ਪੰਜਾਬ 'ਚ 'ਆਪ' ਦੇ ਛੇ ਮਹੀਨੇ: ਸਰਕਾਰ ਦੀਆਂ ਪੰਜ ਪ੍ਰਾਪਤੀਆਂ ਤੇ ਪੰਜ ਵਿਵਾਦ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਛੇ ਮਹੀਨੇ ਪੂਰੇ ਕਰ ਲਏ ਹਨ। 'ਆਪ' ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ 92 ਸੀਟਾਂ ਹਾਸਿਲ ਕਰਕੇ ਸਰਕਾਰ ਬਣਾਈ ਗਈ ਸੀ।

ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਖ਼ਿਲਾਫ ਕੰਮ ਕਰਨ ਦੇ ਵਾਅਦੇ ਦੇ ਨਾਲ-ਨਾਲ ਭਗਤ ਸਿੰਘ ਅਤੇ ਬੀਆਰ ਅੰਬੇਦਕਰ ਦੇ ਸਿਧਾਂਤਾਂ ਉਪਰ ਚੱਲਣ ਦੀ ਗੱਲ ਆਖ ਕੇ ਸੱਤਾ ਵਿੱਚ ਆਈ ਭਗਵੰਤ ਮਾਨ ਦੀ ਸਰਕਾਰ ਨੇ ਇਹਨਾਂ ਛੇ ਮਹੀਨਿਆਂ ਵਿੱਚ ਕਈ ਅਹਿਮ ਫੈਸਲੇ ਲਏ ਹਨ। ਹਾਲਾਂਕਿ ਇਸ ਦੌਰਾਨ ਸਰਕਾਰ ਨੂੰ ਆਪਣੇ ਫ਼ੈਸਲਿਆਂ ਕਾਰਨ ਲੋਕਾਂ ਦੀ ਅਲੋਚਨਾ ਦਾ ਵੀ ਸਾਹਮਣਾ ਕਰਨਾ ਪਿਆ।

ਭਗਵੰਤ ਮਾਨ ਦੀ ਸਰਕਾਰ ਦੀਆਂ ਪੰਜ ਪ੍ਰਾਪਤੀਆਂ ਅਤੇ ਪੰਜ ਵਿਵਦਾਂ ਬਾਰੇ ਹੇਠਾਂ ਚਰਚਾ ਕਰਦੇ ਹਾਂ:

ਇਹ ਵੀ ਪੜ੍ਹੋ:-

ਮਾਨ ਸਰਕਾਰ ਦੀਆਂ ਪੰਜ ਪ੍ਰਾਪਤੀਆਂ

  • ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਥੇ ਲੋਕ ਰਿਸ਼ਵਤ ਮੰਗਣ ਵਾਲੇ ਅਫ਼ਸਰਾਂ ਅਤੇ ਕਰਮਚਾਰੀਆਂ ਖਿਲਾਫ਼ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਪੰਜਾਬ ਵਿਜੀਲੈਂਸ ਨੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਨ ਆਸ਼ੂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਫ਼ਿਲਹਾਲ ਜ਼ਮਾਨਤ ਉਪਰ ਬਾਹਰ ਆ ਗਏ ਹਨ।
  • 'ਆਪ' ਸਰਕਾਰ ਨੇ ਆਪਣੇ ਚੋਣ ਵਾਅਦੇ ਮੁਤਾਬਕ ਬਿਜਲੀ ਦੀਆਂ 300 ਯੁਨਿਟਾਂ ਪੰਜਾਬ ਵਿੱਚ ਮੁਫ਼ਤ ਕਰ ਦਿੱਤੀਆਂ ਹਨ। ਇਹ ਫ਼ੈਸਲਾ 1 ਜੁਲਾਈ ਤੋਂ ਲਾਗੂ ਕੀਤੀ ਗਿਆ ਹੈ। ਸੂਬੇ ਵਿੱਚ ਮਹਿੰਗੀ ਬਿਜਲੀ ਲੰਮੇ ਸਮੇਂ ਤੋਂ ਇੱਕ ਸਿਆਸੀ ਮੁੱਦਾ ਬਣਿਆ ਹੋਇਆ ਸੀ।
  • ਦਿੱਲੀ ਦੀ ਤਰਜ਼ ਉਪਰ ਸਰਕਾਰ ਨੇ ਪੰਜਾਬ ਵਿੱਚ ਵੀ 75 ਮੁਹੱਲਾਂ ਕਲੀਨਿਕ ਖੋਲ ਦਿੱਤੇ ਹਨ। ਇਹਨਾਂ ਮੁਹੱਲਾਂ ਕਲੀਨਿਕਾਂ ਵਿੱਚ ਐਮਬੀਬੀਐੱਸ ਡਾਕਟਰਾਂ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰ ਨੇ ਇਹ ਮੁਹੱਲਾਂ ਕਲੀਨਿਕ ਪੁਰਾਣੇ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਵਿੱਚ ਖੋਲੇ ਹਨ।
  • ਸਰਕਾਰ ਨੇ ਸੂਬੇ ਵਿੱਚ ਨਿੱਜੀ ਹੱਥਾਂ ਅਧੀਨ ਲੰਮੇ ਸਮੇਂ ਤੋਂ ਪਈਆਂ ਪੰਚਾਇਤੀ ਜ਼ਮੀਨਾਂ ਛੁਡਵਾਉਣੀਆਂ ਸੁਰੂ ਕਰ ਦਿੱਤੀਆਂ ਹਨ। ਸਰਕਾਰ ਦੇ ਦਾਅਵੇ ਮੁਤਾਬਕ ਹੁਣ ਤੱਕ ਕਰੀਬ 9000 ਏਕੜ ਤੋਂ ਉਪਰ ਜ਼ਮੀਨ ਛੁਡਵਾ ਲਈ ਗਈ ਹੈ। ਇਹ ਜ਼ਮੀਨਾਂ ਕਈ ਸਿਆਸੀ ਰਸੂਖ ਵਾਲੇ ਲੋਕਾਂ ਤੋਂ ਵੀ ਛੁਡਵਾਈਆਂ ਗਈਆਂ ਹਨ।
  • ਸਰਕਾਰੀ ਨੇ ਪੰਜਾਬ ਵਿੱਚ ਇੱਕ ਵਿਧਾਇਕ, ਇੱਕ ਪੈਨਸ਼ਨ ਨਿਯਮ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਦੀ ਹੋਮ ਸਕਰੀਨ ਉੱਤੇ ਇੰਝ ਲੈ ਕੇ ਆਓ

ਸਰਕਾਰ ਨਾਲ ਜੁੜੇ ਪੰਜ ਵਿਵਾਦ

  • ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀਆਈਪੀ ਲੋਕਾਂ ਦੀ ਸੁਰੱਖਿਆ ਵਿੱਚ ਕਟੋਤੀ ਕੀਤੀ ਗਈ। ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਵੀ ਕਮੀ ਕੀਤੀ ਗਈ ਜਿਸ ਤੋਂ ਬਾਅਦ ਮੂਸੇਵਾਲਾ ਦਾ ਕਤਲ ਹੋ ਗਿਆ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਦੇ ਮਸਲੇ ਨੂੰ ਲੈ ਕੇ ਸਰਕਾਰ ਨੂੰ ਕਾਫ਼ੀ ਅਲੋਚਨਾ ਦਾ ਸਾਹਮਣਾ ਕਰਨਾ ਪਿਆ।
  • 'ਆਪ' ਵੱਲੋਂ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਆਈਆਈਟੀ ਦਿੱਲੀ ਦੇ ਅਸਿਸਟੈਂਟ ਪ੍ਰੋਫੈਸਰ ਸੰਦੀਪ ਪਾਠਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਪੰਜਾਬ ਦੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਰਾਜ ਸਭਾ ਭੇਜਿਆ ਗਿਆ ਸੀ। ਪੰਜਾਬ ਵਿੱਚ ਲੋਕਾਂ ਨੇ ਰਾਘਵ ਚੱਢਾ ਅਤੇ ਪ੍ਰੋਫੈਸਰ ਸੰਦੀਪ ਪਾਠਕ ਦੇ ਪੰਜਾਬੀ ਨਾ ਹੋਣ ਦੇ ਬਾਵਜੂਦ ਰਾਜ ਸਭਾ ਭੇਜਣ ਉਪਰ ਸਖਤ ਇਤਰਾਜ ਜਤਾਇਆ ਸੀ।
  • ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਮੱਤੇਵਾੜਾ ਪ੍ਰੋਜੈਕਟ ਵੱਡੇ ਵਿਰੋਧ ਤੋਂ ਬਾਅਦ ਰੱਦ ਕਰਨਾ ਪਿਆ। ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਟੈਕਸਟਾਈਲ ਪਾਰਕ ਸਤਲੁਜ ਦਰਿਆ ਅਤੇ ਮੱਤੇਵਾੜਾ ਜੰਗਲ ਦੇ ਲਾਗੇ ਸਥਾਪਿਤ ਕੀਤਾ ਜਾਣਾ ਸੀ। ਵਾਤਾਵਰਨ ਪ੍ਰੇਮੀਆਂ ਦਾ ਡਰ ਸੀ ਕਿ ਇਸ ਪ੍ਰੋਜੈਕਟ ਨਾਲ ਜੈਵ ਵਿਭਿੰਨਤਾ ਨੂੰ ਖ਼ਤਰਾ ਹੈ ਅਤੇ ਡਰ ਇਹ ਵੀ ਹੈ ਕਿ ਇੰਡਸਟਰੀ ਵਿੱਚੋਂ ਨਿਕਲਣ ਵਾਲਾ ਕੈਮੀਕਲ ਸਤਲੁਜ ਦਰਿਆ ਨੂੰ ਦੂਸ਼ਿਤ ਕਰੇਗਾ।
  • ਸਰਕਾਰ ਦੇ ਆਪਣੇ ਹੀ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਉਪਰ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਜਿਸ ਤੋਂ ਬਾਅਦ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਹਨਾਂ ਖ਼ਿਲਾਫ ਕੇਸ ਦਰਜ ਕਰਨ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸੀ। ਫ਼ਿਲਹਾਲ ਸਿੰਗਲਾ ਜ਼ਮਾਨਤ 'ਤੇ ਬਾਹਰ ਆ ਗਏ ਹਨ ਅਤੇ ਉਹ ਕਈ ਮੀਟਿੰਗਾਂ ਵਿੱਚ ਵੀ ਭਾਗ ਲੈਂਦੇ ਹਨ।
  • ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵੀਸੀ ਡਾਕਟਰ ਰਾਜ ਬਹਾਦਰ ਨਾਲ ਕਥਿਤ ਬਦਸਲੂਕੀ ਕਰਨ ਦਾ ਮਾਮਲਾ ਕਾਫ਼ੀ ਭੱਖ ਗਿਆ ਸੀ ਜਿਸ ਤੋਂ ਬਾਅਦ ਚੇਤਨ ਸਿੰਘ ਜੋੜੇਮਾਜਰਾ ਦੀ ਬਹੁਤ ਅਲੋਚਨਾ ਹੋਈ। ਵੀਸੀ ਡਾਕਟਰ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਜਿਸ ਨੂੰ ਸਰਕਾਰ ਨੇ ਕੁਝ ਸਮੇਂ ਬਾਅਦ ਪ੍ਰਵਾਨ ਕਰ ਲਿਆ ਸੀ।

ਭਗਵੰਤ ਮਾਨ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਭਗਵੰਤ ਮਾਨ ਮਾਰਚ 2022 ਵਿਚ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ।

ਭਗਵੰਤ ਮਾਨ ਨੂੰ ਬਤੌਰ ਕਾਮੇਡੀਅਨ ਅਤੇ ਸਿਆਸਤਦਾਨ ਕਾਫ਼ੀ ਲੋਕ ਜਾਣਦੇ ਹਨ। ਉਹ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹੇ ਹਨ।

2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੌਰਾਨ ਉਹ ਧੂਰੀ ਹਲਕੇ ਤੋਂ ਵਿਧਾਇਕ ਬਣੇ।

ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਵੀ ਹਨ।

2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਮੇਂ ਤੋਂ ਹੀ ਭਗਵੰਤ ਮਾਨ ਪਾਰਟੀ ਦੇ ਸਟਾਰ ਪ੍ਰਚਾਰਕ ਰਹੇ ਹਨ।

ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਉਹ ਪਾਰਟੀ ਦੇ ਇੱਕਲੌਤੇ ਅਜਿਹੇ ਆਗੂ ਹਨ, ਜਿੰਨ੍ਹਾਂ ਦੀ ਪੂਰੇ ਪੰਜਾਬ ਵਿੱਚ ਅਪੀਲ ਹੈ।

ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪੰਜਾਬ ਵਿੱਚ ਉਹੀ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੀ ਸ਼ਕਤੀ ਅਤੇ ਕਮਜ਼ੋਰੀ ਵਜੋਂ ਦੇਖੇ ਜਾਣ ਵਾਲੇ ਆਗੂ ਹਨ।

ਇਹ ਵੀ ਪੜ੍ਹੋ-

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)