You’re viewing a text-only version of this website that uses less data. View the main version of the website including all images and videos.
ਭਗਵੰਤ ਮਾਨ ਦਾ ਰਾਜਪਾਲ ਨੂੰ ਤਿੱਖਾ ਜਵਾਬ: 'ਲੋਕਾਂ ਦੀ ਸਰਕਾਰ ਦੇ ਕੰਮਾਂ 'ਚ ਰੁਕਾਵਟ ਪੈਦਾ ਹੁੰਦੀ ਹੈ ਲੋਕ ਇਹ ਬਰਦਾਸ਼ਤ ਨਹੀਂ ਕਰਦੇ'
ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਵਾਇਸ ਚਾਂਸਲਰ ਦੀ ਨਿਯੁਕਤੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਵਾਬ ਦਿੱਤਾ ਹੈ।
ਪੀਏਯੂ ਦੇ ਵੀਸੀ ਨੂੰ ਹਟਾਉਣ ਲਈ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਲਿਖੀ ਗਈ ਚਿੱਠੀ ਦੇ ਜਵਾਬ ਵਿੱਚ ਭਗਵੰਤ ਮਾਨ ਨੇ 6 ਨੁਕਤਿਆਂ ਵਾਲੀ ਜਵਾਬੀ ਚਿੱਠੀ ਲਿਖੀ ਹੈ।
ਦਰਅਸਲ, ਕੁਝ ਦਿਨ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਪੀਏਯੂ ਦੇ ਵਾਇਸ ਚਾਂਸਲਰ ਨੂੰ ਹਟਾਉਣ ਦੀ ਮੰਗ ਕੀਤੀ ਸੀ।
ਰਾਜਪਾਲ ਨੇ ਚਿੱਠੀ ਵਿੱਚ ਲਿਖਿਆ ਸੀ ਕਿ ਵੀਸੀ ਦੀ ਨਿਯੁਕਤੀ ਦੌਰਾਨ ਯੂਜੀਸੀ ਦੇ ਨਿਯਮਾਂ ਦੀ ਪਾਲਣਾ ਨਹੀਂ ਹੋਈ ਅਤੇ ਇਹ ਗ਼ੈਰ-ਕਾਨੂੰਨੀ ਹੈ।
ਸੀਐੱਮ ਮਾਨ ਦੀ ਜਵਾਬੀ ਚਿੱਠੀ ਦੇ ਨਾਲ ਹੀ ਪੰਜਾਬ ਤੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਪਿਆ ਸਿਆਸੀ ਪੇਚਾ ਹੋਰ ਗੁੰਝਲਦਾਰ ਹੁੰਦਾ ਜਾਪ ਰਿਹਾ ਹੈ।
ਜਵਾਬੀ ਚਿੱਠੀ 'ਚ ਮੁੱਖ ਮੰਤਰੀ ਇਹ ਲਿਖਿਆ ਹੈ
- ਪੀਏਯੂ ਵਿੱਚ ਵੀਸੀ ਦੀ ਨਿਯੁਕਤੀ ਹਰਿਆਣਾ ਅਤੇ ਪੰਜਾਬ ਐਗਰੀਕਲਟਰ ਯੂਨੀਵਰਸਿਟੀ ਐਕਟ 1970 ਤਹਿਤ ਕੀਤੀ ਜਾਂਦੀ ਹੈ। ਨਿਯੁਕਤੀ ਪੀਏਯੂ ਬੋਰਡ ਵੱਲੋਂ ਕੀਤੀ ਜਾਂਦੀ ਹੈ। ਇਸ ਵਿੱਚ ਮੁੱਖ ਮੰਤਰੀ ਜਾਂ ਰਾਜਪਾਲ ਦੀ ਕੋਈ ਭੂਮਿਕਾ ਨਹੀਂ ਹੁੰਦੀ ਹੈ। ਇਸ ਲਈ ਡਾ. ਸਤਬੀਰ ਸਿੰਘ ਗੌਸਲ ਨੂੰ ਵੀ ਕਾਨੂੰਨ ਮੁਤਾਬਕ ਨਿਯੁਕਤ ਕੀਤਾ ਗਿਆ ਹੈ, ਜਿਵੇਂ ਕਿ ਪਹਿਲਾਂ ਹੁੰਦਾ ਆਇਆ ਹੈ।
- ਡਾ. ਸਤਬੀਰ ਸਿੰਘ ਗੋਸਲ ਬਹੁਤ ਹੀ ਜਾਣੇ-ਪਛਾਣੇ ਵਿਗਿਆਨੀ ਹਨ ਅਤੇ ਉਹ ਬਹੁਤ ਹੀ ਸਤਿਕਾਰਤ ਪੰਜਾਬੀ ਸਿੱਖ ਹਨ। ਅਜਿਹੇ ਵਿਅਕਤੀ ਨੂੰ ਹਟਾਉਣ ਦੇ ਤੁਹਾਡੇ ਹੁਕਮਾਂ 'ਤੇ ਪੰਜਾਬੀਆਂ 'ਚੇ ਭਾਰੀ ਗੁੱਸਾ ਹੈ।
- ਪਿਛਲੇ ਕੁਝ ਮਹੀਨਿਆਂ ਤੋਂ ਸਰਕਾਰ ਦੇ ਕੰਮਾਂ ਵਿੱਚ ਤੁਹਾਡੇ ਵੱਲੋਂ-ਵੱਲੋਂ ਵਾਰ-ਵਾਰ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਪਹਿਲਾਂ ਤੁਸੀਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵੀਸੀ ਦੀ ਨਿਯੁਕਤੀ ਰੱਦ ਕੀਤੀ ਸੀ ਤੇ ਹੁਣ ਤੁਸੀਂ ਪੀਏਯੂ ਦੇ ਵੀਸੀ ਦੀ ਨਿਯੁਕਤੀ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। ਅਜਿਹੇ ਵਿੱਚ ਜਦੋਂ ਕੋਈ ਵਿਅਕਤੀ ਲੋਕਾਂ ਦੀ ਸਰਕਾਰ ਦੇ ਕੰਮਾਂ ਵਿੱਚ ਰੁਕਾਵਟ ਪੈਦਾ ਕਰਦਾ ਹੈ ਤਾਂ ਲੋਕ ਬਰਦਾਸ਼ਤ ਨਹੀਂ ਕਰਦੇ।
- ਮੈਂ ਤੁਹਾਨੂੰ ਕਈ ਵਾਰ ਮਿਲਿਆ ਹਾਂ। ਮੈਨੂੰ ਤੁਸੀਂ ਬਹੁਤ ਵਧੀਆ ਤੇ ਨੇਕ ਵਿਅਕਤੀ ਲੱਗੇ। ਤੁਸੀਂ ਅਜਿਹੇ ਕੰਮ ਆਪਣੇ-ਆਪ ਨਹੀਂ ਕਰ ਸਕਦੇ। ਤੁਹਾਨੂੰ ਇਹ ਗ਼ੈਰ-ਸੰਵਿਧਾਨਕ ਕੰਮ ਕਰਨ ਲਈ ਕੌਣ ਆਖਦਾ ਹੈ?
- ਮੇਰੀ ਹੱਥ ਜੋੜ ਕੇ ਬੇਨਤੀ ਹੈ ਕਿ ਕਿਰਪਾ ਕਰ ਕੇ ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ। ਇਹ ਲੋਕ ਤੁਹਾਡੇ ਤੋਂ ਅਜਿਹੇ ਗ਼ਲਤ ਕੰਮ ਕਰਵਾ ਰਹੇ ਹਨ, ਸਪੱਸ਼ਟ ਹੈ ਕਿ ਇਹ ਪੰਜਾਬ ਦਾ ਭਲਾ ਨਹੀਂ ਚਾਹੁੰਦੇ। ਤੁਸੀਂ ਚੁਣੀ ਹੋਈ ਸਰਕਾਰ ਨੂੰ ਆਪਣਾ ਕੰਮ ਕਰਨ ਦਿਓ।
ਕੀ ਹੈ ਮਾਮਲਾ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਸੀ ਕਿ ਗ਼ੈਰ-ਕਾਨੂੰਨੀ ਢੰਗ ਨਾਲ ਨਿਯੁਕਤ ਕੀਤੇ ਗਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਨੂੰ ਹਟਾ ਦੇਣ।
ਕੁਝ ਦਿਨ ਪਹਿਲਾ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਦੇ ਅਹੁਦੇ ਉੱਤੇ ਉੱਘੇ ਖੇਤੀ ਵਿਗਿਆਨੀ ਡਾਕਟਰ ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਕੀਤੀ ਸੀ।
ਸੂਬੇ ਦੇ ਰਾਜਪਾਲ ਨੇ ਬਕਾਇਦਾ ਚਿੱਠੀ ਲਿਖ ਭਗਵੰਤ ਮਾਨ ਨੂੰ ਕਿਹਾ ਸੀ ਕਿ ਉੱਪ ਕੁਲਪਤੀ ਦੀ ਨਿਯੁਕਤੀ ਯੂਜੀਸੀ ਦੇ ਨਿਯਮਾਂ ਦੇ ਮੁਤਾਬਕ ਨਹੀਂ ਹੋਈ ਹੈ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤਾਂ ਇਹ ਵੀ ਕਹਿ ਦਿੱਤਾ ਸੀ ਕਿ ਰਾਜਪਾਲ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ, ਯੂਨੀਵਰਸਿਟੀ ਸੂਬੇ ਦੀ ਰੀੜ੍ਹ ਦੀ ਹੱਡੀ ਹੈ।
- ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜਪਾਲ ਦੀ ਚਿੱਠੀ ਦਾ ਤਿੱਖਾ ਪ੍ਰਤੀਕਰਮ ਦਿੱਤਾ ਹੈ।
- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਹਟਾਉਣ ਲਈ ਕਿਹਾ ਸੀ।
- ਰਾਜਪਾਲ ਮੁਤਾਬਕ ਇਹ ਨਿਯੁਕਤੀ ਯੂਜੀਸੀ ਦੇ ਨਿਯਮਾਂ ਦੇ ਮੁਤਾਬਕ ਨਹੀਂ ਹੋਈ ਹੈ।
- ਮੁੱਖ ਮੰਤਰੀ ਨੇ ਕਿਹਾ ਹੈ ਕਿ ਕਾਨੂੰਨੀ ਤਰੀਕੇ ਨਾਲ ਹੀ ਵੀਸੀ ਦੀ ਨਿਯੁਕਤੀ ਹੋਈ ਹੈ।
- ਮਾਨ ਨੇ ਕਿਹਾ ਹੈ ਕਿ ਲੋਕਾਂ ਦੀ ਸਰਕਾਰ ਵਿੱਚ ਰੁਕਾਵਟ ਲੋਕ ਬਰਦਾਸ਼ਤ ਨਹੀਂ ਕਰਦੇ।
ਰਾਜਪਾਲ ਦੀ ਚਿੱਠੀ ਦੀ ਸ਼ਬਦਾਵਲੀ ਇਹ ਸੀ
ਪੰਜਾਬ ਦੇ ਰਾਜਪਾਲ ਨੇ ਲਿਖਿਆ ਸੀ, "ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸਰਕਾਰ ਨੇ ਸਤਬੀਰ ਸਿੰਘ ਗੋਸਲ ਨੂੰ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਿਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਉਪ ਕੁਲਪਤੀ ਬਣਾਇਆ ਹੈ।"
"ਪੰਜਾਬ ਸਰਕਾਰ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਹੈ ਅਤੇ ਇਸ ਨੂੰ ਕਿਸੇ ਤਰਕ ਨਾਲ ਸਵੀਕਾਰ ਨਹੀਂ ਕੀਤਾ ਜਾ ਸਕਦਾ।"
"ਨਵੇਂ ਵਾਈਸ-ਚਾਂਸਲਰ ਦੀ ਨਿਯੁਕਤੀ ਤੱਕ ਪੀਏਯੂ ਦੇ ਵਾਈਸ ਚਾਂਸਲਰ ਦਾ ਚਾਰਜ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਸੌਂਪਿਆ ਜਾ ਸਕਦਾ ਹੈ।"
"ਤੁਹਾਨੂੰ ਇਹ ਵੀ ਬੇਨਤੀ ਕੀਤੀ ਜਾਂਦੀ ਹੈ ਕਿ ਤੁਸੀਂ ਆਪਣੇ ਸਬੰਧਤ ਵਿਭਾਗ ਨੂੰ ਚਾਂਸਲਰ ਨਾਲ ਸਲਾਹ ਕਰਕੇ ਨਵੇਂ ਵਾਈਸ-ਚਾਂਸਲਰ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਨਿਰਦੇਸ਼ ਦਿਓ।
ਇਹ ਵੀ ਪੜ੍ਹੋ-
ਆਮ ਆਦਮੀ ਪਾਰਟੀ ਦੇ ਵਿਰੋਧੀਆਂ ਨੇ ਵੀ ਰਾਜਪਾਲ ਨੂੰ ਘੇਰਿਆ ਸੀ
ਇਸ ਮਾਮਲੇ ਵਿੱਚ ਇੱਕ ਰੋਚਕ ਪਹਿਲੂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨ ਦਾ ਸੀ।
ਅਕਾਲੀ ਦਲ ਨੇ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਨੂੰ ਘੇਰਨ ਲਈ ਕੋਈ ਵੀ ਮੁੱਦਾ ਨਹੀਂ ਛੱਡਿਆ ਹੈ, ਪਰ ਉੱਪ ਕੁਲਪਤੀ ਦੀ ਨਿਯੁਕਤੀ ਦੇ ਮਸਲੇ ਉੱਤੇ ਸੁਖਬੀਰ ਬਾਦਲ ਨੇ ਰਾਜਪਾਲ ਨੂੰ ਨਸੀਹਤ ਦਿੱਤੀ ਸੀ।
ਸੁਖਬੀਰ ਬਾਦਲ ਨੇ ਟਵੀਟ ਕੀਤਾ ਸੀ, "ਮੈਂ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਾਡੀ ਪ੍ਰੀਮੀਅਰ ਐਗਰੀ ਯੂਨੀਵਰਸਿਟੀ- ਪੀਏਯੂ ਦੇ ਕੰਮਕਾਜ ਵਿੱਚ ਦਖ਼ਲ ਨਾ ਦੇਣ ਅਤੇ ਨਵ-ਨਿਯੁਕਤ ਵੀਸੀ ਡਾ. ਸਤਬੀਰ ਸਿੰਘ ਗੋਸਲ ਨੂੰ ਹਟਾਉਣ ਦੇ ਫ਼ੈਸਲੇ ਦੀ ਸਮੀਖਿਆ ਕਰਨ।"
"ਵੀਸੀ ਨਿਯੁਕਤ ਕਰਨ ਪੀਏਯੂ ਦੇ ਬੋਰਡ ਦੀਆਂ ਆਪਣੀਆਂ ਸ਼ਕਤੀਆਂ ਦੇ ਅੰਦਰ ਹੈ। ਇਹ ਸੰਘਵਾਦ ਦੇ ਸਿਧਾਂਤ ਦੇ ਅਨੁਸਾਰ ਹੈ ਅਤੇ ਇਸ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।"
ਸੁਖਬੀਰ ਬਾਦਲ ਨੇ ਭਾਵੇਂ ਸੰਘੀ ਢਾਂਚੇ ਬਾਰੇ ਆਪਣੀ ਪਾਰਟੀ ਦੇ ਸਿਧਾਂਤਕ ਸਟੈਂਡ ਦੇ ਮੱਦੇਨਜ਼ਰ ਇਹ ਟਵੀਟ ਕੀਤੀ ਸੀ, ਪਰ ਬਾਅਦ ਵਿੱਚ ਉਨ੍ਹਾਂ ਨੇ ਮਹਿਸੂਸ ਕੀਤਾ ਹੋਵੇਗਾ ਕਿ ਇਸ ਨਾਲ ਉਹ ਆਮ ਆਦਮੀ ਪਾਰਟੀ ਦੇ ਸਮਰਥਨ ਵਿੱਚ ਆ ਗਏ ਸਨ।
ਸ਼ਾਇਦ ਇਸੇ ਲਈ ਉਨ੍ਹਾਂ ਇਹ ਟਵੀਟ ਕੁਝ ਦੇਰ ਬਾਅਦ ਹਟਾ ਦਿੱਤਾ ਪਰ ਇਸ ਦਾ ਸਕਰੀਨ ਸ਼ਾਰਟ ਬੀਬੀਸੀ ਪੰਜਾਬੀ ਕੋਲ਼ ਹੈ।
ਸੁਖਬੀਰ ਬਾਦਲ ਦਾ ਇਹ ਸਟੈਂਡ ਆਮ ਆਦਮੀ ਪਾਰਟੀ ਦੇ ਰਾਜਪਾਲ ਖ਼ਿਲਾਫ਼ ਪੱਖ ਨੂੰ ਮਜ਼ਬੂਤ ਕਰਦਾ ਹੈ।
ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਇਸ ਮੁੱਦੇ 'ਤੇ ਟਵੀਟ ਕਰਦਿਆਂ ਲਿਖਿਆ ਸੀ ਕਿ ਉੱਘੇ ਵਿਗਿਆਨੀ ਡਾ. ਸਤਬੀਰ ਗੋਸਲ ਨੂੰ ਪੀਏਯੂ ਦੇ ਵੀਸੀ ਅਹੁਦੇ ਤੋਂ ਹਟਾਉਣ ਦੇ ਹੁਕਮ ਦਿੱਤੇ ਗਏ ਹਨ, ਕਿਉਂਕਿ ਰਾਜਪਾਲ ਮੁਤਾਬਕ ਯੂਜੀਸੀ ਦੇ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਨਿਯੁਕਤੀ ਗ਼ੈਰ-ਕਾਨੂੰਨੀ
"ਹਾਲਾਂਕਿ, ਇਸ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਹੈ, ਪਰ ਰਾਜ ਭਵਨ ਅਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਸੂਬੇ ਲਈ ਠੀਕ ਨਹੀਂ ਹੈ।"
ਅਕਾਲੀ ਦਲ ਅਤੇ ਕਾਂਗਰਸ ਦੀ ਪੰਜਾਬ ਲੀਡਰਸ਼ਿਪ ਭਾਵੇਂ ਆਮ ਆਦਮੀ ਪਾਰਟੀ ਦਾ ਖੁੱਲ੍ਹ ਕੇ ਸਮਰਥਨ ਨਹੀਂ ਕਰ ਰਹੀਆਂ ਹਨ, ਪਰ ਉਨ੍ਹਾਂ ਦੇ ਬਿਆਨਾਂ ਵਿੱਚ ਸੂਬੇ ਦੇ ਰਾਜਪਾਲ ਨੂੰ ਸਿਆਸੀ ਟਕਰਾਅ ਤੋਂ ਬਚਣ ਦੀ ਸਲਾਹ ਜਰੂਰ ਦਿੱਤੀ ਗਈ ਹੈ।
ਪਿਛਲੇ ਸਮੇਂ ਦੌਰਾਨ ਪੱਛਮੀ ਬੰਗਾਲ ਵਿਚ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤਤਕਾਲੀ ਰਾਜਪਾਲ ਜਗਦੀਪ ਧੰਨਖੜ ਵਿਚਾਲੇ ਖਿੱਚੋਤਾਣ ਕਾਫ਼ੀ ਚਰਚਾ ਦਾ ਵਿਸ਼ਾ ਰਹੀ ਹੈ।
ਦਿੱਲੀ ਵਿਚ ਅਰਵਿੰਦ ਕੇਜਰੀਵਾਲ ਤਾਂ ਉੱਪ ਰਾਜਪਾਲ ਖ਼ਿਲਾਫ਼ ਧਰਨੇ ਤੱਕ ਦਿੰਦੇ ਰਹੇ ਹਨ ਅਤੇ ਉਨ੍ਹਾਂ ਦਾ ਸਿਆਸੀ ਪੇਚਾ ਅਜੇ ਵੀ ਜਾਰੀ ਹੈ।
ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਪਹਿਲਾਂ ਵਾਲੇ ਟਕਰਾਅ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਜ
ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਕ ਵਿੱਚ ਭਰੋਸਗੀ ਮਤਾ ਪੇਸ਼ ਕਰਨ ਲਈ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਜ ਸੱਦਿਆ ਗਿਆ ਸੀ।
ਰਾਜਪਾਲ ਨੇ ਇਸ ਇਜਲਾਸ ਦੀ ਪ੍ਰਵਾਨਗੀ 20 ਸਤੰਬਰ ਨੂੰ ਇੱਕ ਹੁਕਮ ਰਾਹੀਂ ਦਿੱਤੀ ਸੀ ਪਰ ਇਜਲਾਸ ਦੇ ਇੱਕ ਦਿਨ ਪਹਿਲਾਂ 21 ਸਤੰਬਰ ਨੂੰ ਇਸ ਦੀ ਪ੍ਰਵਾਨਗੀ ਰੱਦ ਕਰ ਦਿੱਤੀ ਸੀ।
ਉਸ ਵੇਲੇ ਪੰਜਾਬ ਦੇ ਰਾਜਪਾਲ ਦੇ ਮੁੱਖ ਸਕੱਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਜਪਾਲ ਨੇ ਪ੍ਰਵਾਨਗੀ ਵਾਪਸ ਲੈਣ ਦਾ ਫ਼ੈਸਲਾ ਭਾਰਤ ਦੇ ਵਧੀਕ ਸੌਲੀਸਿਟਰ ਜਨਰਲ ਸੱਤਿਆਪਾਲ ਜੈਨ ਦੀ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਕੀਤਾ ਹੈ।
ਸੱਤਿਆਪਾਲ ਜੈਨ ਨੇ ਆਪਣੀ ਸਲਾਹ ਵਿੱਚ ਕਿਹਾ ਸੀ ਕਿ ਪੰਜਾਬ ਵਿਧਾਨ ਸਭਾ ਰੂਲਜ਼ ਆਫ਼ ਪ੍ਰੋਸੀਜਰ ਐਂਡ ਕੰਡਕਟ ਆਫ਼ ਬਿਜ਼ਨਸਜ਼ ਵਿੱਚ ਸਿਰਫ਼ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਪੇਸ਼ ਕਰਨ ਲਈ ਵਿਸ਼ੇਸ਼ ਇਜਲਾਸ ਸੱਦਣ ਦੀ ਕੋਈ ਵਿਵਸਥਾ ਨਹੀਂ ਹੈ।
ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਆਗਿਆ ਦੇਣ ਤੇ ਫਿਰ ਰੱਦ ਕਰਨ ਕਰਕੇ ਪੰਜਾਬ ਸਰਕਾਰ ਨੂੰ ਕਾਫੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ।
ਭਾਵੇਂ ਕਿ ਪੰਜਾਬ ਸਰਕਾਰ ਨੇ ਕੁਝ ਹੋਰ ਮੁੱਦਿਆਂ ਦੇ ਨਾਂ ਉੱਤੇ ਸੈਸ਼ਨ ਬੁਲਾ ਕੇ ਅਗਲੇ ਕੁਝ ਦਿਨਾਂ ਵਿੱਚ ਵਿਸ਼ਵਾਸ਼ ਮਤ ਹਾਸਲ ਕਰ ਲਿਆ ਸੀ।
ਭਗਵੰਤ ਮਾਨ ਦੀ ਗੈਰਹਾਜ਼ਰੀ ਉੱਤੇ ਸਵਾਲ
ਚੰਡੀਗੜ੍ਹ ਵਿੱਚ 8 ਅਕਤੂਬਰ ਨੂੰ ਭਾਰਤੀ ਹਵਾਈ ਫੌਜ ਦੇ 90ਵੇਂ ਸਥਾਪਨਾ ਦਿਵਸ ਮੌਕੇ ਰੱਖੇ ਗਏ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਨੇ ਭਗਵੰਤ ਮਾਨ ਦੀ ਗ਼ੈਰ ਮੌਜੂਦੀ 'ਤੇ ਸਵਾਲ ਚੁੱਕੇ ਸਨ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਦੀ ਗ਼ੈਰਮੌਜੂਦਗੀ 'ਤੇ ਕਿਹਾ ਸੀ, "ਅਸੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ ਸੀ, ਮੇਰੀ ਉਨ੍ਹਾਂ ਨਾਲ ਗੱਲ ਵੀ ਹੋਈ ਸੀ ਤੇ ਉਨ੍ਹਾਂ ਨੇ ਸੱਦਾ ਸਵੀਕਾਰ ਵੀ ਕੀਤਾ ਸੀ।"
"ਉਨ੍ਹਾਂ ਦਾ ਥਾਂ ਉਨ੍ਹਾਂ ਦੇ ਨੁਮਾਇੰਦੇ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦਾ ਕਿਤੇ ਹੋਰ ਥਾਂ ਜਾਣਾ ਜ਼ਰੂਰੀ ਹੋਵੇਗਾ, ਪਰ ਕਿੰਨਾ ਵੀ ਵੱਡਾ ਕੰਮ ਹੋਵੇ, ਸੰਵਿਧਾਨਕ ਅਹੁਦੇ 'ਤੇ ਹੁੰਦਿਆਂ ਹੋਇਆ, ਉਨ੍ਹਾਂ ਨੂੰ ਆਉਣਾ ਚਾਹੀਦਾ ਸੀ।"
ਦਰਅਸਲ, ਭਾਰਤੀ ਹਵਾਈ ਫੌਜ ਦੇ 90ਵੇਂ ਸਥਾਪਨਾ ਦਿਵਸ ਮੌਕੇ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਸੀ, ਜਿੱਥੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਣੇ ਕਈ ਆਗੂ ਪਹੁੰਚੇ ਹੋਏ ਸਨ।
ਭਗਵੰਤ ਮਾਨ ਉਸ ਵੇਲੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਚੋਣ ਪ੍ਰਚਾਰ ਕਰ ਰਹੇ ਸਨ।
ਰਾਜਪਾਲ ਦਾ ਪੰਜਾਬ ਸਰਹੱਦੀ ਦੌਰਾ
ਆਮ ਤੌਰ ਉੱਤੇ ਦੇਖਿਆ ਗਿਆ ਹੈ ਕਿ ਕਿਸੇ ਵੀ ਸੂਬੇ ਦੇ ਰਾਜਪਾਲ ਉਦੋਂ ਤੱਕ ਅਮਨ ਕਾਨੂੰਨ ਦੇ ਪ੍ਰਬੰਧ ਉੱਤੇ ਸਿੱਧਾ ਦਖ਼ਲ ਨਹੀਂ ਦਿੰਦੇ ਜਦੋਂ ਤੱਕ ਕੋਈ ਵੱਡੀ ਘਟਨਾ ਨਾ ਵਾਪਰ ਜਾਵੇ।
ਪਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਮ ਆਦਮੀ ਪਾਰਟੀ ਦੇ 6 ਮਹੀਨੇ ਦੇ ਕਾਰਜਕਾਲ ਦੌਰਾਨ ਸਰਹੱਦੀ ਖੇਤਰਾਂ ਵਿੱਚ ਬੇਹੱਦ ਸਰਗਰਮੀ ਨਾਲ ਵਿਚਰਦੇ ਦੇਖੇ ਗਏ।
ਆਪਣੀਆਂ ਸਰਗਰਮ ਗਤੀਵਿਧੀਆਂ ਵਿਚਾਲੇ ਉਨ੍ਹਾਂ ਨੇ ਸੂਬੇ ਦੇ ਛੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾਨ ਕੀਤਾ ਸੀ। ਇਸ ਦੌਰਾਨ ਉਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਪਹੁੰਚੇ ਸਨ।
ਪੰਜਾਬ ਦੇ ਸੀਨੀਅਰ ਪੁਲਿਸ ਪ੍ਰਸ਼ਾਸਨ ਤੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਪੁਲਿਸ ਤੇ ਨਸ਼ਾ ਤਸਕਰਾਂ ਦੇ ਗਠਜੋੜ ਹੋਣ ਦੀ ਗੱਲ ਕਹੀ ਸੀ।
ਰਾਜਪਾਲ ਬੀਐੱਸਐੱਫ ਅਧਿਕਾਰੀਆਂ ਅਤੇ ਲੋਕਾਂ ਨੂੰ ਮਿਲੇ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਸਨ।
ਰਾਜਪਾਲ ਦੇ ਦੌਰੇ ਤੋਂ ਤੁਰੰਤ ਬਾਅਦ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਨ੍ਹਾਂ ਦੌਰਿਆਂ ਨੂੰ ਪੰਜਾਬ ਦੀ ਖ਼ੁਦਮੁਖਤਿਆਰੀ ਲਈ ਇੱਕ ਖਤਰਾ ਦੱਸਿਆ ਸੀ।
ਉਨ੍ਹਾਂ ਨੇ ਕਿਹਾ ਸੀ, "ਰਾਜਪਾਲ ਇੱਕ ਸੰਵਿਧਾਨਿਕ ਅਹੁਦਾ ਹੈ ਪਰ ਮੈਨੂੰ ਲਗਦਾ ਹੈ ਕਿ ਇਹ ਖਤਰੇ ਤੋਂ ਖਾਲੀ ਤੋਂ ਨਹੀਂ ਹੈ।"
"75 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ, ਜੇਕਰ ਪਹਿਲਾਂ ਗਏ ਵੀ ਹਨ ਤਾਂ ਲੋਕਾਂ ਨਾਲ ਮਿਲਣ ਲਈ ਜਾਂਦੇ ਸਨ, ਆਮ ਤੌਰ 'ਤੇ ਮੁੱਖ ਮੰਤਰੀ ਨਾਲ ਹੁੰਦੇ ਸਨ।"
"ਇਹ ਜੋ ਰਾਜਪਾਲ ਸਰਗਰਮ ਹੋ ਰਹੇ ਹਨ ਤਾਂ ਇਸ ਦਾ ਮਤਲਬ ਹੈ ਕਿ ਕੇਂਦਰ ਸੂਬੇ ਵਿੱਚ ਦਖ਼ਲਅੰਦਾਜ਼ੀ ਕਰ ਰਿਹਾ ਹੈ।"
ਹਾਲਾਂਕਿ, ਉਸ ਵੇਲੇ ਆਮ ਆਦਮੀ ਪਾਰਟੀ ਨੇ ਰਾਜਪਾਲ ਦੇ ਦੌਰੇ 'ਤੇ ਕੋਈ ਇਤਰਾਜ਼ ਜ਼ਾਹਿਰ ਨਹੀਂ ਕੀਤਾ ਸੀ।
ਇਹ ਵੀ ਪੜ੍ਹੋ-