ਸੁਖਬੀਰ ਬਾਦਲ ਦਾ ਇਲਜ਼ਾਮ - ਭਗਵੰਤ ਮਾਨ ਸ਼ਰਾਬ ਪੀ ਕੇ ਦਮਦਮਾ ਸਾਹਿਬ ਮੱਥਾ ਟੇਕਣ ਗਏ, 'ਆਪ' ਨੇ ਸਿਰੇ ਤੋਂ ਨਕਾਰਿਆ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਤਖਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।

ਉਸ ਤੋਂ ਬਾਅਦ ਆਪਣੇ ਸਮਰਥਕਾਂ ਨੂੰ ਸੰਬੋਧਿਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ।

ਸੁਖਬੀਰ ਬਾਦਲ ਨੇ ਆਖਿਆ ਕਿ ਜਦੋਂ ਵੀਰਵਾਰ ਸਵੇਰੇ ਭਗਵੰਤ ਮਾਨ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸਨ ਤਾਂ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ।

"ਪੰਜਾਬ ਦੇ ਮੁੱਖ ਮੰਤਰੀ ਦਮਦਮਾ ਸਾਹਿਬ ਆਉਣ ਅਤੇ ਸ਼ਰਾਬ ਪੀਤੀ ਹੋਵੇ ਇਹ ਬਹੁਤ ਮਾੜੀ ਗੱਲ ਹੈ। ਇਹ ਗੱਲ ਬਰਦਾਸ਼ਤ ਤੋਂ ਬਾਹਰ ਹੈ ਕਿ ਗੁਰੂ ਘਰ ਦੀ ਮਰਿਆਦਾ ਨੂੰ ਖ਼ਰਾਬ ਕੀਤਾ ਜਾਵੇ। ਮੁੱਖ ਮੰਤਰੀ ਨੂੰ ਜ਼ਿੰਮੇਵਾਰ ਹੋਣਾ ਚਾਹੀਦਾ ਹੈ। ਪੂਰਾ ਪੰਜਾਬ ਅਤੇ ਦੁਨੀਆਂ ਦੇਖ ਰਹੀ ਹੈ।"

ਵਿਸਾਖੀ ਦੇ ਮੌਕੇ ਮੁੱਖ ਮੰਤਰੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ।

ਉੱਧਰ ਆਮ ਆਦਮੀ ਪਾਰਟੀ ਨੇ ਇਨ੍ਹਾਂ ਇਲਜ਼ਾਮਾਂ ਨੂੰ ਖਾਰਜ ਕੀਤਾ ਹੈ।

ਇਹ ਵੀ ਪੜ੍ਹੋ:

ਗ਼ਲਤ ਅਤੇ ਬੇਬੁਨਿਆਦ ਇਲਜ਼ਾਮ-ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਇਲਜ਼ਾਮਾਂ ਨੂੰ ਖਾਰਜ ਕੀਤਾ ਗਿਆ ਹੈ।

ਬੀਬੀਸੀ ਪੰਜਾਬੀ ਪੱਤਰਕਾਰ ਅਰਸ਼ਦੀਪ ਕੌਰ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਨਾਲ ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਆਖਿਆ,"ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਏ ਗਏ ਇਲਜ਼ਾਮ ਗ਼ਲਤ ਅਤੇ ਬੇਬੁਨਿਆਦ ਹਨ।''

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕ ਬਹੁਤ ਪੁਰਾਣੀ ਪਾਰਟੀ ਹੈ ਤੇ ਉਨ੍ਹਾਂ ਵੱਲੋਂ ਸਾਰਥਿਕ ਅਲੋਚਨਾ ਦਾ ਆਮ ਆਦਮੀ ਪਾਰਟੀ ਵੱਲੋਂ ਹਮੇਸ਼ਾ ਸਵਾਗਤ ਕੀਤਾ ਜਾਵੇਗਾ।"

ਆਮ ਆਦਮੀ ਪਾਰਟੀ ਦੇ ਬੁਲਾਰੇ ਮੁਤਾਬਕ ਖੇਤੀਬਾੜੀ, ਕਿਸਾਨੀ, ਪ੍ਰਸ਼ਾਸਨਿਕ ਪ੍ਰਬੰਧਨ ਅਤੇ ਪੰਜਾਬ ਨਾਲ ਸਬੰਧਤ ਕਿਸੇ ਵੀ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਵਾਲਾਂ ਦਾ ਸਵਾਗਤ ਹੈ ਪਰ ਅਜਿਹੇ ਹਾਸੋਹੀਣੇ ਅਤੇ ਗਲਤ ਬਿਆਨ ਨਹੀਂ ਦੇਣੇ ਚਾਹੀਦੇ।

ਅਕਾਲ ਤਖ਼ਤ ਕਰੇ ਕਾਰਵਾਈ-ਸ਼੍ਰੋਮਣੀ ਅਕਾਲੀ ਦਲ

ਸੁਖਬੀਰ ਸਿੰਘ ਬਾਦਲ ਦੇ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਫੇਸਬੁੱਕ 'ਤੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮੈਡੀਕਲ ਕਰਵਾਇਆ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਗੁਰਦੁਆਰੇ ਵਿੱਚ ਸ਼ਰਾਬੀ ਹਾਲਤ ਵਿੱਚ ਜਾਣਾ ਬੇਅਦਬੀ ਹੈ ਅਤੇ ਪੰਥਕ ਮਰਿਆਦਾ ਮੁਤਾਬਕ ਅਕਾਲ ਤਖ਼ਤ ਦੇ ਜਥੇਦਾਰ ਕਾਰਵਾਈ ਕਰਨ।

ਸਿੱਖ ਮੁੱਦਿਆਂ ਉੱਪਰ 'ਆਪ' ਦੀ ਚੁੱਪੀ 'ਤੇ ਵੀ ਚੁੱਕੇ ਸਵਾਲ

ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਕੁਝ ਤਾਕਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਕਬਜ਼ਾ ਕਰਕੇ ਪੰਥ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ।

ਉਨ੍ਹਾਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਆਗੂ ਵਿੱਚ ਕਮੀਆਂ ਹੋ ਸਕਦੀਆਂ ਹਨ ਪਰ ਉਨ੍ਹਾਂ ਦੀ ਪਾਰਟੀ ਵਿੱਚ ਨਹੀਂ।

ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿੱਚ ਕਿਹਾ," ਅਮਰੀਕਾ ਵਿੱਚ ਸਿੱਖਾਂ ਉੱਪਰ ਹਮਲਾ ਹੋਇਆ ਪਰ ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ।"

ਉਨ੍ਹਾਂ ਆਖਿਆ ਕਿ ਅਸਾਮ, ਨਾਗਾਲੈਂਡ, ਮਨੀਪੁਰ ਵਿੱਚ ਸਿੱਖਾਂ ਦਾ ਮੁੱਦਾ ਵੀ ਉਨ੍ਹਾਂ ਦੀ ਪਾਰਟੀ ਨੇ ਚੁੱਕਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੀਆਂ ਸਾਰੀਆਂ ਤਾਕਤਾਂ ਸੌਂਪ ਦਿੱਤੀਆਂ ਹਨ।

ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਕਿ ਇਹੀ ਕਾਰਨ ਹੈ ਕਿ ਪੰਜਾਬ ਦੇ ਅਫ਼ਸਰਾਂ ਦੀ ਕੇਜਰੀਵਾਲ ਬੈਠਕ ਵੀ ਲੈ ਰਹੇ ਹਨ ਅਤੇ ਐੱਸਐੱਸਪੀ ਡੀਸੀ ਵਰਗੇ ਅਫ਼ਸਰਾਂ ਦੇ ਤਬਾਦਲੇ ਦੇ ਹੁਕਮ ਵੀ ਦਿੰਦੇ ਹਨ।

ਸੁਖਬੀਰ ਬਾਦਲ ਵੱਲੋਂ ਆਖਿਆ ਗਿਆ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰਾਂ ਨੇ ਚੰਡੀਗੜ੍ਹ ਦੇ ਮੁੱਦੇ ਜਾਂ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਸੰਸਦ ਵਿਚ ਨਹੀਂ ਚੁੱਕਿਆ।

ਸੁਖਬੀਰ ਬਾਦਲ ਨੇ ਇਲਜ਼ਾਮ ਲਗਾਇਆ ਕਿ ਬਰਗਾੜੀ ਮੋਰਚੇ ਅਤੇ ਇਸ ਤੋਂ ਪਹਿਲਾਂ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਭਗਵੰਤ ਮਾਨ ਨਸ਼ੇ ਦੀ ਹਾਲਤ ਵਿੱਚ ਪਹੁੰਚੇ ਸਨ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)