ਰਾਘਵ ਚੱਢਾ ਨੂੰ ਭਾਜਪਾ ਨੇ ਇਸ ਮਾਮਲੇ ਵਿੱਚ ਕਾਨੂੰਨੀ ਨੋਟਿਸ ਦਿੱਤਾ - ਪ੍ਰੈੱਸ ਰਿਵਿਊ

ਭਾਰਤੀ ਜਨਤਾ ਪਾਰਟੀ ਆਗੂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਅਸ਼ੋਕ ਸਰੀਨ ਵੱਲੋਂ ਰਾਘਵ ਚੱਢਾ ਨੂੰ ਭੇਜੇ ਗਏ ਇਸ ਨੋਟਿਸ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਵੱਲੋਂ ਵਰਤੀ ਗਈ ਸ਼ਬਦਾਵਲੀ 'ਤੇ ਇਤਰਾਜ਼ ਜਤਾਇਆ ਗਿਆ ਹੈ।

ਖ਼ਬਰ ਮੁਤਾਬਕ 16 ਅਪ੍ਰੈਲ ਨੂੰ ਜਲੰਧਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਵੱਲੋਂ ਭਾਰਤੀ ਜਨਤਾ ਪਾਰਟੀ ਸੰਬੰਧੀ ਕੁਝ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਸੀ ਜਿਸ ਤੋਂ ਬਾਅਦ ਇਹ ਨੋਟਿਸ ਭੇਜਿਆ ਗਿਆ ਹੈ।

ਇਸ ਕਾਨੂੰਨੀ ਨੋਟਿਸ ਵਿੱਚ ਆਖਿਆ ਗਿਆ ਹੈ ਕਿ ਰਾਘਵ ਚੱਢਾ ਤਿੰਨ ਦਿਨਾਂ ਦੇ ਅੰਦਰ-ਅੰਦਰ ਭਾਰਤੀ ਜਨਤਾ ਪਾਰਟੀ ਤੋਂ ਮਾਫੀ ਮੰਗਣ ਨਹੀਂ ਤਾਂ ਉਨ੍ਹਾਂ ਉੱਪਰ ਮਾਨਹਾਨੀ ਦਾ ਮੁਕੱਦਮਾ ਕੀਤਾ ਜਾਵੇਗਾ।

ਲਖੀਮਪੁਰ ਖੀਰੀ: ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਬਾਰੇ ਅੱਜ ਹੋ ਸਕਦਾ ਹੈ ਫ਼ੈਸਲਾ

ਲਖੀਮਪੁਰ ਖੀਰੀ ਹਾਦਸੇ ਦੇ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਸਬੰਧੀ ਪਟੀਸ਼ਨ 'ਤੇ ਸੋਮਵਾਰ ਨੂੰ ਫੈਸਲਾ ਆ ਸਕਦਾ ਹੈ।

ਇਹ ਵੀ ਪੜ੍ਹੋ:

ਅੰਗਰੇਜ਼ੀ ਅਖ਼ਬਾਰ 'ਦਿ ਇੰਡੀਅਨ ਐਕਸਪ੍ਰੈਸ' ਦੀ ਖ਼ਬਰ ਮੁਤਾਬਕ ਚੀਫ਼ ਜਸਟਿਸ ਐੱਨਵੀ ਰਮੰਨਾ ਦੀ ਅਗਵਾਈ ਵਾਲੇ ਬੈਂਚ ਵੱਲੋਂ ਇਸ ਕੇਸ ਉਪਰ ਸੁਣਵਾਈ ਕਰੇਗਾ।

ਕਿਸਾਨਾਂ ਵੱਲੋਂ ਰਾਜੇਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ ਅਤੇ ਸੁਪਰੀਮ ਕੋਰਟ ਵੱਲੋਂ ਚਾਰ ਅਪ੍ਰੈਲ ਨੂੰ ਇਸ ਉਪਰ ਫੈਸਲਾ ਰਾਖਵਾਂ ਰੱਖਿਆ ਗਿਆ ਸੀ।

ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਵਿੱਚ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਵੱਲੋਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਦੇ ਸਮਾਗਮ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ।

ਇਸ ਦੌਰਾਨ ਇੱਕ ਗੱਡੀ ਵੱਲੋਂ ਚਾਰ ਕਿਸਾਨਾਂ ਨੂੰ ਕੁਚਲਿਆ ਗਿਆ ਸੀ ਅਤੇ ਉੱਤਰ ਪ੍ਰਦੇਸ਼ ਪੁਲਿਸ ਦੀ ਐਫਆਈਆਰ ਮੁਤਾਬਕ ਉਸ ਗੱਡੀ ਵਿੱਚ ਅਸ਼ੀਸ਼ ਮਿਸ਼ਰਾ ਵੀ ਸਵਾਰ ਸੀ। ਇਸ ਹਾਦਸੇ ਵਿੱਚ ਇਕ ਪੱਤਰਕਾਰ ਦੀ ਮੌਤ ਵੀ ਹੋਈ ਸੀ।

ਨਾਗਰਿਕਾਂ ਦੇ ਖਾਣੇ ਬਾਰੇ ਤੈਅ ਕਰਨਾ ਸਰਕਾਰ ਦਾ ਕੰਮ ਨਹੀਂ -ਮੁਖਤਾਰ ਅੱਬਾਸ ਨਕਵੀ

ਭਾਰਤ ਦੇ ਕੇਂਦਰੀ ਘੱਟਗਿਣਤੀ ਕਾਰਜ ਮੰਤਰੀ ਮੁਖਤਾਰ ਅੱਬਾਸ ਨਕਵੀ ਵੱਲੋਂ ਆਖਿਆ ਗਿਆ ਹੈ ਕਿ ਭਾਰਤ ਵਿੱਚ ਹਿਜਾਬ ਉੱਪਰ ਰੋਕ ਨਹੀਂ ਹੈ ਪਰ ਸਕੂਲਾਂ, ਕਾਲਜਾਂ ਵਿੱਚ ਇੱਕ ਖ਼ਾਸ ਤਰ੍ਹਾਂ ਦੀ ਵਰਦੀ ਹੁੰਦੀ ਹੈ ਅਤੇ ਉਸ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ।

'ਆਊਟਲੁਕ' 'ਚ ਛਪੀ ਖ਼ਬਰ ਮੁਤਾਬਕ ਕੇਂਦਰੀ ਮੰਤਰੀ ਨੇ ਆਖਿਆ ਕਿ ਭਾਰਤ ਸਰਕਾਰ ਦਾ ਇਹ ਕੰਮ ਨਹੀਂ ਹੈ ਕਿ ਉਹ ਨਾਗਰਿਕਾਂ ਨੂੰ ਦੱਸੇ ਕਿ ਉਨ੍ਹਾਂ ਨੇ ਕੀ ਖਾਣਾ ਹੈ ਅਤੇ ਕੀ ਨਹੀਂ। ਹਰ ਨਾਗਰਿਕ ਨੂੰ ਆਪਣੀ ਮਰਜ਼ੀ ਅਨੁਸਾਰ ਖਾਣ-ਪੀਣ ਦੀ ਇਜਾਜ਼ਤ ਹੈ।

ਉਨ੍ਹਾਂ ਨੇ ਆਖਿਆ ਕਿ ਕੁਝ ਤਾਕਤਾਂ ਵੱਲੋਂ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)