ਭਾਜਪਾ ਸਾਂਸਦ ਵਰੁਣ ਗਾਂਧੀ ਦੀ ਮੋਦੀ ਦੇ ਨਾਂ ਖੁੱਲ੍ਹੀ ਚਿੱਠੀ-ਮ੍ਰਿਤਕ ਕਿਸਾਨਾਂ ਲਈ ਇੱਕ-ਇੱਕ ਕਰੋੜ ਮੁਆਵਜ਼ੇ ਦੀ ਮੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਭਾਜਪਾ ਆਗੂ ਵਰੁਣ ਗਾਂਧੀ ਨੇ ਪ੍ਰਧਾਨ ਮੰਤਰੀ ਦੇ ਨਾਂ ਇੱਕ ਖੁੱਲ੍ਹਾ ਖ਼ਤ ਲਿਖਿਆ ਹੈ।

ਆਪਣੀ ਇਸ ਚਿੱਠੀ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਲੈ ਕੇ ਕੁਝ ਮੰਗਾਂ ਰੱਖੀਆਂ ਹਨ।

ਪ੍ਰਧਾਨ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਜਿੱਥੇ ਕਿਸਾਨਾਂ ਅਤੇ ਉਨ੍ਹਾਂ ਦਾ ਸਮਰਥਨ ਕਰ ਰਹੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਉੱਥੇ ਹੀ ਵੱਖ-ਵੱਖ ਪਾਰਟੀਆਂ ਦੇ ਆਗੂ ਵੀ ਆਪਣੇ ਵਿਚਾਰ ਜ਼ਾਹਰ ਕਰ ਰਹੇ ਹਨ।

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਦਾ ਜ਼ਿਆਦਾਤਰ ਸਿਆਸਤਦਾਨਾਂ ਵੱਲੋਂ ਸਵਾਗਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੇ ਇਸਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਸ ਨੂੰ ਕਿਸਾਨਾਂ ਦੀ ਜਿੱਤ ਦੱਸਿਆ ਤਾਂ ਪ੍ਰਿਅੰਕਾ ਗਾਂਧੀ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਠੀ ਲਿਖ ਕੇ ਲਖੀਮਪੁਰ ਹਿੰਸਾ ਦੇ ਪੀੜਤਾਂ ਨੂੰ ਨਿਆਂ ਦੇਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ:

ਉਨ੍ਹਾਂ ਨੇ ਇੱਕ ਟਵੀਟ ਕਰਦਿਆਂ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਐੱਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) 'ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ।

ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਵੱਲੋਂ ਲਿਖੀ ਹੋਈ ਚਿੱਠੀ ਦੀ ਤਸਵੀਰ ਸਾਂਝਾ ਕਰਦਿਆਂ ਲਿਖਿਆ - ਸਨਮਾਨਯੋਗ ਪ੍ਰਧਾਨ ਮੰਤਰੀ ਜੀ ਦੇ ਨਾਂ ਇਸ ਵਿਸ਼ੇ 'ਚ ਮੇਰਾ ਪੱਤਰ:

ਉਨ੍ਹਾਂ ਨੇ ਆਪਣੀ ਇਸ ਚਿੱਠੀ ਵਿੱਚ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਅੰਦੋਲਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਵਿਧਾਨਿਕ ਗਾਰੰਟੀ ਦੀ ਗੱਲ ਕਰਦਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੱਡਾ ਦਿਲ ਕਰਕੇ ਇਹ ਕਾਨੂੰਨ ਵਾਪਸ ਲੈਣ ਲਈ ਧੰਨਵਾਦ ਦਿੱਤਾ।

ਨਾਲ ਹੀ ਉਨ੍ਹਾਂ ਇਹ ਵੀ ਲਿਖਿਆ ਕਿ ਇਸ ਕਠਿਨ ਅੰਦੋਲਨ ਵਿੱਚ 700 ਕਿਸਾਨ ਸ਼ਹੀਦ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਪਹਿਲਾਂ ਹੀ ਇਹ ਫੈਸਲਾ ਲੈ ਲੈਂਦੀ ਤਾਂ ਇੰਨੀ ਵੱਡੀ ਲੋਕ-ਹਾਨੀ ਨਹੀਂ ਹੁੰਦੀ।

ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਮੁਆਵਜ਼ੇ ਦੀ ਮੰਗ

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਅੰਦੋਲਨ ਦੌਰਾਨ ਕਿਸਾਨਾਂ ਨੂੰ ਪਰੇਸ਼ਾਨ ਕਰਨ ਲਈ ਜਿੰਨੀਆਂ ਵੀ ਫਰਜ਼ੀ ਐਫਆਈਆਰਜ਼ ਦਰਜ ਹੋਈਆਂ ਹਨ, ਉਨ੍ਹਾਂ ਨੂੰ ਤੁਰੰਤ ਖਾਰਜ ਕੀਤਾ ਜਾਵੇ।

ਆਪਣੀ ਚਿੱਠੀ ਵਿੱਚ ਦੇਸ਼ ਦੇ 85 ਫੀਸਦ ਛੋਟੇ, ਲਘੂ ਅਤੇ ਸੀਮਾਂਤ ਕਿਸਾਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਫਸਲਾਂ ਦਾ ਲਾਭਕਾਰੀ ਮੁੱਲ ਦਿਵਾਉਣਾ ਯਕੀਨੀ ਬਣਾਉਣ ਦੀ ਲੋੜ ਹੈ।

ਐੱਮਐੱਸਪੀ ਲਈ ਸੁਝਾਇਆ ਫਾਰਮੂਲਾ

ਵਰੁਣ ਨੇ ਲਿਖਿਆ ਕਿ ਕਿਸਾਨਾਂ ਦਾ ਵੱਡਾ ਮੁੱਦਾ ਐੱਮਐੱਸਪੀ ਹੈ, ਇਸ ਨੂੰ ਹੱਲ ਕੀਤੇ ਬਿਨਾਂ ਇਹ ਅੰਦੋਲਨ ਖ਼ਤਮ ਨਹੀਂ ਹੋਵੇਗਾ ਅਤੇ ਕਿਸੇ ਨਾ ਕਿਸੇ ਰੂਪ 'ਚ ਰੋਸ ਸਾਹਮਣੇ ਆਉਂਦਾ ਰਹੇਗਾ।

ਉਨ੍ਹਾਂ ਮੁਤਾਬਕ ਐੱਮਐੱਸਪੀ ਦੀ ਵਿਧਾਨਿਕ ਗਾਰੰਟੀ ਜ਼ਰੂਰੀ ਹੈ ਅਤੇ ਐੱਮਐੱਸਪੀ ਵੀ ਖੇਤੀ ਲਾਗਤ ਮੁੱਲ ਆਯੋਗ ਦੇ C2+50% ਫਾਰਮੂਲੇ ਦੇ ਆਧਾਰ 'ਤੇ ਹੋਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਦੀ ਸੁਰੱਖਿਆ ਦੀ ਗੱਲ ਕਰਦਿਆਂ ਇਸ ਮੰਗ ਨੂੰ ਤੁਰੰਤ ਮੰਨਣ ਦੀ ਬੇਨਤੀ ਕੀਤੀ।

ਲਖੀਮਪੁਰ ਖੀਰੀ ਲਈ ਮੰਗਿਆ ਨਿਆਂ

ਆਪਣੀ ਇਸ ਚਿੱਠੀ ਵਿੱਚ ਉਨ੍ਹਾਂ ਨੇ ਇਸ ਮੁੱਦੇ 'ਤੇ ਵੱਖ-ਵੱਖ ਸਿਆਸਤਦਾਨਾਂ ਅਤੇ ਵੱਡੇ ਅਧਿਕਾਰੀਆਂ ਵੱਲੋਂ ਦਿੱਤੇ ਬਿਆਨਾਂ ਦੀ ਵੀ ਚਰਚਾ ਕੀਤੀ ਤੇ ਕਿਹਾ ਕਿ ਇਸ ਨੂੰ ਨਜ਼ਰਅੰਦਾਜ਼ ਕਰਨ 'ਤੇ ਹੀ ਲਖੀਮਪੁਰ ਖੀਰੀ ਵਿੱਚ 5 ਕਿਸਾਨਾਂ ਨੂੰ ਕਾਰ ਨਾਲ ਕੁਚਲਣ ਵਰਗੀ ਹਿੰਸਾ ਹੋਈ।

ਉਨ੍ਹਾਂ ਇਸ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਇਸ ਨੂੰ ਲੋਕਤੰਤਰ 'ਤੇ ਇੱਕ ਕਾਲਾ ਧੱਬਾ ਦੱਸਿਆ। ਚਿੱਠੀ ਦੇ ਅੰਤ ਵਿੱਚ ਵਰੁਣ ਨੇ ਲਿਖਿਆ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਕਿਸਾਨਾਂ ਦੀਆਂ ਉਪਰੋਕਤ ਮੰਗਾਂ ਨੂੰ ਮੰਨ ਕੇ ਲਖੀਮਪੁਰ ਖੀਰੀ ਮਾਮਲੇ 'ਚ ਨਿਆਂ ਕਰਕੇ ਪ੍ਰਧਾਨ ਮੰਤਰੀ ਦਾ ਕੱਦ ਦੇਸ਼ 'ਚ ਹੋਰ ਉੱਚਾ ਉੱਠ ਜਾਵੇਗਾ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)