ਰੁਪਏ ਹੋਵੇਗੀ। ਇਹ ਫੀਸ ਸ਼ੁਰੂਆਤੀ ਦਿਨਾਂ ਵਿੱਚ ਨਹੀਂ ਲੱਗੇਗੀ।
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post















