ਬਲਵੰਤ ਰਾਜੋਆਣਾ ਕੌਣ ਹਨ, ਉਹ ਕਦੋਂ-ਕਦੋਂ ਚਰਚਾ ਵਿੱਚ ਰਹੇ ਤੇ ਉਨ੍ਹਾਂ ਦੇ ਕੇਸ ਵਿੱਚ ਮੋਦੀ ਸਰਕਾਰ ਨੂੰ ਝਾੜ ਕਿਉਂ ਪਈ

ਤਸਵੀਰ ਸਰੋਤ, kamaldeep Kaur /FB
ਬੀਬੀਸੀ ਪੱਤਰਕਾਰ ਸੁਚਿੱਤਾ ਮੋਹੰਤੀ ਮੁਤਾਬਕ ਬੇਅੰਤ ਸਿੰਘ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਸੀ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਅਰਜੀ ਉੱਤੇ ਫੈਸਲਾ ਨਾ ਲੈਣ ਉੱਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਝਾੜ ਪਾਈ ਹੈ।
ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਭਾਰਤ ਦੀ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੌਤ ਦੀ ਸਜਾ ਨੂੰ ਉਮਰ ਕੈਦ ਵਿਚ ਬਦਲਣ ਦੀ ਅਰਜੀ ਉੱਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।
ਭਾਰਤ ਦੀ ਸਰਬਉੱਚ ਅਦਾਲਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਸ ਕੇਸ ਦੀ ਬੁੱਧਵਾਰ ਨੂੰ ਸੁਣਵਾਈ ਕੀਤੀ।
ਬੈਂਚ ਨੇ ਆਪਣੇ ਹੁਕਮ ਵਿਚ ਕਿਹਾ, ''ਇਸ ਮਾਮਲੇ ਵਿਚ ਜੋ ਵੀ ਤੁਸੀਂ ਫੈਸਲਾ ਲੈਣਾ ਹੈ ਉਹ ਤੁਰੰਤ ਲਵੋ।''
ਰਾਜੋਆਣਾ ਦੀ ਪਟੀਸ਼ਨ ਦਾ ਅਧਾਰ
ਸੁਪਰੀਮ ਕੋਰਟ ਨੇ 2 ਮਈ ਦੀ ਸੁਣਵਾਈ ਦੀ ਜਿਕਰ ਕਰਦਿਆਂ ਕਿਹਾ, ਉਦੋਂ ਸਰਕਾਰ ਨੂੰ ਇਸ ਬਾਬਤ ਫੈਸਲਾ ਲੈਣ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਹੁਣ ਉਸ ਤੋਂ ਵੀ ਇੱਕ ਮਹੀਨਾ ਉੱਤੇ ਹੋ ਗਿਆ ਹੈ, ਪਰ ਅਜੇ ਵੀ ਇਸ ਬਾਰੇ ਫੈਸਲਾ ਨਹੀਂ ਲਿਆ ਗਿਆ।
ਰਾਜੋਆਣਾ ਨੇ 2020 ਵਿਚ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿਚ 2019 ਵਿਚ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀ ਮੌਤ ਦੀ ਸਜਾ ਉਮਰ ਕੈਦ ਵਿਚ ਤਬਦੀਲ ਕਰਨ ਦੇ ਐਲਾਨ ਨੂੰ ਅਧਾਰ ਬਣਾਇਆ ਗਿਆ ਸੀ।
ਦਰਅਸਲ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਨਰਿੰਦਰ ਮੋਦੀ ਸਰਕਾਰ ਨੇ ਰਾਜੋਆਣਾ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਨਾਲ 8 ਹੋਰ ਸਿੱਖ ਕੈਦੀਆਂ ਦੀਆਂ ਸਜਾਵਾਂ ਮਾਫ਼ ਕਰਨ ਦਾ ਐਲਾਨ ਕੀਤਾ ਗਿਆ ਸੀ।
ਰਾਜੋਆਣਾ ਨੇ ਆਪਣੀ ਪਟੀਸ਼ਨ ਵਿਚ ਕੇਂਦਰ ਸਰਕਾਰ ਦੇ ਇਸ ਹੁਕਮ ਨੂੰ ਅਮਲੀ ਜਾਮਾ ਪਹਿਨਾਉਣ ਦੀ ਮੰਗ ਕੀਤੀ ਹੈ।
ਕੇਂਦਰ ਸਰਕਾਰ ਦੇ ਅਜੀਬ ਰਵੱਈਆ ਉੱਤੇ ਨਰਾਜ਼ਗੀ ਜਾਹਰ ਕਰਦਿਆਂ ਅਦਾਲਤ ਕਿਹਾ ਕਿ ਤੁਸੀਂ ਇਸ ਬਾਰੇ ਜੋ ਵੀ ਫੈਸਲਾ ਲੈਣਾ ਹੈ, ਉਹ ਤੁਰੰਤ ਲਵੋ, ਤੁਹਾਨੂੰ ਇਹ ਫੈਸਲਾ ਲੈਣਾ ਹੀ ਪੈਣਾ ਹੈ।
ਰਿਹਾਈ ਲਈ ਉੱਠਦੀ ਰਹੀ ਹੈ ਸਿਆਸੀ ਮੰਗ
ਬੀਬੀਸੀ ਪੱਤਰਾਕਰ ਖੁਸ਼ਹਾਲ ਲਾਲੀ ਦੀ ਰਿਪੋਰਟ ਮੁਤਾਬਕ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਕਰਕੇ ਉਮਰ ਕੈਦ ਵਿਚ ਬਦਲਣ ਦੇ ਹੁਕਮ ਦਿੱਤੇ ਸਨ।
ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਕੇ ਰਿਹਾਈ ਤੇ ਸਜ਼ਾ ਮਾਫ਼ੀ ਦਾ ਸਵਾਗਤ ਕੀਤਾ ਸੀ।
ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਰਾਜੋਆਣਾ ਨੂੰ ਮਾਫ਼ੀ ਦੇਣ ਦਾ ਵਿਰੋਧ ਕੀਤਾ ਸੀ।

ਤਸਵੀਰ ਸਰੋਤ, kamaldeep Kaur/FB
ਅਪ੍ਰੈਲ 2022 ਦੇ ਸ਼ੁਰੂਆਤੀ ਦਿਨਾਂ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਦੀ ਮੰਗ ਕੀਤੀ ਸੀ।
ਸੁਖਬੀਰ ਬਾਦਲ ਦੀ ਦਲੀਲ ਸੀ ਕਿ ਰਾਜੋਆਣਾ ਦੀ ਫਾਂਸੀ ਕੇਂਦਰ ਸਰਕਾਰ ਨੇ ਉਮਰ ਕੈਦ ਵਿਚ ਬਦਲ ਦਿੱਤੀ ਸੀ ਅਤੇ ਬਲਵੰਤ ਸਿੰਘ ਰਾਜੋਆਣਾ 26 ਸਾਲ ਜੇਲ੍ਹ ਵਿਚ ਗੁਜ਼ਾਰ ਚੁੱਕੇ ਹਨ , ਜੋ ਉਮਰ ਕੈਦ ਤੋਂ ਵੱਧ ਹੈ। ਇਸ ਲਈ ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

- ਬਲਵੰਤ ਸਿੰਘ ਰਾਜੋਆਣਾ ਬੱਬਰ ਖਾਲਸਾ ਦੇ ਕਾਰਕੁਨ ਹਨ ਅਤੇ ਉਹ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਹਨ
- ਲੁਧਿਆਣਾ ਦੇ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਵਿਚ 23 ਅਗਸਤ 1967 ਵਿਚ ਜਨਮੇ ਬਲਵੰਤ ਸਿੰਘ ਪੰਜਾਬ ਪੁਲਿਸ ਵਿਚ ਸਿਪਾਹੀ ਸਨ।
- ਬੇਅੰਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ, ਜਿਨ੍ਹਾਂ ਨੂੰ 1995 ਦੌਰਾਨ ਇੱਕ ਕਾਰ ਬੰਬ ਧਮਾਕੇ ਵਿਚ ਕਤਲ ਕਰ ਦਿੱਤਾ ਗਿਆ ਸੀ
- ਬਲਵੰਤ ਸਿੰਘ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕੇਸ ਵਿਚ ਫਾਸੀ ਦੀ ਸਜਾ ਹੋ ਚੁੱਕੀ ਹੈ
- ਉਹ 26 ਸਾਲ ਤੋਂ ਵੱਧ ਸਮਾਂ ਜੇਲ੍ਹ ਵਿਚ ਗੁਜਾਰ ਚੁੱਕੇ ਹਨ
- ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਮਨੁੱਖੀ ਅਧਿਕਾਰ ਤੇ ਸਿਆਸੀ ਜਥੇਬੰਦੀਆਂ ਨੇ ਵਿਰੋਧ ਕਾਰਨ ਅਣਮਿੱਥੇ ਸਮੇਂ ਲਈ ਟਾਲ਼ ਦਿੱਤੀ ਗਈ
- ਰਾਜੋਆਣਾ ਦੀ ਮੌਤ ਦੀ ਸਜਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਅਰਜੀ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ
- ਭਾਵੇਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਕੇਂਦਰ ਨੇ ਇਹ ਐਲਾਨ ਵੀ ਕੀਤਾ ਸੀ, ਪਰ ਅਮਲ ਨਹੀਂ ਹੋਇਆ

ਅਕਾਲੀ ਦਲ ਦੀ ਮੰਗ ਦਾ ਰਵਨੀਤ ਸਿੰਘ ਬਿੱਟੂ ਨੇ ਤੁਰੰਤ ਵਿਰੋਧ ਕੀਤਾ ਅਤੇ ਕਿਹਾ ਕਿ ਬਾਦਲ ਪਰਿਵਾਰ ਉਸ ਅੱਤਵਾਦੀ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਸ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 17 ਹੋਰ ਵਿਅਕਤੀਆਂ ਨੂੰ ਕਤਲ ਕੀਤਾ ਸੀ।
ਉਨ੍ਹਾਂ ਸੁਖਬੀਰ ਬਾਦਲ ਨੂੰ ਉਲਟਾ ਸਵਾਲ ਕੀਤਾ ਸੀ ਕਿ ਉਹ ਦੱਸਣ ਕਿ ਕਿਸ ਮਜ਼ਬੂਰੀ ਤਹਿਤ ਉਹ ਵਾਰ-ਵਾਰ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਦੇ ਹਨ।
ਰਵਨੀਤ ਬਿੱਟੂ ਦੇ ਉਲਟ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਕਿਹਾ ਸੀ, ਮੈਂ ਅੱਤਵਾਦ ਪੀੜ੍ਹਤ ਹੋਣ ਦੇ ਨਾਅਤੇ ਆਪਣੇ ਸਾਥੀ ਰਵਨੀਤ ਬਿੱਟੂ ਦੀ ਪੀੜਾ ਸਮਝਦਾ ਹਾਂ। ਪਰ ਇੱਕ ਵਕੀਲ ਅਤੇ ਪੰਜਾਬ ਦਾ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਸਮਝਦਾ ਹਾਂ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਧਾਰਾ 432 ਤਹਿਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਕਿਉਂ ਕਿ ਉਹ 26 ਕੈਦ ਪਹਿਲਾਂ ਹੀ ਕੱਟ ਚੁੱਕੇ ਹਨ।
ਰਾਜੋਆਣਾ ਦਾ ਪਰਿਵਾਰ: 'ਹੋਰ ਖੁਸ਼ੀ ਹੁੰਦੀ ਜੇ ਹਵਾਰਾ, ਭਿਓਰਾ ਤੇ ਤਾਰਾ ਨੂੰ ਵੀ ਮਾਫ਼ੀ ਮਿਲਦੀ'- ਵੀਡੀਓ ( 2/10/2019)
ਬਲਵੰਤ ਸਿੰਘ ਰਾਜੋਆਣਾ ਕੌਣ ਹਨ?
ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਆਗੂ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਦੋਸ਼ੀਆਂ ਵਿਚੋਂ ਇੱਕ ਹਨ।
ਲੁਧਿਆਣਾ ਦੇ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਵਿਚ 23 ਅਗਸਤ 1967 ਵਿਚ ਜਨਮੇ ਬਲਵੰਤ ਸਿੰਘ ਪੰਜਾਬ ਪੁਲਿਸ ਵਿਚ ਸਿਪਾਹੀ ਸਨ।
ਬਲਵੰਤ ਸਿੰਘ ਰਾਜੋਆਣਾ ਵੱਲੋਂ ਅਦਾਲਤ ਵਿੱਚ ਦਿੱਤੇ ਬਿਆਨਾਂ ਮੁਤਾਬਕ, ਉਹ 1984 ਦੇ ਅਪਰੇਸ਼ਨ ਬਲੂ ਸਟਾਰ ਅਤੇ ਫਿਰ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣ ਕਾਰਨ ਨਿਰਾਸ਼ ਹੋ ਕੇ ਖਾਲਿਸਤਾਨ ਲਹਿਰ ਵਿਚ ਸ਼ਾਮਲ ਹੋ ਗਏ ਸੀ।
ਅਦਾਲਤ ਵਿਚ ਦਿੱਤੇ ਹਲਫ਼ੀਆ ਬਿਆਨ ਵਿਚ ਰਾਜੋਆਣਾ ਨੇ ਸਾਫ਼ ਕਿਹਾ ਸੀ ਕਿ ਉਹ ਬੇਅੰਤ ਸਿੰਘ ਕਤਲ ਕਾਂਡ ਵਿਚ ਸ਼ਾਮਲ ਸੀ।
ਜਾਂਚ ਏਜੰਸੀਆਂ ਨੇ ਦਾਅਵਾ ਕੀਤਾ ਸੀ ਕਿ ਰਾਜੋਆਣਾ ਮਨੁੱਖੀ ਬੰਬ ਬਣੇ ਦਿਲਾਵਰ ਸਿੰਘ ਦੇ ਪਿੱਛੇ ਸਨ, ਜੇਕਰ ਉਹ ਅਸਫ਼ਲ ਹੋ ਜਾਂਦਾ ਤਾਂ ਰਾਜੋਆਣਾ ਨੇ ਮਨੁੱਖੀ ਬੰਬ ਵਜੋਂ ਹਮਲਾ ਕਰਨਾ ਸੀ।

ਤਸਵੀਰ ਸਰੋਤ, Kamaldeep kaur /FB
ਭਾਵੇਂ ਕਿ ਜਾਂਚ ਏਜੰਸੀਆਂ ਦੇ ਇਸ ਦਾਅਵੇ ਨੂੰ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰੱਦ ਕਰਦੀ ਰਹੀ ਹੈ। ਪਰ ਰਾਜੋਆਣਾ ਨੇ ਆਪਣਾ ਦੋਸ਼ ਕਬੂਲਦਿਆਂ ਕੇਸ ਦੀ ਪੈਰਵੀ ਤੋਂ ਇਨਕਾਰ ਕਰ ਦਿੱਤਾ ਸੀ।
ਰਾਜੋਆਣਾ ਦੀ ਫਾਂਸੀ ਨੂੰ ਰੁਕਵਾਉਣ ਲਈ ਸ਼੍ਰੋਮਣੀ ਕਮੇਟੀ ਨੇ ਕੇਸ ਦੀ ਪੈਰਵੀ ਕੀਤੀ ਸੀ।
ਰਾਜੋਆਣਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਮਾਮਲੇ ਵਿਚ ਇੱਕ ਅਗਸਤ 2007 ਨੂੰ ਫ਼ਾਸੀ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਰਾਜੋਆਣਾ ਨੇ ਹਾਈਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਇਹ ਕਹਿ ਕੇ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਵਿਚ ਭਰੋਸਾ ਨਹੀਂ ਹੈ।
ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ, ਅਕਾਲੀ ਦਲ, ਸਿੱਖ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਦੀ ਫਾਂਸੀ ਦੀ ਸਜ਼ਾ ਮਾਫ਼ ਕਰਨ ਲਈ ਤਿੱਖੀ ਮੁਹਿੰਮ ਚਲਾਈ ਸੀ।
ਭਾਵੇਂ ਅਕਾਲੀ ਦਲ ਨੂੰ ਇਸ ਮੁੱਦੇ ਉੱਤੇ ਭਾਜਪਾ ਦਾ ਇਸ ਮਾਮਲੇ ਵਿੱਚ ਸਾਥ ਨਹੀਂ ਮਿਲੀਆ ਸੀ ਪਰ ਤਤਕਾਲੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ ਉੱਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤੀ ਸੀ

ਬਲਵੰਤ ਰਾਜੋਆਣਾ ਕਦੋਂ ਕਦੋਂ ਚਰਚਾ ਵਿਚ ਆਏ
ਬੇਅੰਤ ਸਿੰਘ ਕਤਲ ਕੇਸ ਦੀ ਸੁਣਵਾਈ, ਸਜਾਵਾਂ ਅਤੇ ਰਿਹਾਈ ਲ਼ਈ ਮੰਗ ਕਾਰਨ ਬਲਵੰਤ ਸਿੰਘ ਰਾਜੋਆਣਾ ਸਮੇਂ ਸਮੇਂ ਉੱਤੇ ਚਰਚਾ ਵਿਚ ਆਉਂਦੇ ਰਹੇ ਹਨ, ਆਓ ਜਾਣਦੇ ਹਾਂ ਕਿ ਉਹ ਕਦੋਂ ਕਦੋਂ ਮੀਡੀਆ ਤੇ ਸਿਆਸੀ ਹਲਕਿਆਂ ਵਿਚ ਚਰਚਾ ਵਿਚ ਰਹੇ ਹਨ।
ਬੇਅੰਤ ਸਿੰਘ ਦਾ ਕਤਲ
31 ਅਗਸਤ 1995: ਬਲਵੰਤ ਸਿੰਘ ਰਾਜੋਆਣਾ ਦੇ ਅਦਾਲਤ ’ਚ ਬਿਆਨ ਮੁਤਾਬਕ ਉਨ੍ਹਾਂ ਅਤੇ ਪੰਜਾਬ ਪੁਲਿਸ ਦੇ ਐਸਪੀਓ ਦਿਲਾਵਰ ਸਿੰਘ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿਚ ਕਤਲ ਕਰ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਤੇ ਰਾਜੋਆਣਾ ਉਸ ਦੇ ਪਿੱਛੇ ਸੀ। ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮਲਾ ਕਰਨਾ ਸੀ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਫਾਂਸੀ ਦੀ ਸਜ਼ਾ
1 ਅਗਸਤ 2007: ਰਾਜੋਆਣਾ ਨੂੰ ਸੀਬੀਆਈ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ।
ਰਾਜੋਆਣਾ ਨੇ ਹਾਈ ਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਇਹ ਕਹਿ ਕੇ ਕਿ ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਵਿਚ ਭਰੋਸਾ ਨਹੀਂ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਕੇਸ ਦੀ ਉੱਚ ਅਦਾਲਤ ਵਿਚ ਪੈਰਵੀ ਕੀਤੀ।

ਤਸਵੀਰ ਸਰੋਤ, kamaldeep kaur/ FB
ਸਜ਼ਾ ਟਾਲੀ ਗਈ
28 ਮਾਰਚ 2012: ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ, ਅਕਾਲੀ ਦਲ, ਸਿੱਖ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਦੀ ਫਾਂਸੀ ਦੀ ਸਜ਼ਾ ਮਾਫ਼ ਕਰਨ ਲਈ ਤਿੱਖੀ ਮੁਹਿੰਮ ਚਲਾਈ ਸੀ। ਪੂਰੇ ਪੰਜਾਬ ਵਿਚ ਫਾਂਸੀ ਰੁਕਵਾਉਣ ਲਈ ਰੋਸ ਮੁਜ਼ਾਹਰੇ ਕੀਤੇ ਗਏ, ਲੋਕਾਂ ਨੇ ਘਰ-ਘਰ ਕੇਸਰੀ ਝੰਡੀਆਂ ਲਗਾ ਕੇ ਰਾਜੋਆਣਾ ਨੂੰ ਫਾਂਸੀ ਦੇਣ ਦਾ ਵਿਰੋਧ ਕੀਤਾ।
ਭਾਵੇਂ ਅਕਾਲੀ ਦਲ ਨੂੰ ਇਸ ਮੁੱਦੇ ਉੱਤੇ ਭਾਜਪਾ ਦਾ ਇਸ ਮਾਮਲੇ ਵਿੱਚ ਸਾਥ ਨਹੀਂ ਮਿਲੀਆ ਸੀ ਪਰ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ ਉੱਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤੀ ਸੀ।
ਜ਼ਿੰਦਾ ‘ਸ਼ਹੀਦ’ ਦਾ ਦਰਜਾ
23 ਮਾਰਚ 2012: ਅਕਾਲ ਤਖ਼ਤ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ‘ਜ਼ਿੰਦਾ ਸ਼ਹੀਦ’ ਦਾ ਸਨਮਾਨ ਦਿੱਤਾ ਗਿਆ, ਜਿਸ ਨੂੰ ਲੈਣ ਤੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਪਰ ਬਾਅਦ ’ਚ 27 ਮਾਰਚ ਨੂੰ ਉਨ੍ਹਾਂ ਨੇ ਇਹ ਦਰਜਾ ਸਵੀਕਾਰ ਕਰ ਲਿਆ।
ਰਾਜੋਆਣਾ ਨੇ ਕਿਹਾ ਸੀ ਇਹ ਸਨਮਾਨ ਉਨ੍ਹਾਂ ਨੂੰ ਆਪਣੇ ਟੀਚੇ ਲਈ ਹੋਰ ਮਜ਼ਬੂਤ ਬਣਾਵੇਗਾ।
ਰਾਜੋਆਣਾ ਦੇ ਨਾਲ ਹੀ ਦਿਲਾਵਰ ਸਿੰਘ ਨੂੰ ਵੀ ‘ਜ਼ਿੰਦਾ ਸ਼ਹੀਦ’ ਐਲਾਨਿਆ ਸੀ।
ਇਸ ਦਾ ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਿਰੋਧ ਵੀ ਕੀਤਾ।

ਤਸਵੀਰ ਸਰੋਤ, Getty Images
ਜੇਲ੍ਹ ’ਚ ਭੁੱਖ ਹੜਤਾਲ
20 ਜੁਲਾਈ 2018: ਪਟਿਆਲਾ ਜੇਲ੍ਹ ਵਿਚ ਬੰਦ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਫਾਂਸੀ ਮਾਫ਼ੀ ਦੀ ਅਰਜ਼ੀ ’ਤੇ ਸੁਣਵਾਈ ਨਹੀਂ ਹੋ ਰਹੀ ਤਾਂ ਉਹ ਵਾਪਸ ਕਿਉਂ ਨਹੀਂ ਲੈਂਦੀ।
ਅਰਜ਼ੀ ਵਾਪਸ ਕਰਵਾਉਣ ਲਈ ਵੀ ਰਾਜੋਆਣਾ ਨੇ ਜੇਲ੍ਹ ਵਿਚ ਭੁੱਖ ਹੜਤਾਲ ਕੀਤੀ। ਪਰ ਜਦੋਂ ਸ੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਤਾਂ ਉਨ੍ਹਾਂ ਨੇ ਭੁੱਖ ਹੜਤਾਲ ਖ਼ਤਮ ਕੀਤੀ।
ਕੰਵਰ ਸੰਧੂ 'ਤੇ ਹਮਲਾ
ਰਾਜੋਆਣਾ ਨੇ ਉਨ੍ਹਾਂ ਨੂੰ ਜੇਲ੍ਹ ਵਿਚ ਇੰਟਰਵਿਊ ਕਰਨ ਆਏ ਸੀਨੀਅਰ ਪੱਤਰਕਾਰ ਤੇ ਮੌਜੂਦਾ ਆਪ ਵਿਧਾਇਕ ਕੰਵਰ ਸੰਧੂ ਉੱਤੇ ਹਮਲਾ ਕਰ ਦਿੱਤਾ ਸੀ।

ਤਸਵੀਰ ਸਰੋਤ, Kamaldeep kaur /FB
ਕੰਵਰ ਸੰਧੂ ਨੇ ਪੰਜਾਬ ਪੁਲਿਸ ਦੇ ਇੱਕ ਵਿਵਾਦਤ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਦੀ ਇੰਟਰਵਿਊ ਕੀਤੀ ਸੀ। ਜਿਸ ਬਾਰੇ ਰਾਜੋਆਣਾ ਦਾ ਕਹਿਣਾ ਸੀ ਕਿ ਇਸ ਮੁਲਾਕਾਤ ਵਿਚ ਗ਼ਲਤ ਤੱਥ ਪੇਸ਼ ਕੀਤੇ ਗਏ ਸਨ।
ਰਾਜੋਆਣਾ ਦਾ ਪੱਖ ਲੈਣ ਲਈ ਗੁਰਮੀਤ ਪਿੰਕੀ ਨਾਲ ਜਦੋਂ ਕੰਵਰ ਸੰਧੂ ਜੇਲ੍ਹ ਵਿਚ ਗਏ ਤਾਂ ਉਨ੍ਹਾਂ ਉੱਤੇ ਰਾਜੋਆਣਾ ਨੇ ਹਮਲਾ ਕਰ ਦਿੱਤਾ। ਇਸ ਮਾਮਲੇ ਵਿਚ ਦੋ ਜੇਲ੍ਹ ਅਧਿਕਾਰੀਆਂ ਨੂੰ ਮੁੱਅਤਲ ਵੀ ਕੀਤਾ ਗਿਆ ਸੀ।
ਭੈਣ ਨੂੰ ਚੋਣ ਲੜਾਈ
ਬਲਵੰਤ ਰਾਜੋਆਣਾ ਦੀ ਭੈਣ ਕਮਲਦੀਪ ਨੇ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਚੋਣ ਲੜੀ ਪਰ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ।
ਕਮਲਦੀਪ ਕੌਰ ਨੇ ਉਦੋ ਕਿਹਾ ਸੀ ਉਸ ਨੂੰ ਰਾਜੋਆਣਾ ਨੇ ਇਸ ਲਈ ਚੋਣ ਲੜਨ ਲਈ ਕਿਹਾ ਹੈ ਕਿਉਂ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੀਆਂ ਪੰਥ ਵਿਰੋਧੀ ਕੰਮਾਂ ਨੂੰ ਬੇਨਕਾਬ ਕਰਨਾ ਚਾਹੁੰਦਾ ਹੈ।
ਕਮਲਦੀਪ ਕੌਰ ਨੂੰ ਸਿਰਫ਼ 15313 ਵੋਟਾਂ ਹੀ ਮਿਲੀਆਂ ਸਨ।
ਰਾਜੋਆਣਾ ਦੀ ਮੋਦੀ ਨੂੰ ਹਮਾਇਤ
5 ਮਈ 2019: ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਲਮਦੀਪ ਕੌਰ ਨੇ ਮੀਡੀਆ ਸਾਹਮਣੇ ਇੱਕ ਚਿੱਠੀ ਪੇਸ਼ ਕਰਦਿਆਂ ਕਿਹਾ ਕਿ ਸੀ ਇਹ ਚਿੱਠੀ ਬਲਵੰਤ ਸਿੰਘ ਨੇ ਜੇਲ੍ਹ ਵਿੱਚੋਂ ਉਨ੍ਹਾਂ ਰਾਹੀਂ ਭੇਜੀ ਹੈ।
ਕਲਮਦੀਪ ਕੌਰ ਮੁਤਾਬਕ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਸੀ, ''ਅਕਾਲੀ-ਭਾਜਪਾ ਗਠਜੋੜ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵੱਡੇ ਸੰਘਰਸ਼ ਤੇ ਕੁਰਬਾਨੀਆਂ ਕੀਤੀਆਂ ਹਨ।"
"ਭਾਜਪਾ ਦੀ ਕੇਂਦਰ ਸਰਕਾਰ ਨੇ 35 ਸਾਲ ਬਾਅਦ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜਿਵੇਂ ਗਿੱਚੀ ਤੋਂ ਫੜ ਕੇ ਜੇਲ੍ਹ ਭੇਜਿਆ ਹੈ, ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਕੋਸ਼ਿਸ਼ ਕੀਤੀ ਹੈ, ਇਸ ਨਾਲ ਸਿੱਖ ਭਾਵਨਾਵਾਂ ਨੂੰ ਮੱਲ੍ਹਮ ਲੱਗੀ ਹੈ।''
ਚਿੱਠੀ ਵਿਚ ਅੱਗੇ ਲਿਖਿਆ ਹੈ, ''ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਕੋਸ਼ਿਸ਼ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ।''

ਇਹ ਵੀ ਪੜ੍ਹੋ :
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2














