ਮੂਸੇਵਾਲਾ ਦੇ ਕਤਲ ਤੋਂ ਲੈ ਕੇ ਹੁਣ ਤੱਕ ਕੀ ਕੁਝ ਹੋਇਆ - 8 ਨੁਕਤਿਆਂ 'ਚ ਸਮਝੋ

ਤਸਵੀਰ ਸਰੋਤ, SIDHU MOOSE WALA/FB
29 ਮਈ ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਹੋਇਆ ਜਿਸ ਨਾਲ ਸਨਸਨੀ ਫੈਲ ਗਈ।
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਵੀਂ ਬਣੀ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਣ ਲੱਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਸੜਕਾਂ ਉੱਤੇ ਆਣ ਉਤਰੇ।
ਮਾਨਸਾ ਵਿੱਚ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ ਲੋਕਾਂ ਦਾ ਇਕੱਠ ਹੋਣ ਲੱਗਿਆ। ਮੂਸੇਵਾਲਾ ਦੀ ਅੰਤਮ ਯਾਤਰਾ ਤੇ ਸਸਕਾਰ ਵੇਲੇ ਵੀ ਲੋਕਾਂ ਦਾ ਵੱਡਾ ਹਜੂਮ ਦੇਖਣ ਨੂੰ ਮਿਲਿਆ।
ਮੂਸੇਵਾਲਾ ਦੇ ਕਤਲ ਤੋਂ ਲੈ ਕੇ ਅੱਜ ਤੱਕ ਕੀ ਕੀ ਹੋਇਆ ਇੱਕ ਝਾਤ ਮਾਰਦੇ ਹਾਂ-
1.ਕਤਲਕਾਂਡ ਨੇ ਫੈਲਾਈ ਸਨਸਨੀ
29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਗਾਇਕ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ।
ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ:
ਇਸ ਘਟਨਾ ਵਿੱਚ ਮੂਸੇਵਾਲਾ ਦੇ ਦੋ ਸਾਥੀ ਵੀ ਜ਼ਖਮੀ ਹੋਏ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਹੀ ਸੈਂਕੜੇ ਲੋਕਾਂ ਦੀ ਸੁਰੱਖਿਆ ਪੰਜਾਬ ਸਰਕਾਰ ਨੇ ਜਾਂ ਤਾਂ ਹਟਾ ਲਈ ਸੀ ਜਾਂ ਘਟਾ ਦਿੱਤੀ ਸੀ।
ਮੂਸੇਵਾਲਾ ਦੀ ਵੀ ਸੁਰੱਖਿਆ ਘਟਾਈ ਗਈ ਸੀ ਪੁਲਿਸ ਮੁਤਾਬਕ ਮੂਸੇਵਾਲਾ ਘਰੋਂ ਨਿਕਲਣ ਵੇਲੇ ਸੁਰੱਖਿਆ ਵਿੱਚ ਤੈਨਾਤ ਦੋਵੇਂ ਕਮਾਂਡੋ ਨਾਲ ਨਹੀਂ ਲੈ ਕੇ ਗਏ ਅਤੇ ਬੁਲੇਟ ਪਰੂਫ਼ ਗੱਡੀ ਵੀ ਛੱਡ ਗਏ।
2. ਕਤਲ ਦੀ ਕਥਿਤ ਜ਼ਿੰਮੇਵਾਰੀ
29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਅਪਰਾਧ ਪਿੱਛੇ ਸਨ।
ਸੋਸ਼ਲ ਮੀਡੀਆ 'ਤੇ ਇੱਕ ਫੇਸਬੁੱਕ ਪੋਸਟ ਵਿੱਚ ਗੋਲਡੀ ਬਰਾੜ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੀ ਕੀਤਾ ਗਿਆ ਹੈ। ਹਾਲਾਂਕਿ, ਬੀਬੀਸੀ ਇਸ ਦੇ ਸਹੀ ਹੋਣ ਦੀ ਪੁਸ਼ਟੀ ਨਹੀਂ ਕਰਦਾ।
3. ਜਾਂਚ ਦਾ ਘੇਰਾ ਵਧਿਆ
ਇਸ ਕਤਲ ਕਾਂਡ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀ.ਕੇ. ਭਾਵਰਾ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ ਨੂੰ ਪੁਨਰਗਠਿਤ ਕੀਤਾ ਹੈ।
ਹੁਣ, ਛੇ ਮੈਂਬਰੀ ਐਸਆਈਟੀ ਵਿੱਚ ਨਵੇਂ ਚੇਅਰਮੈਨ ਆਈਜੀ ਜਸਕਰਨ ਸਿੰਘ ਅਤੇ ਦੋ ਨਵੇਂ ਮੈਂਬਰਾਂ ਵਿੱਚ ਏਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਗੁਰਮੀਤ ਸਿੰਘ ਚੌਹਾਨ ਅਤੇ ਐਸਐਸਪੀ ਮਾਨਸਾ ਗੌਰਵ ਤੂਰਾ ਸ਼ਾਮਲ ਕੀਤੇ ਗਏ ਹਨ।
4. ਨਿਆਇਕ ਜਾਂਚ ਦੀ ਮੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਕਤਲ ਦੀ ਜਾਂਚ ਲਈ ਕਿਸੇ ਮੌਜੂਦਾ ਜੱਜ ਨੂੰ ਨਿਯੁਕਤ ਕਰਨ ਦੀ ਬੇਨਤੀ ਕੀਤੀ ਸੀ।
ਇਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਬੇਨਤੀ ਤੋਂ ਬਾਅਦ ਹੋਇਆ ਹੈ ਜੋ ਐੱਸਆਈਟੀ ਬਣਾਏ ਜਾਣ ਤੋਂ ਖ਼ੁਸ਼ ਨਹੀਂ ਸਨ ਅਤੇ ਉਹ ਇਸ ਮਾਮਲੇ ਦੀ ਨਿਆਇਕ ਜਾਂਚ ਚਾਹੁੰਦੇ ਸਨ।
ਸੂਤਰਾਂ ਦਾ ਕਹਿਣਾ ਹੈ ਕਿ ਅਜਿਹੇ ਜਾਂਚ ਕਮਿਸ਼ਨ ਨੂੰ ਨਿਯੁਕਤ ਕਰਨਾ ਜਾਂ ਨਾ ਕਰਨਾ ਚੀਫ਼ ਜਸਟਿਸ 'ਤੇ ਨਿਰਭਰ ਕਰਦਾ ਹੈ।
ਹਾਲਾਂਕਿ, ਪਿਛਲੇ ਤਜਰਬੇ ਤੋਂ ਇਹ ਦੇਖਿਆ ਗਿਆ ਹੈ ਕਿ ਆਮ ਤੌਰ 'ਤੇ ਸੇਵਾਮੁਕਤ ਜੱਜਾਂ ਨੂੰ ਅਜਿਹੀਆਂ ਜਾਂਚਾਂ ਸੌਂਪੀਆਂ ਜਾਂਦੀਆਂ ਹਨ ਭਾਵੇਂ ਕਿ ਸੂਬਾ ਸਰਕਾਰਾਂ ਵੱਲੋਂ ਮੌਜੂਦਾ ਜੱਜਾਂ ਤੋਂ ਜਾਂਚ ਦੀ ਮੰਗ ਕੀਤੀ ਸੀ।
5. ਪੁਲਿਸ ਦੇ ਹੱਥ ਕੀ ਕੁਝ ਲੱਗਿਆ ਤੇ ਜਾਂਚ ਕਿੱਥੇ ਪਹੁੰਚੀ
ਮਹੱਤਵਪੂਰਨ ਸਮੱਗਰੀ ਵਿੱਚੋਂ ਇੱਕ ਸੀਸੀਟੀਵੀ ਫੁਟੇਜ ਵੀ ਹੈ ਜੋ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ ਵਿੱਚ ਦਿਖਾਇਆ ਗਿਆ ਹੈ ਕਿ ਗਾਇਕ ਦੇ ਗੋਲੀ ਮਾਰਨ ਤੋਂ ਠੀਕ ਪਹਿਲਾਂ ਉਸ ਦੀ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਮੋਗਾ ਵਿੱਚ ਇੱਕ ਛੱਡੀ ਹੋਈ ਕਾਰ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਨੂੰ ਸ਼ੱਕ ਹੈ ਕਿ ਹਮਲਾਵਰ ਕਤਲ ਕਰਨ ਤੋਂ ਬਾਅਦ ਇਸ ਗੱਡੀ ਵਿੱਚ ਭੱਜ ਗਏ ਹੋ ਸਕਦੇ ਹਨ। ਪੁਲਿਸ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੇ ਵੀ ਕਾਰ ਦੀ ਜਾਂਚ ਕਰ ਕੇ ਸਬੂਤ ਇਕੱਠੇ ਕੀਤੇ ਹਨ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹੁਣ ਤੱਕ ਮਿਲੇ ਸੁਰਾਗਾਂ ਨੂੰ ਲੈ ਕੇ ਚੁੱਪ ਹਨ।
ਉੱਥੇ ਹੀ ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਹਿਮ ਸੁਰਾਗ਼ ਮਿਲੇ ਹਨ ਅਤੇ ਉੱਚ ਅਧਿਕਾਰੀ ਇੱਕ ਅੱਧੇ ਦਿਨ ਤੱਕ ਇਨ੍ਹਾਂ ਨੂੰ ਸਾਂਝਾ ਕਰ ਸਕਦੇ ਹਨ।
ਸੂਤਰਾਂ ਨੇ ਬੀਬੀਸੀ ਪੰਜਾਬੀ ਨੂੰ ਦੱਸਿਆ ਕਿ ਐੱਸਆਈਟੀ ਤੋਂ ਇਲਾਵਾ ਗੁਆਂਢੀ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਵੀ ਜਾਂਚ ਵਿੱਚ ਆਪਣੀ ਮਦਦ ਦੇ ਰਹੇ ਹਨ।
6. ਅੰਤਮ ਯਾਤਰਾ ਵੇਲੇ ਲੋਕਾਂ ਦਾ ਹਜੂਮ
ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਲੋਕ ਪਹੁੰਚੇ ਹੋਏ ਸਨ। ਇਨ੍ਹਾਂ ਵਿੱਚ ਕਲਾ, ਸੰਗੀਤ ਅਤੇ ਫਿਲਮ ਜਗਤ ਦੀਆਂ ਕਈ ਵੱਡੀਆਂ ਹਸਤੀਆਂ ਸ਼ਾਮਲ ਸਨ।
ਸਿੱਧੂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਕੀਤਾ ਗਿਆ, ਜਿੱਥੇ ਬਾਅਦ ਵਿੱਚ ਉਨ੍ਹਾਂ ਦੀ ਯਾਦਗਾਰ ਬਣਾਈ ਜਾ ਸਕੇ।
ਜਦੋਂ 5911 ਟਰੈਕਟਰ ਉੱਤੇ ਉਨ੍ਹਾਂ ਦੀ ਅੰਤਿਮ ਯਾਤਰਾ ਸਸਕਾਰ ਵਾਲੀ ਥਾਂ ਉਤੇ ਪਹੁੰਚੀ ਤਾਂ ਇੰਨਾ ਵੱਡਾ ਇਕੱਠ ਅਤੇ ਪੁੱਤ ਲਈ ਲੋਕਾਂ ਦਾ ਅਥਾਹ ਪਿਆਰ ਦੇਖ ਕਿ ਉਨ੍ਹਾਂ ਦੇ ਪਿਤਾ ਦੇ ਸਬਰ ਦਾ ਬੰਨ੍ਹ ਟੁੱਟ ਗਿਆ।
ਉਨ੍ਹਾਂ ਰੋਂਦੇ ਹੋਏ ਪੱਗ ਸਿਰ ਤੋਂ ਉਤਾਰ ਕਿ ਲੋਕਾਂ ਅੱਗੇ ਝੁਕਾਈ ਅਤੇ ਇਸ ਸੰਤਾਪ ਦੀ ਘੜੀ ਵਿੱਚ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ।
ਇਨ੍ਹਾਂ ਤਸਵੀਰਾਂ ਵਾਲਾ ਪਲ ਬਹੁਤ ਹੀ ਭਾਵੁਕ ਕਰਨ ਵਾਲਾ ਸੀ, ਇਹ ਉਵੇਂ ਸੀ ਜਿਵੇਂ ਸਿੱਧੂ ਦੇ ਪਿਤਾ ਆਏ ਲੋਕਾਂ ਦੇ ਪੈਰਾਂ ਵਿੱਚ ਆਪਣੀ ਪੱਗ ਰੱਖ ਰਹੇ ਹੋਣ।
ਪੰਜਾਬ ਹਰਿਆਣਾ ਅਤੇ ਰਾਜਸਥਾਨ ਸਣੇ ਹੋਰ ਕਈ ਸੂਬਿਆਂ ਤੋਂ ਉਨ੍ਹਾਂ ਦੇ ਫੈਨ ਪਹੁੰਚੇ ਹੋਏ ਸਨ ਅਤੇ ਸਿੱਧੂ ਮੂਸੇਵਾਲਾ 'ਅਮਰ ਰਹੇ' ਦੇ ਨਾਅਰੇ ਲਗਾ ਰਹੇ ਹਨ।

- ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। ਉਸ ਨੂੰ ਘੇਰ ਕੇ ਦਿਨ-ਦਿਹਾੜੇ ਆਧੁਨਿਕ ਹਥਿਆਰਾਂ ਨਾਲ ਕਤਲ ਕੀਤਾ ਜਾਣਾ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ।
- ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ।
- ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।

7. ਪਹਿਲੀ ਗ੍ਰਿਫ਼ਤਾਰੀ ਦਾ ਦਾਅਵਾ
ਸਿੱਧੂ ਮੂਸੇਵਾਲਾ ਦੇ ਕਤਲ ਦੇ ਤੀਜੇ ਦਿਨ ਪੰਜਾਬ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਸ਼ਖਸ ਦਾ ਨਾਂ ਮਨਪ੍ਰੀਤ ਸਿੰਘ ਹੈ।
ਪੁਲਿਸ ਦੇ ਸੂਤਰਾਂ ਮੁਤਾਬਕ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਪੰਜਾਬ ਪੁਲਿਸ ਦੇ ਸੂਤਰਾਂ ਮੁਤਾਬਕ ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੇਹਰਾਦੂਨ ਤੋਂ ਕੀਤੀ ਗਈ ਹੈ। ਇਹ ਪੰਜਾਬ ਪੁਲਿਸ ਦੇ ਵਿਸ਼ੇਸ਼ ਟਾਸਕ ਫੋਰਸ ਨੇ ਉਤਰਾਖੰਡ ਪੁਲਿਸ ਦੇ ਸਾਂਝੇਂ ਆਪਰੇਸ਼ਨ ਦੌਰਾਨ ਹਿਰਾਸਤ ਵਿੱਚ ਲਏ ਗਏ 6 ਵਿਅਕਤੀਆਂ ਵਿੱਚੋਂ ਇੱਕ ਦੱਸਿਆ ਜਾਂਦਾ ਹੈ।

ਤਸਵੀਰ ਸਰੋਤ, PUNJAB POLICE
ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨਾਲ ਗੱਲਬਾਤ ਦੌਰਾਨ ਪੁਲਿਸ ਸੂਤਰਾਂ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਤਾਂ ਕੀਤੀ ਪਰ ਇਸ ਦਾ ਹੋਰ ਵਿਸਥਾਰ ਦੱਸਣ ਤੋਂ ਇਨਕਾਰ ਕੀਤਾ।
ਬੀਬੀਸੀ ਸਹਿਯੋਗੀ ਸੁਰਿੰਦਰ ਮਾਨ ਨੇ ਪੁਲਿਸ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਮਨਪ੍ਰੀਤ ਸਿੰਘ ਫਰੀਦਕੋਟ ਦੇ ਢੈਪਈ ਪਿੰਡ ਦਾ ਰਹਿਣ ਵਾਲਾ ਹੈ।
ਇਸ ਦਾ ਪਿੰਡ ਜਵਾਹਰਕੇ, ਜਿੱਥੇ ਸਿੱਧੂ ਉੱਤੇ ਹਮਲਾ ਹੋਇਆ ਸੀ, ਉਸ ਤੋਂ ਨੇੜੇ ਹੀ ਪੈਂਦਾ ਹੈ।
8. ਲਾਰੈਂਸ ਬਿਸ਼ਨੋਈ ਨੂੰ ਪੁਲਿਸ ਮੁਕਾਬਲੇ ਦਾ ਡਰ

ਤਸਵੀਰ ਸਰੋਤ, ANI
ਬੀਬੀਸੀ ਸਹਿਯੋਗੀ ਸੁੱਚਿਤਰਾ ਮੋਹੰਤੀ ਮੁਤਾਬਕ ਤਿਹਾੜ ਜੇਲ੍ਹ ਵਿੱਚ ਬੰਦ 29 ਸਾਲਾ ਗੈਂਗਸਟਰ ਲਾਰੈਂਸ਼ ਬਿਸ਼ਨੋਈ ਨੇ ਦਿੱਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਖਲ ਕਰਕੇ ਪੰਜਾਬ ਪੁਲਿਸ ਵਲੋਂ ਉਸ ਦਾ ਝੂਠਾ ਮੁਕਾਬਲਾ ਬਣਾਉਣ ਦਾ ਖ਼ਦਸ਼ਾ ਪ੍ਰਗਟਾਇਆ।
ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਅਦਾਲਤ ਵਿੱਚ ਦਾਇਰ ਅਰਜੀ ਵਿੱਚ ਕਿਹਾ ਹੈ ਕਿ ਕਿਵੇਂ ਅਦਾਲਤ ਦੇ ਪ੍ਰੋਡਕਸ਼ਨ ਵਾਰੰਟ ਦੌਰਾਨ ਇੱਧਰ ਉੱਧਰ ਲਿਜਾਉਣ ਸਮੇਂ ਉਸ ਦਾ ਝੂਠਾ ਪੁਲਿਸ ਮੁਕਾਬਲਾ ਬਣਾਇਆ ਜਾ ਸਕਦਾ ਹੈ।
ਲਾਰੈਂਸ ਉੱਤੇ ਮਕੋਕਾ ਦੀ ਧਾਰਾ 3 ਅਤੇ 4 ਤਹਿਤ ਕਈ ਮਾਮਲੇ ਚੱਲ ਰਹੇ ਹਨ। ਬੁੱਧਵਾਰ ਨੂੰ ਬਿਸ਼ਨੋਈ ਵੱਲੋਂ ਦਿਲੀ ਦੀ ਅਦਾਲਤ ਤੋਂ ਪਟੀਸ਼ਨ ਵਾਪਸ ਲੈ ਲਈ ਗਈ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਉਣ ਦੀ ਤਿਆਰੀ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post


















