2021: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਸਣੇ ਪੰਜਾਬ ਦੀਆਂ 5 ਘਟਨਾਵਾਂ ਜਿਸ ਦਾ ਅਸਰ ਕਈ ਸਾਲਾਂ ਤੱਕ ਦਿਖੇਗਾ

    • ਲੇਖਕ, ਅਰਸ਼ਦੀਪ ਕੌਰ
    • ਰੋਲ, ਬੀਬੀਸੀ ਪੱਤਰਕਾਰ

ਸਾਲ 2021 ਵਿੱਚ ਪੰਜਾਬ ਦੇ ਨਜ਼ਰੀਏ ਤੋਂ ਕਈ ਅਜਿਹੀਆਂ ਘਟਨਾਵਾਂ ਹੋਈਆਂ ਜੋ ਸੂਬੇ ਲਈ ਅਹਿਮ ਹੋ ਨਿੱਬੜੀਆਂ।

ਇਨ੍ਹਾਂ ਵਿੱਚੋਂ ਕੁਝ ਅਜਿਹੀਆਂ ਘਟਨਾਵਾਂ ਵੀ ਹਨ, ਜਿਨ੍ਹਾਂ ਦਾ ਅਸਰ ਅਗਲੇ ਸਾਲਾਂ ਵਿੱਚ ਵੀ ਸੂਬੇ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।

2021 ਨੂੰ ਅਲਵਿਦਾ ਕਹਿਣ ਤੋਂ ਪਹਿਲਾਂ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਇਨ੍ਹਾਂ ਕੁਝ ਖ਼ਬਰਾਂ ਉੱਪਰ ਇੱਕ ਨਜ਼ਰ:

ਖੇਤੀ ਕਾਨੂੰਨ ਲਏ ਗਏ ਵਾਪਿਸ

19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ। ਇਹ ਕਾਨੂੰਨ ਸਿਤੰਬਰ 2020 ਵਿਚ ਪਾਸ ਕੀਤੇ ਗਏ ਸਨ।

ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਪੰਜਾਬ ਸਣੇ ਮੁਲਕ ਦੀਆਂ ਦਰਜਨਾਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੀਆਂ ਬਰੂਹਾਂ ਉੱਤੇ ਸਾਲ ਤੋਂ ਵੱਧ ਸਮਾਂ ਅੰਦੋਲਨ ਕੀਤਾ।

ਪ੍ਰਧਾਨ ਮੰਤਰੀ ਦੇ ਕਾਨੂੰਨ ਵਾਪਸ ਲੈਣ ਦੇ ਕਦਮ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨਾਲ ਜੋੜ ਕੇ ਵੀ ਦੇਖਿਆ ਗਿਆ।

ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਲੋਕ ਸਭਾ ਅਤੇ ਰਾਜ ਸਭਾ ਵਿੱਚ ਇਹ ਕਾਨੂੰਨ ਵਾਪਸ ਲਏ ਗਏ।

ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਹਰਿਆਣਾ ਅਤੇ ਦਿੱਲੀ ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ 'ਤੇ ਨਵੰਬਰ 2020 ਤੋਂ ਬੈਠੇ ਕਿਸਾਨ 11 ਦਸੰਬਰ 2021 ਤੋਂ ਆਪਣੇ ਘਰ ਵਾਪਿਸ ਆਉਣੇ ਸ਼ੁਰੂ ਹੋ ਗਏ।

ਖੇਤੀ ਕਾਨੂੰਨਾਂ ਨੇ ਪੰਜਾਬ ਦੀਆਂ ਰਾਜਨੀਤਕ ਸਰਗਰਮੀਆਂ ਉੱਪਰ ਅਮਿੱਟ ਛਾਪ ਛੱਡੀ ਹੈ। ਭਾਵੇਂ ਉਹ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਲਗਪਗ ਤਿੰਨ ਦਹਾਕੇ ਪੁਰਾਣੇ ਸ਼੍ਰੋਮਣੀ ਅਕਾਲੀ ਦਲ -ਭਾਜਪਾ ਗੱਠਜੋੜ ਦਾ ਟੁੱਟਣਾ ਹੋਵੇ ਜਾਂ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਪੰਜਾਬ ਦੀਆਂ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ।

ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਦੀਆਂ ਘਟਨਾਵਾਂ, ਸਿੰਘੁ ਬਾਰਡਰ 'ਤੇ ਕਤਲ ਅਤੇ ਕਿਸਾਨ ਜਥੇਬੰਦੀਆਂ ਦੇ ਮੁਤਾਬਕ 700 ਤੋਂ ਵੱਧ ਕਿਸਾਨਾਂ ਦੀ ਮੌਤ ਵੀ ਚਰਚਾ ਦਾ ਵਿਸ਼ਾ ਰਹੇ। ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਵੀ ਇਸ ਕਿਸਾਨ ਅੰਦੋਲਨ ਨੇ ਇੱਕ ਕੀਤਾ।

ਇਹ ਵੀ ਪੜ੍ਹੋ:

ਕੈਪਟਨ ਅਮਰਿੰਦਰ ਦਾ ਅਸਤੀਫ਼ਾ ਤੇ ਚਰਨਜੀਤ ਚੰਨੀ ਬਣੇ ਮੁੱਖ ਮੰਤਰੀ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਦਾ ਮੁੱਖ ਮੰਤਰੀ ਬਦਲ ਦਿੱਤਾ ਗਿਆ।

ਪੰਜਾਬ ਦੇ 40 ਤੋਂ ਵੱਧ ਵਿਧਾਇਕਾਂ ਵੱਲੋਂ ਕਾਂਗਰਸ ਹਾਈਕਮਾਨ ਨੂੰ ਚਿੱਠੀ ਲਿਖਣ ਤੋਂ ਬਾਅਦ ਸੀਐਲਪੀ ਦੀ ਬੈਠਕ ਬੁਲਾਈ ਗਈ ਸੀ।

ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। 20 ਸਤੰਬਰ ਨੂੰ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ।

ਸੂਬੇ ਦੇ ਪਹਿਲੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀ ਨੂੰ ਮੁੱਖ ਮੰਤਰੀ ਬਣਾਉਣ ਦਾ ਕਾਂਗਰਸ ਦਾ ਫ਼ੈਸਲਾ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਵੇਖਿਆ ਗਿਆ।

ਚਰਨਜੀਤ ਸਿੰਘ ਚੰਨੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਕਈ ਅਹਿਮ ਐਲਾਨ ਕੀਤੇ ਗਏ ਜਿਨ੍ਹਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿੱਚ ਕਮੀ ਆਦਿ ਅਹਿਮ ਸਨ।

ਅਸਤੀਫੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ। 2 ਨਵੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੀ ਅਸਤੀਫ਼ਾ ਦੇ ਦਿੱਤਾ ਅਤੇ ਫਿਰ ਆਪਣੀ 'ਲੋਕ ਕਾਂਗਰਸ ਪਾਰਟੀ' ਬਣਾਉਣ ਦਾ ਐਲਾਨ ਕਰ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸਾਂਝੇ ਤੌਰ 'ਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨਗੀਆਂ।

ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ

ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ 18 ਜੁਲਾਈ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਦਾ ਵਿਰੋਧ ਕੀਤਾ ਗਿਆ।

ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਜਾਰੀ ਰੱਖਿਆ।

ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਵੀ ਸਿੱਧੂ ਨੇ ਆਪਣੀ ਹੀ ਸਰਕਾਰ ਉੱਪਰ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ਤੇ ਸਵਾਲ ਚੁੱਕਣੇ ਜਾਰੀ ਰੱਖੇ।

ਇਕਬਾਲਪ੍ਰੀਤ ਸਿੰਘ ਸਹੋਤਾ ਦੇ ਡੀਜੀਪੀ ਅਤੇ ਅਮਰਪ੍ਰੀਤ ਸਿੰਘ ਦਿਓਲ ਦੇ ਐਡਵੋਕੇਟ ਜਨਰਲ ਨਿਯੁਕਤ ਹੋਣ ਦਾ ਉਨ੍ਹਾਂ ਨੇ ਵਿਰੋਧ ਕੀਤਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ਇਨ੍ਹਾਂ ਦੋਹਾਂ ਨੂੰ ਬਦਲੇ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਮੁੜ ਆਪਣਾ ਅਹੁਦਾ ਸੰਭਾਲਿਆ। 13 ਦਸੰਬਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵੱਲੋਂ ਚੋਣ ਕਮੇਟੀ ਦਾ ਪ੍ਰਧਾਨ ਥਾਪਿਆ ਗਿਆ।

ਬਿਕਰਮ ਸਿੰਘ ਮਜੀਠੀਆ ਉੱਪਰ ਹੋਈ ਐੱਫਆਈਆਰ

ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਉੱਪਰ ਨਸ਼ਿਆਂ ਅਤੇ ਰੇਤੇ ਦੀ ਮਾਈਨਿੰਗ ਸਬੰਧੀ 20 ਦਸੰਬਰ ਨੂੰ ਇਕ ਐੱਫਆਈਆਰ ਪੰਜਾਬ ਪੁਲਿਸ ਵੱਲੋਂ ਕੀਤੀ ਗਈ।

ਇਸ ਤੋਂ ਅਗਲੇ ਦਿਨ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਹੋਇਆ।

ਪੰਜਾਬ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਨਸ਼ਿਆਂ ਵਿਰੁੱਧ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਬਣੀ ਐਸਟੀਐਫ ਦੀ ਰਿਪੋਰਟ ਦੇ ਆਧਾਰ 'ਤੇ ਇਹ ਐਫਆਈਆਰ ਤਿਆਰ ਕੀਤੀ ਗਈ ਹੈ।

ਇਹ ਰਿਪੋਰਟ ਇਸ ਐਫਆਈਆਰ ਤੋਂ ਪਹਿਲਾਂ ਕਦੇ ਵੀ ਜਨਤਕ ਨਹੀਂ ਕੀਤੀ ਗਈ ਸੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਐਫਆਈਆਰ ਦੇ ਵਿਰੋਧ ਵਿੱਚ ਪ੍ਰਦਰਸ਼ਨ ਵੀ ਕੀਤੇ ਗਏ। ਬਿਕਰਮ ਸਿੰਘ ਮਜੀਠੀਆ ਵੱਲੋਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਚ' ਅਰਜ਼ੀ ਇਹ ਵੀ ਲਗਾਈ ਗਈ ਹੈ ਜਿਸ ਉਪਰ ਸੁਣਵਾਈ ਹੁਣ ਪੰਜ ਜਨਵਰੀ ਨੂੰ ਹੋਣੀ ਹੈ।

6 ਜਨਵਰੀ 2014 ਨੂੰ ਸਾਬਕਾ ਡੀਐਸਪੀ ਅਤੇ ਨਸ਼ਿਆਂ ਦੇ ਮਾਮਲੇ ਦੇ ਦੋਸ਼ੀ ਜਗਦੀਸ਼ ਭੋਲਾ ਵੱਲੋਂ ਮੋਹਾਲੀ ਦੀ ਅਦਾਲਤ ਦੇ ਬਾਹਰ ਮੀਡੀਆ ਅੱਗੇ ਬਿਕਰਮ ਸਿੰਘ ਮਜੀਠੀਆ ਦਾ ਨਾਮ ਲਿਆ ਗਿਆ ਸੀ।

ਦਸੰਬਰ 2014 ਵਿੱਚ ਈਡੀ ਵੱਲੋਂ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕੀਤੀ ਗਈ ਸੀ।

2017 ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੋਣ ਪ੍ਰਚਾਰ ਵੀ ਕੀਤਾ ਗਿਆ ਅਤੇ ਬਾਅਦ ਵਿੱਚ ਮਾਫੀ ਵੀ ਮੰਗੀ ਗਈ।

ਚੋਣ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਚੋਂ ਨਸ਼ੇ ਖਤਮ ਕਰਨ ਦੀ ਗੱਲ ਵੀ ਆਖੀ ਗਈ, ਜਿਸ ਨੇ ਕਾਂਗਰਸ ਲਈ ਸੱਤਾ ਦਾ ਰਾਹ ਵੀ ਮੁੜ ਖੋਲਿਆ।

ਬਿਕਰਮ ਸਿੰਘ ਮਜੀਠੀਆ ਉੱਪਰ ਹੋਈ ਐਫਆਈਆਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਰੰਜਿਸ਼ ਕਰਾਰ ਦਿੱਤਾ ਅਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਨ੍ਹਾਂ ਹਾਲਾਤਾਂ ਦਾ ਡਟ ਕੇ ਸਾਹਮਣਾ ਕਰਨ ਦੀ ਗੱਲ ਵੀ ਆਖੀ ਗਈ।

ਬੇਅਦਬੀ ਦੇ ਮੁੱਦੇ ਫਿਰ ਚਰਚਾ ਵਿੱਚ

ਭਾਵੇਂ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫਾ ਹੋਵੇ,ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਐਸਆਈਟੀ ਵੱਲੋਂ ਪੁੱਛਗਿੱਛ ਜਾਂ ਦਰਬਾਰ ਸਾਹਿਬ ਵਿੱਚ ਭੀੜ ਵੱਲੋਂ ਕਤਲ-ਇਨ੍ਹਾਂ ਸਾਰੇ ਮੁੱਦਿਆਂ ਦਾ ਕਾਰਨ ਬੇਅਦਬੀ ਦੀਆ ਘਟਨਾਵਾਂ ਹੀ ਸਨ।

2015 ਦੀਆਂ ਘਟਨਾਵਾਂ ਦੀ ਜਾਂਚ ਲਈ ਤਿੰਨ ਨਵੀਂਆਂ ਐੱਸਆਈਟੀ ਬਣਾਈਆਂ ਗਈਆਂ ਜਿਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਕਈ ਸੀਨੀਅਰ ਪੁਲਿਸ ਅਫ਼ਸਰ ਅਤੇ ਰਾਜਨੀਤਿਕ ਆਗੂਆਂ ਤੋਂ ਪੁੱਛਗਿੱਛ ਕੀਤੀ।

ਕਿਸਾਨ ਅੰਦੋਲਨ ਦੌਰਾਨ ਸਿੰਘੁ ਬਾਰਡਰ 'ਤੇ ਹੋਏ ਕਤਲ ਪਿੱਛੇ ਵੀ ਕਥਿਤ ਬੇਅਦਬੀ ਨੂੰ ਹੀ ਕਾਰਨ ਦੱਸਿਆ ਗਿਆ ਸੀ। ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੀੜ ਵੱਲੋਂ ਕਤਲ ਦਾ ਕਾਰਨ ਬਣੀ।

ਸਿਆਸੀ ਵਿਰੋਧੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਲੇ ਜਾਣ ਪਿੱਛੇ ਇਕ ਕਾਰਨ ਬੇਅਦਬੀ ਦੀਆਂ ਘਟਨਾਵਾਂ ਦੀ ਠੋਸ ਜਾਂਚ ਵਿੱਚ ਨਾਕਾਮਯਾਬੀ ਅਤੇ ਇਨਸਾਫ ਨਾ ਹੋਣਾ ਵੀ ਦੱਸੀ ਗਈ ਸੀ।

ਇਹ ਵੀ ਰਿਹਾ ਚਰਚਾ ਵਿੱਚ

  • ਲਗਪਗ ਚਾਰ ਦਹਾਕਿਆਂ ਦੇ ਲੰਬੇ ਵਕਫ਼ੇ ਤੋਂ ਬਾਅਦ ਮੁੰਡਿਆਂ ਦੀ ਭਾਰਤੀ ਹਾਕੀ ਟੀਮ ਨੇ ਕਪਤਾਨ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਟੋਕੀਓ ਓਲੰਪਿਕਸ ਵਿਖੇ ਕਾਂਸੀ ਦਾ ਤਮਗਾ ਜਿੱਤਿਆ। ਇਸ ਟੀਮ ਵਿੱਚ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਦੇ ਸਨ।
  • ਇਨ੍ਹਾਂ ਓਲੰਪਿਕ ਖੇਡਾਂ ਵਿੱਚ ਹੀ ਮੁਕਤਸਰ ਦੀ ਕਮਲਪ੍ਰੀਤ ਕੌਰ ਵੀ ਡਿਸਕਸ ਥਰੋਅ ਦੇ ਫਾਈਨਲ ਤੱਕ ਪਹੁੰਚੇ ਸਨ।
  • 'ਉਡਣੇ ਸਿੱਖ' ਵਜੋਂ ਮਸ਼ਹੂਰ ਮਿਲਖਾ ਸਿੰਘ ਦੀ ਮੌਤ ਨੇ ਵੀ ਖੇਡ ਪ੍ਰੇਮੀਆਂ ਨੂੰ ਮਾਯੂਸ ਕੀਤਾ।
  • ਕੋਰੋਨਾ ਵਾਇਰਸ ਕਾਰਨ ਅਸਥਾਈ ਰੂਪ ਵਿੱਚ ਬੰਦ ਕੀਤੇ ਗਏ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਵੀ ਭਾਰਤ ਸਰਕਾਰ ਨੇ ਕੀਤਾ।
  • ਦਸੰਬਰ ਵਿੱਚ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਇਆ ਧਮਾਕਾ ਵੀ ਸੁਰਖੀਆਂ ਵਿੱਚ ਰਿਹਾ।
  • 21 ਵਰ੍ਹਿਆਂ ਬਾਅਦ ਹਰਨਾਜ਼ ਕੌਰ ਸੰਧੂ ਨੇ ਮਿਸ ਯੂਨੀਵਰਸ ਦਾ ਖਿਤਾਬ ਭਾਰਤ ਦੀ ਝੋਲੀ ਵਿੱਚ ਪਾਇਆ।
  • ਸਿਆਸੀ ਗਲਿਆਰਿਆਂ ਵਿਚ ਭਾਜਪਾ ਦੀਆਂ ਵਧਦੀਆਂ ਸਰਗਰਮੀਆਂ ਵੀ ਚਰਚਾ ਦਾ ਵਿਸ਼ਾ ਬਣੀਆਂ। ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਬੈਠਕਾਂ ਤੋਂ ਬਾਅਦ ਗਠਬੰਧਨ ਅਤੇ ਕਈ ਕਾਂਗਰਸੀ ਵਿਧਾਇਕਾਂ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਵੀ ਵਿਧਾਨ ਸਭਾ ਚੋਣਾਂ ਦੇ ਬਦਲਦੇ ਸਿਆਸੀ ਸਮੀਕਰਨਾਂ ਵੱਲ ਇਸ਼ਾਰਾ ਕਰਦਾ ਹੈ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)