ਪਟਿਆਲਾ ’ਚ ਇੰਟਰਨੈੱਟ ਸੇਵਾਵਾਂ ਸਸਪੈਂਡ, ਹਿੰਦੂ ਸੰਗਠਨਾਂ ਨੇ ਬੰਦ ਦਾ ਸੱਦਾ ਦਿੱਤਾ

ਪਟਿਆਲਾ ਵਿਖੇ ਸ਼ਿਵ ਸੈਨਾ ਤੇ ਸਿੱਖ ਜਥੇਬੰਦੀਆਂ ਵਿਚਾਲੇ ਮਾਰਚ ਕੱਢਣ ਨੂੰ ਲੈ ਕੇ ਹੋਏ ਵਿਵਾਦ ਦੇ ਵਿਰੋਧ ਵਿੱਚ ਹਿੰਦੂ ਜਥੇਬੰਦੀਆਂ ਨੇ ਧਰਨਾ ਪ੍ਰਦਰਸ਼ਨ ਕਰਨ ਤੇ ਪਟਿਆਲਾ ਬੰਦ ਦਾ ਸੱਦਾ ਦਿੱਤਾ ਹੈ।

ਪਟਿਆਲਾ ਪ੍ਰਸ਼ਾਸਨ ਵੱਲੋਂ ਇੰਟਰਨੈੱਟ ਦੀਆਂ ਸੇਵਾਵਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਪਟਿਆਲਾ ਪ੍ਰਸ਼ਾਸਨ ਵੱਲੋਂ ਹਾਲਾਤ ਕਾਬੂ ਕਰਨ ਲਈ ਸ਼ੁੱਕਰਵਾਰ ਰਾਤ ਤੋਂ ਸ਼ਨੀਵਾਰ ਸਵੇਰੇ 6 ਵਜੇ ਤੱਕ ਕਰਫਿਊ ਲਗਾਇਆ ਗਿਆ।

ਭਾਰਤ ਵਿੱਚ ਪਾਬੰਦੀਸ਼ੁਦਾ ਸੰਸਥਾ 'ਸਿੱਖਸ ਫਾਰ ਜਸਟਿਸ' ਤੇ ਗੁਰਪਤਵੰਤ ਸਿੰਘ ਪੰਨੂ ਵੱਲੋਂ 29 ਅਪ੍ਰੈਲ ਨੂੰ ਡੀਸੀ ਦਫਤਰ ਉਪਰ ਖ਼ਾਲਿਸਤਾਨੀ ਝੰਡਾ ਫਹਿਰਾਉਣ ਦੀ ਗੱਲ ਆਖੀ ਗਈ ਸੀ।

ਹਿੰਦੂ ਸੰਗਠਨ ਵੱਲੋਂ ਇਸ ਦੇ ਵਿਰੋਧ ਵਿੱਚ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ।

ਬੀਬੀਸੀ ਸਹਿਯੋਗੀ ਗੁਰਮਿੰਦਰ ਮੁਤਾਬਿਕ, ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਸ਼ਿਵ ਸੈਨਾ ਦਰਮਿਆਨ ਪਥਰਾਅ ਵੀ ਹੋਇਆ ਹੈ ਅਤੇ ਇਨ੍ਹਾਂ ਹਾਲਾਤਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਹਵਾਈ ਫਾਇਰਿੰਗ ਵੀ ਕੀਤੀ ਗਈ।

ਜਿੱਥੇ ਸਿੱਖ ਜਥੇਬੰਦੀਆਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਗਈ ਉੱਥੇ ਹੀ ਸ਼ਿਵ ਸੈਨਾ ਵੱਲੋਂ ਇਸ ਦੇ ਉਲਟ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਸਨ।

ਪੁਲਿਸ ਨੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੰਜਾਬ ਦੀ ਅਮਨ ਸ਼ਾਂਤੀ ਹੈ ਅਹਿਮ- ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਦੀ ਘਟਨਾਵਾਂ ਤੋਂ ਬਾਅਦ ਡੀਜੀਪੀ ਨਾਲ ਗੱਲ ਕੀਤੀ ਹੈ।

ਇਨ੍ਹਾਂ ਘਟਨਾਵਾਂ ਬਾਰੇ ਕਈ ਅਫ਼ਵਾਹਾਂ ਨੇ ਸਾਹਮਣੇ ਆ ਰਹੀਆਂ ਹਨ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਟਵੀਟ ਕਰਕੇ ਇਸ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

ਪਟਿਆਲਾ ਦੇ ਡੀਐੱਸਪੀ ਮੋਹਿਤ ਅੱਗਰਵਾਲ ਨੇ ਆਖਿਆ ਕਿ ਪ੍ਰਸ਼ਾਸਨ ਦੀ ਹਾਲਾਤ ਉਪਰ ਪੂਰੀ ਨਜ਼ਰ ਹੈ।

ਪਟਿਆਲਾ ਦੇ ਕਾਂਗਰਸ ਵੱਲੋਂ ਸਾਬਕਾ ਮੇਅਰ ਰਹੇ ਅਤੇ ਮੌਜੂਦਾ ਸਮੇਂ ਵਿੱਚ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪ੍ਰਸ਼ਾਸਨ ਨੇ ਸਥਿਤੀ ਉੱਪਰ ਕਾਬੂ ਕਰ ਲਿਆ ਹੈ।

ਉਨ੍ਹਾਂ ਨੇ ਲਿਖਿਆ, ''ਅਸੀਂ ਕਿਸੇ ਨੂੰ ਪੰਜਾਬ ਦੀ ਸਦਭਾਵਨਾ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਘਟਨਾ ਦੇ ਪਿੱਛੇ ਜੋ ਲੋਕ ਵੀ ਹੋਣਗੇ, ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।''

ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ, “ਪਟਿਆਲਾ ਵਿੱਚ ਹੋਇਆ ਟਕਰਾਅ ਸਿਆਸੀ ਤੌਰ ’ਤੇ ਪ੍ਰੇਰਿਤ ਘਟਨਾ ਹੈ। ਇਸ ਵਿੱਚ ਸ਼ਿਵ ਸੇਨਾ, ਕਾਂਗਰਸ ਅਤੇ ਅਕਾਲੀ ਦਲ ਦੇ ਲੋਕ ਸ਼ਾਮਲ ਹਨ।”

''ਸਾਡੀ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਸਹਿਣ ਨਹੀਂ ਕਰੇਗੀ। ਸ਼ਾਮਲ ਲੋਕਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਅਸੀਂ ਕਿਸੇ ਵੀ ਕੀਮਤ ’ਤੇ ਪੰਜਾਬ ਵਿੱਚ ਅਮਨ ਅਤੇ ਖੁਸ਼ਾਹਾਲੀ ਦੀ ਰਾਖੀ ਕਰਾਂਗੇ।''

ਇਸੇ ਦੌਰਾਨ ਅੰਬਾਲਾ ਵਿੱਚ ਕੀ ਹੋਇਆ

ਅੰਬਾਲਾ-ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਨੇ ਸ਼ੁੱਕਰਵਾਰ ਨੂੰ ਅੰਬਾਲਾ ਵਿੱਚ ਖ਼ਾਲਿਸਤਾਨ ਦੀ ਮੰਗ ਕਰਨ ਵਾਲਿਆਂ ਖਿਲਾਫ਼ ਰੋਸ ਮੁਜਾਹਰਾ ਕਰਦੇ ਹੋਏ ਜਲੂਸ ਕੱਢਿਆ।

ਇਸ ਮੁਜ਼ਾਹਰੇ ਦੀ ਅਗਵਾਈ ਜਗਤ ਗੁਰੂ ਪੰਚਾ ਨੰਦ ਗਿਰੀ ਜੀ ਮਹਾਰਾਜ ਨੇ ਕੀਤੀ। ਅੰਬਾਲਾ ਸਦਰ ਦੇ ਵੱਖ-ਵੱਖ ਬਜ਼ਾਰਾਂ ਤੋਂ ਗੁਜਰਨ ਤੋਂ ਬਾਅਦ ਅੰਬਾਲਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ।

ਇਸ ਦੌਰਾਨ ਜਲੂਸ ਵਿੱਚ ਸ਼ਾਮਲ ਲੋਕਾਂ ਵੱਲੋਂ ਜੈ ਸ਼੍ਰੀ ਰਾਮ ਦੇ ਨਾਅਰੇ ਵੀ ਲਗਾਏ ਗਏ।

ਅੰਬਾਲਾ-ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਦੇ ਆਗੂ ਜਗਤ ਗੁਰੂ ਪੰਚਾ ਨੰਦ ਗਿਰੀ ਮਹਾਰਾਜ ਗੈਰ-ਸਮਾਜਿਕ ਤੱਤਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਵਿਰੋਧੀ ਧਿਰ ਦੇ ਸਰਕਾਰ ਉੱਪਰ ਹਮਲੇ

ਵਿਰੋਧੀ ਧਿਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਉੱਪਰ ਇਸ ਘਟਨਾਕ੍ਰਮ ਨੂੰ ਲੈ ਕੇ ਘੇਰਿਆ ਹੈ। ਕਾਂਗਰਸੀ ਆਗੂ ਅਲਕਾ ਲਾਂਬਾ ਨੇ ਇਸ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੂੰ ਘੇਰਿਆ।

ਉਨ੍ਹਾਂ ਨੇ ਟਵੀਟ ਕੀਤਾ, ''ਕੇਜਰੀਵਾਲ ਜੀ, ਕੇਜਰੀਵਾਲ ਜੀ ਕੀ ਹੁਣ ਵੀ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਪਟਿਆਲਾ ਦੀਆਂ ਸੜਕਾਂ ਉੱਪਰ ਸ਼ਾਂਤੀ ਮਾਰਚ ਕੱਢਣਗੇ?

ਜਾਂ ਫਿਰ ਆਮ ਆਦਮੀ ਪਾਰਟੀ ਦਿੱਲੀ ਵਾਂਗ ਹੀ ਪੰਜਾਬ ਵਿੱਚ ਵੀ ਉਸੇ ਤਰ੍ਹਾਂ ਮੂਕ ਤਮਾਸ਼ਬੀਨ ਬਣੇ ਬੈਠੇ ਸਭ ਹੁੰਦੇ ਦੇਖਦੇ ਰਹੋਗੇ।?''

ਘਟਨਾਕ੍ਰਮ ਬਾਰੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਇਸ ਸਭ ਨੂੰ ਮੰਦਭਾਗਾ ਦੱਸਿਆ।

ਉਨ੍ਹਾਂ ਨੇ ਕਿਹਾ, ''ਸ਼ਾਂਤੀ ਹਰ ਕੀਮਤ ਤੇ ਕਾਇਮ ਰੱਖਣੀ ਚਾਹੀਦੀ ਹੈ ਅਤੇ ਸਾਰੇ ਧਰਮਾਂ ਦੀ ਸਾਂਝ ਵੀ ਉਸੇ ਤਰ੍ਹਾਂ ਬਣੀ ਰਹਿਣੀ ਚਾਹੀਦੀ ਹੈ।''

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਲਗਤਾਰ ਨਿਘਾਰ ਵੱਲ ਜਾ ਰਹੀ ਹੈ। ਜੇ ਸਰਕਾਰ ਸਮੇਂ ਸਿਰ ਜਾਗਦੀ ਤਾਂ ਪਟਿਆਲੇ ਦੀਆਂ ਘਟਨਾਵਾਂ ਵੀ ਰੋਕੀਆਂ ਜਾ ਸਕਦੀਆਂ ਸਨ।

ਉਨ੍ਹਾਂ ਨੇ ਕਿਹਾ, “ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕਰਨੀ ਚਾਹੁੰਦਾ ਹਾਂ ਕਿ ਨੀਂਦ ਤੋਂ ਜਾਗੋ।”

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਬਾਰੇ ਕੀਤੇ ਆਪਣੇ ਟਵੀਟ ਵਿੱਚ ਲਿਖਿਆ, ''ਪਟਿਆਲੇ ਦੀ ਘਟਨਾ ਪ੍ਰੇਸ਼ਾਨ ਕਰਨ ਵਾਲੀ ਹੈ ਅਤੇ ਪੰਜਾਬ ਦੀ ਸ਼ਾਂਤੀ ਲਈ ਚਿੰਤਾ ਦਾ ਸਬੱਬ ਹੈ।''

''ਪ੍ਰਸ਼ਾਸਨ ਦੀ ਅਸਫ਼ਲਤਾ ਕਾਰਨ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਪਿਛਲੇ ਕੁਝ ਹਫ਼ਤਿਆਂ ਤੋਂ ਅਰਾਜਕਤਾ ਵੱਲ ਜਾ ਰਹੀ ਹੈ। ਮੈਂ ਸਮੂਹ ਪੰਜਾਬੀਆਂ ਨੂੰ ਹਰ ਕੀਮਤ 'ਤੇ ਅਮਨ ਅਤੇ ਫਿਰਕੂ ਭਾਈਚਾਰਾ ਕਾਇਮ ਰੱਖਣ ਦੀ ਅਪੀਲ ਕਰਦਾ ਹਾਂ।”

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਘਟਨਾਕ੍ਰਮ ਉੱਪਰ ਚਿੰਤਾ ਪ੍ਰਗਟਾਈ ਹੈ।

ਉਨ੍ਹਾਂ ਨੇ ਟਵੀਟ ਵਿੱਚ ਲਿਖਿਆ, ''ਪਟਿਆਲਾ ਤੋਂ ਆ ਰਹੀਆਂ ਤਸਵੀਰਾਂ ਪ੍ਰੇਸ਼ਾਨ ਕਰਨ ਵਾਲੀਆਂ ਹਨ। ਮੈਂ ਦਹੁਰਾਉਂਦਾ ਹਾਂ ਕਿ ਪੰਜਾਬ ਵਰਗੇ ਸਰਹੱਦੀ ਜ਼ਿਲ੍ਹੇ ਵਿੱਚ ਅਮਨ ਅਤੇ ਭਾਈਚਾਰਾ ਸਭ ਤੋਂ ਜ਼ਰੂਰੀ ਹੈ। ਇਹ ਪ੍ਰਯੋਗਸ਼ਾਲਾ ਨਹੀਂ ਹੈ।

ਮੈਂ ਪੰਜਾਬ ਸਰਕਾਰ ਨੂੰ ਤਹਿ ਦਿਲੋਂ ਅਪੀਲ ਕਰਦਾ ਹਾਂ ਕਿ ਅਮਨ ਕਾਨੂੰਨ ਬਹਾਲ ਕੀਤਾ ਜਾਣਾ ਚਾਹੀਦਾ ਹੈ।''

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵੀਡੀਓ ਸੁਨੇਹੇ ਵਿੱਚ ਲੋਕਾਂ ਨੂੰ ਅਮਨ ਕਾਇਮ ਰੱਖਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਕਿਹਾ, ''ਜੇ ਮਸਲੇ ਨੂੰ ਗੱਲਬਾਤ ਨਾਲ ਸੁਲਝਾਇਆ ਜਾਵੇਗਾ ਤਾਂ ਇਹ ਸਾਰੇ ਧਰਮਾਂ ਵਾਸਤੇ ਵੀ ਚੰਗਾ ਹੋਵੇਗਾ ਅਤੇ ਪੰਜਾਬ ਲਈ ਵੀ ਚੰਗਾ ਹੋਵੇਗਾ।''

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਮੁਕੰਮਲ ਅਰਾਜਕਤਾ ਹੈ।

ਉਨ੍ਹਾਂ ਨੇ ਲਿਖਿਆ, ''ਪਟਿਆਲਾ ਤੋਂ ਪ੍ਰੇਸ਼ਾਨ ਕਰਨ ਵਾਲੇ ਦ੍ਰਿਸ਼ ਹਨ। ਇਹ ਸਹੀ ਸਮਾਂ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ। ਪਿਛਲੇ ਇੱਕ ਮਹੀਨੇ ਦੌਰਾਨ ਇੱਕ ਤੋਂ ਬਾਅਦ ਵਾਪਰੀ ਇੱਕ ਘਟਨਾ ਕਾਰਨ ਅਮਨ ਕਾਨੂੰਨ ਦਾ ਭੱਠਾ ਬੈਠ ਗਿਆ ਹੈ।''

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਨੂੰ ਨਾਲ ਲੈ ਕੇ ਮੁੱਖ ਮੰਤਰੀ ਨੂੰ ਤੁਰੰਤ ਪਟਿਆਲੇ ਦਾ ਦੌਰਾ ਕਰਨਾ ਚਾਹੀਦਾ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿੱਚ ਵਿਕਸਿਤ ਹੋਈ ਸਥਿਤੀ ਉੱਪਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ

ਉਨ੍ਹਾਂ ਨੇ ਲਿਖਿਆ, ''ਪਟਿਆਲਾ ਵਾਸੀ ਅਮਨ ਪਸੰਦ ਲੋਕ ਹਨ ਅਤੇ ਮੈਂ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਕਿਸੇ ਉਕਸਾਵੇ ਵਿੱਚ ਨਾ ਆਉਣ। ਉਮੀਦ ਹੈ ਪੰਜਾਬ ਪੁਲਿਸ ਸਖਤ ਕਾਰਵਾਈ ਕਰੇਗੀ ਅਤੇ ਅਮਨ ਕਾਨੂੰਨ ਦੀ ਸਿਥਿਤੀ ਬਹਾਲ ਕੀਤਾ ਜਾਵੇਗਾ।''

ਹਿੰਸਾ ਪੀੜਤ ਦਾ ਇਲਾਜ ਕਰਵਾਏਗੀ ਸ਼੍ਰੋਮਣੀ ਕਮੇਟੀ

ਹਿੰਸਕ ਟਕਰਾਅ ਦੌਰਾਨ ਗੋਲੀ ਲੱਗਣ ਨਾਲ ਜ਼ਖਮੀ ਹੋਏ ਬਲਵਿੰਦਰ ਸਿੰਘ ਅਜਨਾਲੀ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਵਿਚ ਰਾਜਿੰਦਰਾ ਹਸਪਤਾਲ ਵਿੱਚ ਮੁਲਾਕਾਤ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੀੜਤ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਇਲਾਜ 'ਤੇ ਜਿੰਨਾ ਵੀ ਖਰਚਾ ਆਵੇਗਾ ਉਹ ਸਾਰਾ ਸ਼੍ਰੋਮਣੀ ਕਮੇਟੀ ਹੀ ਕਰੇਗੀ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)