ਭਗਵੰਤ ਮਾਨ ਵੱਲੋਂ ਗੁਰਬਾਣੀ ਦੇ ਪ੍ਰਸਾਰ ਬਾਰੇ ਕੀਤੀ ਪੇਸ਼ਕਸ਼ 'ਤੇ ਐੱਸਜੀਪੀਸੀ ਨੂੰ ਕੀ ਇਤਰਾਜ਼ ਹਨ

    • ਲੇਖਕ, ਅਰਸ਼ਦੀਪ ਕੌਰ
    • ਰੋਲ, ਬੀਬੀਸੀ ਪੱਤਰਕਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਗੁਰੂ ਘਰਾਂ ਦੇ ਪ੍ਰਬੰਧ ਵਿੱਚ ਦਖ਼ਲਅੰਦਾਜ਼ੀ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਪੰਜਾਬ ਸਰਕਾਰ ਨੂੰ ਇਜਾਜ਼ਤ ਦੇਣ ਦੀ ਅਪੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਮੁੱਖ ਮੰਤਰੀ ਸਰਕਾਰ ਦੇ ਕੰਮਾਂ ਵੱਲ ਧਿਆਨ ਦੇਣ ਨਾ ਕਿ ਸਿਆਸਤ ਕਰਨ।

ਐੱਸਜੀਪੀਸੀ ਦੀ ਸਹਾਇਤਾ ਦੀ ਕੀਤੀ ਸੀ ਪੇਸ਼ਕਸ਼

ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੀਡੀਓ ਜਾਰੀ ਕੀਤਾ ਗਿਆ ਸੀ। ਇਸ ਵੀਡੀਓ ਨੂੰ ਟਵੀਟ ਕਰਦੇ ਹੋਏ ਭਗਵੰਤ ਮਾਨ ਨੇ ਲਿਖਿਆ ਸੀ, "ਪਵਿੱਤਰ ਗੁਰਬਾਣੀ ਦਾ ਪੂਰੀ ਦੁਨੀਆਂ ਦੀ ਸੰਗਤ ਤੱਕ ਪ੍ਰਸਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੀ ਨਹੀਂ ਫਰਜ਼ ਵੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਡੀ ਜੋ ਵੀ ਸੇਵਾ ਲਗਾਵੇਗੀ ਅਸੀਂ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਾਂਗਾ।"

ਉਨ੍ਹਾਂ ਨੇ ਅੱਗੇ ਲਿਖਿਆ ਸੀ, "ਪ੍ਰਸਾਰ ਦੀਆਂ ਨਵੀਂਆਂ ਤਕਨੀਕਾਂ ਰਾਹੀਂ ਦਰਬਾਰ ਸਾਹਿਬ ਤੋਂ ਗੁਰਬਾਣੀ ਲੋਕਾਂ ਤੱਕ ਪਹੁੰਚਾਉਣ ਲਈ ਸਾਰਾ ਖਰਚਾ ਸਰਕਾਰ ਚੁੱਕਣ ਲਈ ਤਿਆਰ ਹੈ।"

ਆਪਣੀ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਵੱਲੋਂ ਨਵੇਂ ਕੈਮਰੇ ਅਤੇ ਪ੍ਰਸਾਰਣ ਉਪਕਰਨ ਮੁਹੱਈਆ ਕਰਵਾਉਣ ਦੀ ਗੱਲ ਵੀ ਆਖੀ ਗਈ ਸੀ।

ਉਨ੍ਹਾਂ ਨੇ ਆਖਿਆ ਸੀ ਕਿ ਪ੍ਰਸਾਰਨ ਦੇ ਡਿਜੀਟਲ ਮਾਧਿਅਮ ਜਿਵੇਂ ਯੂਟਿਊਬ, ਮੋਬਾਇਲ ਐਪਸ, ਧਾਰਮਿਕ ਚੈਨਲ ਜਾਂ ਕੋਈ ਹੋਰ ਚੈਨਲ ਜੋ ਇੱਕ ਮਾਧਿਅਮ ਦੀ ਬਜਾਏ ਵੱਖ ਵੱਖ ਤਕਨੀਕਾਂ ਵਰਤ ਕੇ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦੇ ਹੋਣ, ਉਸ ਲਈ ਵੀ ਸਰਕਾਰ ਆਰਥਿਕ ਸਹਾਇਤਾ ਮੁਹੱਈਆ ਕਰਵਾਏਗੀ।

'ਸਿਆਸੀ ਲਾਹਾ ਲੈਣ ਲਈ ਗੁਰੂ ਘਰ ਦੇ ਪ੍ਰਬੰਧਾਂ ਵਿੱਚ ਦਖ਼ਲਅੰਦਾਜ਼ੀ ਨਾ ਕਰੋ'

ਮੁੱਖ ਮੰਤਰੀ ਦੀ ਇਸ ਅਪੀਲ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਗਈ ਹੈ।

ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿੱਚ ਦਖ਼ਲ ਨਾ ਦੇਵੇ।

ਇਸ ਬਿਆਨ ਵਿੱਚ ਆਖਿਆ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਤੋਂ ਪਹਿਲਾਂ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਦਾ ਸੁੰਦਰੀਕਰਨ ਕੀਤਾ ਜਾਵੇ।

ਐੱਸਜੀਪੀਸੀ ਨੇ ਆਖਿਆ ਕਿ ਵਿੱਦਿਅਕ ਅਦਾਰੇ ਲਈ ਕਰੋੜਾਂ ਰੁਪਏ ਦੀ ਐਸਸੀ ਸਕਾਲਰਸ਼ਿਪ ਸਰਕਾਰ ਵੱਲ ਰੁਕੀ ਹੋਈ ਹੈ, ਜਿਸ ਨੂੰ ਸਰਕਾਰ ਜਾਰੀ ਕਰੇ ਅਤੇ ਏਡਿਡ ਸਕੂਲਾਂ ਦੇ ਸਟਾਫ ਸਬੰਧੀ ਮਸਲੇ ਵੀ ਹੱਲ ਕਰੇ।

ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਸਿਆਸਤ ਕਰਨ ਦੀ ਬਜਾਏ ਸਰਕਾਰ ਦੇ ਕੰਮਾਂ ਵੱਲ ਧਿਆਨ ਦੇਣ ਅਤੇ ਗੁਰਬਾਣੀ ਪ੍ਰਸਾਰਨ ਸਬੰਧੀ ਯਤਨ ਕਮੇਟੀ ਵੱਲੋਂ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਗਏ ਹਨ।

ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਪਣੇ ਸਮਰਥਕਾਂ ਨਾਲ ਰੂਬਰੂ ਹੁੰਦਿਆਂ ਆਖਿਆ ਸੀ ਕਿ ਗੁਰਦੁਆਰਾ ਚੋਣਾਂ ਵਿੱਚ ਸੋਚ ਸਮਝ ਕੇ ਵੋਟ ਦੇਣੀ ਚਾਹੀਦੀ ਹੈ।

ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨੇ ਬੀਬੀਸੀ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਗੁਰਚਰਨ ਸਿੰਘ ਟੌਹੜਾ ਐਸਜੀਪੀਸੀ ਲਈ ਹਮੇਸ਼ਾਂ ਡਟ ਕੇ ਖੜ੍ਹੇ ਸਨ ਤੇ ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦਾ ਕਈ ਵਾਰ ਕਈ ਮੁੱਦਿਆਂ 'ਤੇ ਟਕਰਾਅ ਵੀ ਹੋ ਜਾਂਦਾ ਸੀ।

ਜ਼ਿਕਰਯੋਗ ਹੈ ਕਿ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਇੱਕ ਨਿਜੀ ਚੈਨਲ ਕੋਲ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਇਸ ਚੈਨਲ ਸਬੰਧੀ ਵਿਵਾਦ ਚੱਲ ਰਿਹਾ ਹੈ।ਐੱਸਜੀਪੀਸੀ ਦੇ ਬਜਟ ਇਜਲਾਸ ਦੌਰਾਨ ਇਸ ਵਿਵਾਦ ਦਾ ਹਵਾਲਾ ਦਿੰਦੇ ਹੋਏ ਕਈ ਮੈਂਬਰਾਂ ਨੇ ਐਸਜੀਪੀਸੀ ਦੇ ਗੁਰਬਾਣੀ ਪ੍ਰਸਾਰਨ ਲਈ ਆਪਣੇ ਚੈਨਲ ਨੂੰ ਲਾਂਚ ਕਰਨ ਦੀ ਗੱਲ ਆਖੀ ਗਈ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਸੈਸ਼ਨ ਦੌਰਾਨ ਮੈਂਬਰ ਕਿਰਨਜੋਤ ਕੌਰ ਅਤੇ ਬਲਵਿੰਦਰ ਬੈਂਸ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਸੀ ਕਿ ਇਸ ਮਾਮਲੇ ਦਾ ਸੰਗਿਆਨ ਲਿਆ ਜਾਵੇ।

ਬੀਬੀਸੀ ਨਾਲ ਗੱਲ ਕਰਦੇ ਹੋਏ ਕਿਰਨਜੋਤ ਕੌਰ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਇੱਕ ਚੁਣੀ ਹੋਈ ਸੰਸਥਾ ਹੈ ਅਤੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ।

ਉਨ੍ਹਾਂ ਨੇ ਆਖਿਆ, "ਪੰਜਾਬ ਸਰਕਾਰ ਸੰਵਿਧਾਨ ਮੁਤਾਬਕ ਧਰਮ ਨਿਰਪੇਖ ਹੈ ਅਤੇ ਇਸ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਹੀਂ ਦੇਣੀ ਚਾਹੀਦੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਦਫ਼ਤਰ ਵਿੱਚ ਭਗਤ ਸਿੰਘ ਦੀ ਤਸਵੀਰ ਲਗਾਈ ਹੈ ਜੋ ਕਿ ਨਾਸਤਿਕ ਸੀ। ਸਿੱਖ ਧਰਮ ਪ੍ਰਤੀ ਆਪਣੇ ਫਰਜ਼ਾਂ ਦੀ ਉਹ ਗੱਲ ਕਰਦੇ ਹਨ ਪਰ ਇਸਦਾ ਕੋਈ ਹਿੰਟ ਤਾਂ ਦੇਣ।"

ਸੀਨੀਅਰ ਪੱਤਰਕਾਰ ਜਗਤਾਰ ਸਿੰਘ ਵੀ ਆਖਦੇ ਹਨ ਕਿ ਗੁਰਬਾਣੀ ਦਾ ਚੈਨਲ ਚਲਾਉਣਾ ਸਰਕਾਰ ਦਾ ਕੰਮ ਨਹੀਂ ਹੈ। ਉਨ੍ਹਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਖੁਦਮੁਖਤਿਆਰ ਸੰਸਥਾ ਹੈ ਅਤੇ ਉਹ ਆਪਣਾ ਚੈਨਲ ਚਲਾ ਸਕਦੇ ਹਨ।

ਉਹ ਆਖਦੇ ਹਨ ਕਿ 1999 ਵਿੱਚ ਆਨੰਦਪੁਰ ਸਾਹਿਬ ਖ਼ਾਲਸਾ ਹੈਰੀਟੇਜ ਕੰਪਲੈਕਸ ਰਾਹੀਂ ਧਾਰਮਿਕ ਮਾਮਲਿਆਂ ਵਿੱਚ ਪੰਜਾਬ ਸਰਕਾਰ ਦੀ ਸ਼ਮੂਲੀਅਤ ਦੀ ਸ਼ੁਰੂਆਤ ਹੋਈ ਹੈ ਤੇ ਮੌਜੂਦਾ ਸਰਕਾਰ ਉਸ ਨੂੰ ਹੀ ਅੱਗੇ ਲੈ ਕੇ ਜਾ ਰਹੀ ਹੈ। ਧਾਰਮਿਕ ਮਾਮਲਿਆਂ ਵਿੱਚ ਸਰਕਾਰਾਂ ਦੀ ਦਖਲਅੰਦਾਜ਼ੀ ਨੂੰ ਉਹ ਸਹੀ ਨਹੀਂ ਮੰਨਦੇ।

ਗੁਰਬਾਣੀ ਲਈ ਚੈਨਲ ਦਾ ਮੁੱਦਾ ਨਹੀਂ ਹੈ ਨਵਾਂ

ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨੇ ਦੱਸਿਆ ਕਿ 1999 ਵਿੱਚ ਜਦੋਂ ਬੀਬੀ ਜਗੀਰ ਕੌਰ ਪਹਿਲੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਤਾਂ ਉਨ੍ਹਾਂ ਵੱਲੋਂ ਐਸਜੀਪੀਸੀ ਦੇ ਆਪਣੇ ਚੈਨਲ ਦਾ ਪ੍ਰਸਤਾਵ ਰੱਖਿਆ ਗਿਆ ਸੀ।

"ਇਸ ਚੈਨਲ ਲਈ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਵੱਲੋਂ ਨਵੀਨਤਮ ਤਕਨਾਲੋਜੀ ਦੇ ਕੈਮਰੇ, ਪ੍ਰਸਾਰਣ ਉਪਕਰਨ ਅਤੇ ਆਰਥਿਕ ਸਹਾਇਤਾ ਦੇਣ ਦੀ ਗੱਲ ਆਖੀ ਗਈ ਸੀ। ਉਸ ਸਮੇਂ ਇੱਕ ਨਿੱਜੀ ਚੈਨਲ ਕੋਲ ਗੁਰਬਾਣੀ ਦੇ ਅਧਿਕਾਰ ਸਨ ਅਤੇ ਐੱਸਜੀਪੀਸੀ ਦਾ ਚੈਨਲ ਸ਼ੁਰੂ ਨਹੀਂ ਹੋ ਸਕਿਆ।"

ਉਹ ਆਖਦੇ ਹਨ ਕਿ ਜੇਕਰ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਲਾਂਚ ਕਰਨ ਲਈ ਆਰਥਿਕ ਸਹਾਇਤਾ ਦੀ ਅਪੀਲ ਕਰੇ ਤਾਂ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸਿੱਖ ਇਸ ਨੂੰ ਪੂਰਾ ਕਰ ਦੇਣਗੇ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਇਹ ਮੁੱਦਾ ਕਈ ਵਾਰ ਚੱਕ ਚੁੱਕੇ ਹਨ।

ਅਕਾਲ ਤਖ਼ਤ ਜਥੇਦਾਰ ਨੇ ਵੀ ਕੀਤੀ ਸੀ ਅਪੀਲ

ਅਕਾਲ ਤਖ਼ਤ ਵੱਲੋਂ ਪਿਛਲੇ ਹਫ਼ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਦਿੱਤੀ ਗਈ ਸੀ ਕਿ ਗੁਰਬਾਣੀ ਦੇ ਲਾਈਵ ਪ੍ਰਸਾਰਨ ਲਈ ਉਹ ਆਪਣਾ ਚੈਨਲ ਲਾਂਚ ਕਰੇ।

ਐੱਸਜੀਪੀਸੀ ਵੱਲੋਂ ਆਖਿਆ ਗਿਆ ਸੀ ਕਿ ਇਸ ਲਈ ਘੱਟੋ ਘੱਟ 200 ਕਰੋੜ ਰੁਪਏ ਦੀ ਜ਼ਰੂਰਤ ਪਵੇਗੀ।

ਐੱਸਜੀਪੀਸੀ ਦੇ ਆਪਣੇ ਚੈਨਲ ਦੀ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਸੈਸ਼ਨ ਵਿੱਚ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਚੁੱਕੀ ਗਈ ਸੀ।

ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਫਿਲਹਾਲ ਇੱਕ ਨਿੱਜੀ ਚੈਨਲ ਵੱਲੋਂ ਦਿਖਾਈ ਜਾਂਦੀ ਹੈ ਪਰ ਪਿਛਲੇ ਦਿਨਾਂ ਵਿੱਚ ਵਿਵਾਦ ਕਾਰਨ ਐਸਜੀਪੀਸੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਐੱਸਜੀਪੀਸੀ ਨੂੰ ਆਪਣੇ ਚੈਨਲ ਲਾਂਚ ਕਰਨ ਦੀ ਗੱਲ ਆਖੀ ਗਈ ਸੀ।

ਐੱਸਜੀਪੀਸੀ ਨੇ ਆਖਿਆ ਕਿ ਅਕਾਲ ਤਖ਼ਤ ਜਥੇਦਾਰ ਦੇ ਆਦੇਸ਼ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਸੱਤ ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਹੈ ਜੋ ਇਸ ਸਬੰਧੀ ਆਪਣੀ ਰਿਪੋਰਟ ਦਰਜ ਕਰੇਗੀ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)