ਅਫ਼ਗਾਨਿਸਤਾਨ 'ਚ ਧਮਾਕਾ, ਸਿੱਖ ਆਗੂ ਸਮੇਤ 19 ਲੋਕਾਂ ਦੀ ਮੌਤ

ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿੱਚ ਬੰਬ ਧਮਾਕੇ ਵਿੱਚ 19 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਸਥਾਨਕ ਅਧਿਕਾਰੀ ਮੁਤਾਬਕ ਮ੍ਰਿਤਕਾਂ ਵਿੱਚ ਘੱਟਗਿਣਤੀ ਸਿੱਖ ਤੇ ਹਿੰਦੂ ਭਾਈਚਾਰੇ ਦੇ 8 ਲੋਕ ਵੀ ਸ਼ਾਮਲ ਹਨ। ਇਹ ਲੋਕ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਦੇ ਸਵਾਗਤ ਲਈ ਪਹੁੰਚੇ ਹੋਏ ਸਨ।

ਮਾਰੇ ਗਏ ਲੋਕਾਂ ਵਿੱਚ ਸਥਾਨਕ ਸਿੱਖ ਨੇਤਾ ਅਵਤਾਰ ਸਿੰਘ ਖਾਲਸਾ ਵੀ ਸ਼ਾਮਲ ਹਨ। ਉਹ ਇੱਕੋ ਸਿੱਖ ਨੇਤਾ ਸਨ ਜੋ ਅਕਤੂਬਰ ਵਿੱਚ ਹੋਣ ਵਾਲੇ ਸੰਸਦ ਦੇ ਚੋਣ ਲੜਨ ਦੀ ਯੋਜਨਾ ਬਣਾ ਰਹੇ ਸਨ।

ਨਾਨਗਰਹਾਰ ਸੂਬੇ ਦੇ ਬੁਲਾਰੇ ਅਤਾਉੱਲਾਹ ਖੋਗਿਆਨੀ ਮੁਤਾਬਕ ਜਲਾਲਾਬਾਦ ਸ਼ਹਿਰ ਵਿੱਚ ਸਥਾਨਕ ਸਮੇਂ ਮੁਤਾਬਕ ਸ਼ਾਮ 4 ਵਜੇ ਆਤਮਘਾਤੀ ਹਮਲੇ ਨੂੰ ਅੰਜਾਮ ਦਿੱਤਾ ਗਿਆ।

ਇਸਲਾਮਿਕ ਸਟੇਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਿੱਤੀ ਹੈ।

ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਕੁਝ ਘੰਟੇ ਪਹਿਲਾਂ ਹੀ ਸ਼ਹਿਰ ਦੇ ਦੌਰੇ ਉੱਤੇ ਸਨ।

ਸਿਆਸੀ ਆਗੂਆਂ ਨੇ ਕੀਤੀ ਹਾਦਸੇ ਦੀ ਨਿੰਦਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ਆਈਐੱਸਆਈ ਵੱਲੋਂ ਕੀਤੇ ਗਏ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਦਹਿਸ਼ਤਗਰਦਾਂ ਖ਼ਿਲਾਫ਼ ਵਿਸ਼ਵ ਭਾਈਚਾਰੇ ਨੂੰ ਮਿਲ ਕੇ ਆਵਾਜ਼ ਚੁੱਕਣੀ ਚਾਹੀਦੀ ਹੈ।

ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਆਪਣੇ ਟਵਿੱਟਰ ਹੈਂਡਲ ਉੱਤੇ ਹਾਦਸੇ 'ਤੇ ਦੁੱਖ ਜ਼ਾਹਿਰ ਕਰਦਿਆਂ ਲਿਖਿਆ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)