ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ 'ਤੇ 10 ਮਈ ਤੱਕ ਰੋਕ, ਮਾਮਲੇ ਵਿੱਚ ਹੁਣ ਤੱਕ ਕੀ-ਕੀ ਹੋਇਆ

ਤਜਿੰਦਰ ਬੱਗਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਤਜਿੰਦਰ ਬੱਗਾ ਨੂੰ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰਕੇ ਲੈ ਗਈ ਸੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਨੀਵਾਰ ਰਾਤ ਨੂੰ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਮੁਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਬੱਗਾ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਤੋਂ ਬਾਅਦ ਲਗਾਈ ਗਈ ਹੈ।

ਜਸਟਿਸ ਅਨੂਪ ਚਿਤਕਾਰਾ ਦੇ ਘਰ ਦੇਰ ਰਾਤ ਹੋਈ ਜ਼ਰੂਰੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤਜਿੰਦਰ ਬੱਗਾ ਮਾਮਲੇ ਦੀ ਅਗਲੀ ਸੁਣਵਾਈ ਦੀ ਤਰੀਕ 10 ਮਈ ਤੱਕ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ।

ਮੁਹਾਲੀ ਦੀ ਇੱਕ ਅਦਾਲਤ ਵੱਲੋਂ ਤਜਿੰਦਰ ਪਾਲ ਸਿੰਘ ਬੱਗਾ ਦੇ ਖਿਲਾਫ਼ ਸਾਈਬਰ ਕ੍ਰਾਈਮ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।

ਜੁਡੀਸ਼ੀਅਲ ਮੈਜਿਸਟਰੇਟ ਰਵਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਵੱਲੋਂ ਜਾਰੀ ਇਨ੍ਹਾਂ ਵਾਰੰਟਾਂ ਵਿੱਚ ਸਟੇਟ ਸਾਈਬਰ ਕ੍ਰਾਈਮ ਮੁਹਾਲੀ ਦੇ ਥਾਣਾ ਇੰਚਾਰਜ ਨੂੰ ਹਦਾਇਤ ਕੀਤੀ ਗਈ ਹੈ ਕਿ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਦੇ ਮੁਹਰੇ ਪੇਸ਼ ਕੀਤਾ ਜਾਵੇ।

ਬੱਗਾ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਇਸ ਮਾਮਲੇ ਦੀ ਅਗਲੀ ਸੁਣਵਾਈ 23 ਮਈ ਨੂੰ ਰੱਖੀ ਗਈ ਹੈ।

ਸ਼ਨੀਵਾਰ ਨੂੰ ਹਾਈ ਕੋਰਟ 'ਚ ਕੀ ਹੋਇਆ?

ਤਜਿੰਦਰ ਪਾਲ ਸਿੰਘ ਬੱਗਾ ਦੇ ਕੇਸ ਦੀ ਸੁਣਵਾਈ ਜਸਟਿਸ ਜੀਐੱਸ ਗਿੱਲ ਦੀ ਕੋਰਟ ਵਿੱਚ ਹੋਈ। ਕੇਸ ਵਿੱਚ ਅਗਲੀ ਸੁਣਵਾਈ 10 ਮਈ ਨੂੰ ਹੋਵੇਗੀ।

ਪੰਜਾਬ ਸਰਕਾਰ ਦੇ ਵਕੀਲ ਪੁਨੀਤ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰਟ ਵਿੱਚ ਅਰਜ਼ੀ ਪਾਈ ਹੈ ਕਿ ਦਿੱਲੀ ਵਿੱਚ ਜੋ ਵੀ ਹੋਇਆ ਉਸ ਦੀ ਸੀਸੀਟੀਵੀ ਫੁਟੇਜ ਸੰਭਾਲੀ ਜਾਵੇ।

ਤਜਿੰਦਰ ਬੱਗਾ

ਤਸਵੀਰ ਸਰੋਤ, Getty Images

ਭਾਰਤ ਸਰਕਾਰ ਦੇ ਅਡੀਸ਼ਨਲ ਸੌਲੀਸਿਟਰ ਜਨਰਲ ਸੱਤਿਆਪਾਲ ਜੈਨ ਨੇ ਕਿਹਾ ਪੰਜਾਬ ਸਰਕਾਰ ਨੇ ਜੋ ਅਰਜ਼ੀਆਂ ਪਾਈਆਂ ਹਨ, ਜਦੋਂ ਉਸ ਬਾਰੇ ਕੋਈ ਨੋਟਿਸ ਆਵੇਗਾ ਤਾਂ ਅਸੀਂ ਜਵਾਬ ਦੇਵਾਂਗੇ।

ਉਨ੍ਹਾਂ ਦੱਸਿਆ ਕਿ ਤਜਿੰਦਰ ਪਾਲ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ, ਉਨ੍ਹਾਂ ਦੇ ਪਿਤਾ ਨੇ ਆਪਣੇ ਅਤੇ ਪੁੱਤਰ ਦੀ ਜਾਨ ਨੂੰ ਖਤਰਾ ਹੋਣ ਦੀ ਗੱਲ ਕਹਿ ਕੇ ਬੱਗਾ ਦੇ ਅਗਵਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਉਨ੍ਹਾਂ ਕਿਹਾ, ਪੰਜਾਬ ਪੁਲਿਸ ਨੇ ਜੋ ਕਾਰਵਾਈ ਕੀਤੀ ਉਸ ਬਾਰੇ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਪਰ ਦਿੱਲੀ ਪੁਲਿਸ ਨੇ ਜੋ ਵੀ ਕਾਰਵਾਈ ਕੀਤੀ ਉਹ ਅਦਾਲਤ ਦੇ ਆਦੇਸ਼ ਅਨੁਸਾਰ, ਕਾਨੂੰਨ ਦੇ ਤਹਿਤ ਕੀਤੀ ਸੀ।

ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਕੇਸ ਬੇਮਾਨੀ ਹੋ ਚੁੱਕਿਆ ਹੈ ਕਿਉਂਕਿ ਪੰਜਾਬ ਵੱਲੋਂ ਜਿਹੜੀ ਪਟੀਸ਼ਨ ਪਾਈ ਗਈ ਸੀ ਉਸ ਵਿੱਚ ਇਹ ਮੰਗ ਕੀਤੀ ਗਈ ਸੀ ਕਿ ਜਿਹੜੇ ਦਿੱਲੀ 'ਚ ਪੰਜਾਬ ਪੁਲਿਸ ਦੇ ਅਫਸਰ ਨੇ ਉਨ੍ਹਾਂ ਨੂੰ ਛੱਡ ਦਿੱਤਾ ਜਾਵੇ।

ਕਿਉਂਕਿ ਹੁਣ ਉਹ ਰਿਲੀਜ਼ ਹੋ ਚੁਕੇ ਨੇ ਇਸ ਲਈ ਉਹ ਪਟੀਸ਼ਨ ਬੇਮਾਨੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ:

ਸ਼ੁੱਕਰਵਾਰ ਦੇਰ ਰਾਤ ਦਿੱਲੀ ਪਹੁੰਚਣ 'ਤੇ ਬੱਗਾ ਨੇ ਕੀ ਕਿਹਾ

ਵੀਡੀਓ ਕੈਪਸ਼ਨ, ਦਿੱਲੀ ਪਹੁੰਚੇ ਬੱਗਾ ਦੀ ਕੇਜਰੀਵਾਲ ਨੂੰ ਚੁਣੌਤੀ, ਹੁਣ ਅੱਗੇ ਕੀ ਕਰਨਗੇ

ਦੂਜੇ ਪਾਸੇ ਪੰਜਾਬ ਦੇ ਐਡਵੋਕੇਟ ਜਨਰਲ ਦਾ ਕਹਿਣਾ ਸੀ ਕਿ ਪਟੀਸ਼ਨ ਬੇਮਾਨੀ ਨਹੀਂ ਹੋਈ ਹੈ ਅਤੇ ਉਹ ਇਹ ਮੰਗ ਕਰਨਗੇ ਕਿ ਤਜਿੰਦਰ ਪਾਲ ਸਿੰਘ ਬੱਗਾ ਪੰਜਾਬ ਦੇ ਮੁਲਜ਼ਮ ਹਨ, ਉਨ੍ਹਾਂ ਦੀ ਗ੍ਰਿਫ਼ਤਾਰੀ ਸਹੀ ਤਰੀਕੇ ਨਾਲ ਹੋਈ ਹੈ ਅਤੇ ਉਨ੍ਹਾਂ ਦੀ ਕਸਟਡੀ ਮੁੜ ਪੰਜਾਬ ਪੁਲਿਸ ਨੂੰ ਦਿੱਤੀ ਜਾਵੇ।

ਹਰਿਆਣਾ ਸਰਕਾਰ ਨੇ ਆਪਣੀ ਦਲੀਲ 'ਚ ਕਿਹਾ ਸੀ ਕਿ ਅਸੀਂ ਕੋਈ ਗ਼ਲਤ ਕੰਮ ਨਹੀਂ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਕਿਡਨੈਪਿੰਗ ਦਾ ਕੇਸ ਸੀ, ਇਸ ਕਰਕੇ ਅਸੀਂ ਪੰਜਾਬ ਪੁਲਿਸ ਦੀ ਟੀਮ ਨੂੰ ਰੋਕਿਆ ਸੀ। ਕਿਸੇ ਨੂੰ ਗਲਤ ਤਰੀਕੇ ਨਾਲ ਡੀਟੇਨ ਨਹੀਂ ਕੀਤਾ ਗਿਆ।

ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਨੇ ਕੀਤਾ ਸੀ ਗ੍ਰਿਫ਼ਤਾਰ

ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ।

ਜਦੋਂ ਪੰਜਾਬ ਪੁਲਿਸ ਉਨ੍ਹਾਂ ਨੂੰ ਆਪਣੇ ਨਾਲ ਪੰਜਾਬ ਲਿਆ ਰਹੀ ਸੀ ਤਾਂ ਰਸਤੇ ਵਿੱਚ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।

ਵੀਡੀਓ ਕੈਪਸ਼ਨ, ਭਾਜਪਾ ਆਗੂ ਬੱਗਾ ਦੀ ਗ੍ਰਿਫ਼ਤਾਰੀ ’ਤੇ ਪਿਤਾ : ‘ਪੁੱਤ ਨੂੰ ਧੂਹ ਕੇ ਲੈ ਗਏ’

ਇਸ ਮਗਰੋਂ ਦਿੱਲੀ ਪੁਲਿਸ ਦੀ ਟੀਮ ਕੁਰੂਕਸ਼ੇਤਰ ਦੇ ਪਿਪਲੀ ਵਿੱਚ ਪਹੁੰਚੀ ਅਤੇ ਤਜਿੰਦਰ ਬੱਗਾ ਨੂੰ ਆਪਣੇ ਨਾਲ ਵਾਪਸ ਦਿੱਲੀ ਲੈ ਗਈ।

ਇਸ ਮਾਮਲੇ ਵਿੱਚ ਹੁਣ ਤੱਕ ਕੀ ਕੀ ਹੋਇਆ

  • ਪੰਜਾਬ ਪੁਲਿਸ ਸ਼ੁੱਕਰਵਾਰ ਸਵੇਰੇ ਤਜਿੰਦਰ ਪਾਲ ਸਿੰਘ ਬੱਗਾ ਦੇ ਦਿੱਲੀ ਸੱਥਿਤ ਘਰ ਪਹੁੰਚੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜਨਕਪੁਰੀ ਪੁਲਿਸ ਸਟੇਸ਼ਨ ਲੈ ਗਈ।
  • ਪੁਲਿਸ ਸਟੇਸ਼ਨ 'ਚ ਮੌਜੂਦ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਨੇ ਇਲਜ਼ਾਮ ਲਗਾਏ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਤਜਿੰਦਰ ਬੱਗਾ ਨੂੰ ਧੂਹ ਕੇ ਲੈ ਗਈ।
  • ਬੱਗਾ ਵੱਲੋਂ ਅਰਵਿੰਦ ਕੇਜਰੀਵਾਲ ਉੱਪਰ ਫਿਲਮ 'ਦਿ ਕਸ਼ਮੀਰ ਫਾਈਲਜ਼' ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਮੁਹਾਲੀ ਵਿਖੇ 'ਆਪ' ਆਗੂ ਸਨੀ ਆਹਲੂਵਾਲੀਆ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੇ ਆਧਾਰ 'ਤੇ ਪੁਲਿਸ ਨੇ 1 ਅਪ੍ਰੈਲ ਨੂੰ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ।
  • ਪੰਜਾਬ ਪੁਲਿਸ ਜਦੋਂ ਬੱਗਾ ਨੂੰ ਲੈ ਕੇ ਪੰਜਾਬ ਜਾ ਰਹੀ ਸੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਕੁਰੂਕਸ਼ੇਤਰ ਵਿੱਚ ਰੋਕ ਲਿਆ।
  • ਦਿੱਲੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪੰਜਾਬ ਪੁਲਿਸ 'ਤੇ ਤਜਿੰਦਰ ਪਾਲ ਸਿੰਘ ਬੱਗਾ ਦੀ 'ਕਿਡਨੈਪਿੰਗ' ਦੀ ਐੱਫਆਈਆਰ ਦਰਜ ਕਰ ਲਈ ਗਈ ਹੈ।
  • ਪੰਜਾਬ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਬੱਗਾ ਨੂੰ 5 ਨੋਟਿਸ ਭੇਜੇ ਸਨ ਪਰ ਜਾਂਚ ਵਿੱਚ ਬੱਗਾ ਵੱਲੋਂ ਸਹਿਯੋਗ ਨਾ ਮਿਲਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ।
  • ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨੂੰ ਇਕ ਚਿੱਠੀ ਲਿਖ ਕੇ ਕਿਹਾ ਕਿ ਇਹ (ਉਨ੍ਹਾਂ ਨੂੰ ਰੋਕਣਾ) ਗੈਰਕਾਨੂੰਨੀ ਹੈ ਤੇ ਕ੍ਰਿਮੀਨਲ ਜਸਟਿਸ ਸਿਸਟਮ ਦੇ ਕੰਮ ਵਿੱਚ ਦਖ਼ਲਅੰਦਾਜ਼ੀ ਹੈ। ਇਸ ਲਈ ਉਨ੍ਹਾਂ ਨੂੰ ਤੁਰੰਤ ਜਾਣ ਦਿੱਤਾ ਜਾਵੇ ਤਾਂ ਜੋ ਉਹ ਮੁਹਾਲੀ ਅਦਾਲਤ ਵਿਖੇ ਤਜਿੰਦਰ ਪਾਲ ਸਿੰਘ ਬੱਗਾ ਨੂੰ ਸਮੇਂ ਸਿਰ ਪੇਸ਼ ਕਰ ਸਕਣ।
  • ਦਿੱਲੀ ਪੁਲਿਸ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਕੁਰੂਕਸ਼ੇਤਰ ਤੋਂ ਲੈ ਗਈ।
  • 10 ਮਈ ਨੂੰ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)