ਪਾਕਿਸਤਾਨ ਭਾਰਤ ਦੇ ਰਾਜਦੂਤ ਨੂੰ ਭੇਜੇਗਾ ਵਾਪਸ, ਦੁਵੱਲਾ ਵਪਾਰ ਵੀ ਰੋਕਿਆ

ਪਾਕਿਸਤਾਨ ਨੇ ਭਾਰਤ ਨਾਲ ਆਪਣੇ ਕੂਟਨੀਤਕ ਰਿਸ਼ਤਿਆਂ ਵਿੱਚ ਕਮੀ ਲਿਆਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਭਾਰਤ ਨਾਲ ਦੁਵੱਲੇ ਵਪਾਰ ਨੂੰ ਫਿਲਹਾਲ ਰੋਕਣ ਦਾ ਵੀ ਫੈਸਲਾ ਲਿਆ ਹੈ।

ਇਹ ਫੈਸਲੇ ਪਾਕਿਸਤਾਨ ਨੇ ਭਾਰਤ ਵੱਲੋਂ ਭਾਰਤ ਸ਼ਾਸਿਤ ਕਸ਼ਮੀਰ ’ਚੋਂ ਧਾਰਾ 370 ਖ਼ਤਮ ਕੀਤੇ ਜਾਣ ਦੀ ਪ੍ਰਤੀਕਿਰਿਆ ਵਜੋਂ ਲਏ ਹਨ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੁਰੱਖਿਆਕੌਂਸਲ ਦੀ ਮੀਟਿੰਗ ਬੁਲਾਈ ਅਤੇ ਉਸ ਵਿੱਚ ਇਹ ਫੈਸਲੇ ਲਏ ਗਏ ਹਨ।

ਇਸ ਮੀਟਿੰਗ ਵਿੱਚ ਪਾਕਿਸਤਾਨ ਦੇ ਵਿਦੇਸ਼ ਮੰਤਰੀ, ਰੱਖਿਆ ਮੰਤਰੀ ਸਣੇ ਫੌਜ ਤੇ ਖੂਫ਼ੀਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਕੌਮੀ ਸੁਰੱਖਿਆ ਕੌਂਸਲ ਵੱਲੋਂ ਜਾਰੀ ਬਿਆਨ ਅਨੁਸਾਰ, “ਮੀਟਿੰਗ ਵਿੱਚ ਭਾਰਤ ਸਰਕਾਰ ਵੱਲੋਂ ਇੱਕ ਪਾਸੜ ਤੇ ਗ਼ੈਰ-ਕਾਨੂੰਨੀ ਕਾਰਵਾਈ ਕੀਤੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤ ਬਾਰੇ ਚਰਚਾ ਹੋਈ।”

ਮੀਟਿੰਗ ਵਿੱਚ ਭਾਰਤ-ਸ਼ਾਸਿਤ ਜੰਮੂ-ਕਸ਼ਮੀਰ ਤੇ ਐੱਲਓਸੀ ਤੇ ਬਣਦੇ ਹਾਲਾਤ ਬਾਰੇ ਵੀ ਚਰਚਾ ਹੋਈ ਹੈ।

ਇਸ ਮੀਟਿੰਗ ਵਿੱਚ ਭਾਰਤ ਦੇ ਨਾਲ ਕੂਟਨੀਤਕ ਰਿਸ਼ਤੇ ਸੀਮਤ ਕਰਨ ਤੇ ਦੁਵੱਲੇ ਵਪਾਰ ਨੂੰ ਫਿਲਹਾਲ ਰੋਕਣ ਦਾ ਫੈਸਲਾ ਲਿਆ ਗਿਆ ਹੈ।

ਏਆਰਵਾਈ ਟੀਵੀ ਨਾਲ ਗੱਲਬਾਤ ਵਿੱਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹਿ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਦਿੱਲੀ ਵਿੱਚ ਸਥਿਤ ਪਾਕਿਸਤਾਨੀ ਦੂਤਾਵਾਸ ਤੋਂ ਉਹ ਆਪਣੇ ਰਾਜਦੂਤ ਨੂੰ ਜਲਦੀ ਹੀ ਬੁਲਾ ਲੈਣਗੇ। ਇਸ ਦੇ ਨਾਲ ਹੀ ਭਾਰਤ ਦੇ ਰਾਜਦੂਤ ਨੂੰ ਵਾਪਸ ਭੇਜਿਆ ਜਾਵੇਗਾ।

ਇਸ ਦੇ ਨਾਲ ਹੀ ਇਸ ਮਾਮਲੇ ਨੂੰ ਸੰਯੁਕਤ ਰਾਸ਼ਟਰ ਅਤੇ ਸੁਰੱਖਿਆ ਪਰੀਸ਼ਦ ਵਿੱਚ ਚੁੱਕਣ ਦਾ ਵੀ ਫ਼ੈਸਲਾ ਲਿਆ ਹੈ।

ਬੈਠਕ ਵਿੱਚ ਤੈਅ ਕੀਤਾ ਗਿਆ ਕਿ ਪਾਕਿਸਤਾਨ ਦੇ ਸੁਤੰਤਰਤਾ ਦਿਵਸ 14 ਅਗਸਤ ਨੂੰ ਕਸ਼ਮੀਰੀਆਂ ਦੇ ਨਾਲ ਏਕਤਾ ਪ੍ਰਦਰਸ਼ਿਤ ਕਰਨ ਵਜੋਂ ਮਨਾਇਆ ਜਾਵੇਗਾ ਜਦਕਿ ਭਾਰਤ ਦੇ ਸੁਤੰਰਤਾ ਦਿਵਸ 15 ਅਗਸਤ ਨੂੰ ਕਾਲਾ ਦਿਵਸ ਮਨਾਇਆ ਜਾਵੇਗਾ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮਨੁੱਖੀ ਅਧਿਕਾਰ ਉਲੰਘਣਾ ਦੇ ਸਬੰਧ ਵਿੱਚ ਭਾਰਤ ਦੇ ਖ਼ਿਲਾਫ਼ ਸਾਰੇ ਕੂਟਨੀਤਕ ਚੈਨਲਾਂ ਦੀ ਵਰਤੋਂ ਦੇ ਨਿਰਦੇਸ਼ ਦਿੱਤੇ ਹਨ। ਇਮਰਾਨ ਖ਼ਾਨ ਸੈਨਾ ਨੂੰ ਵੀ ਸਾਵਧਾਨ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਬੁੱਧਵਾਰ ਨੂੰ ਪਾਕਿਸਤਾਨ ਦੇ ਦੋਵਾਂ ਸਦਨਾਂ ਦੇ ਸੰਯੁਕਤ ਸੈਸ਼ਨ ਵਿੱਚ ਧਾਰਾ 370 ਨਬੰ ਹਟਾਏ ਜਾਣ ਦੀ ਨਿੰਦਾ ਕੀਤੀ ਗਈ।

ਭਾਰਤ ਪ੍ਰਸ਼ਾਸਿਤ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਕਾਰਨ ਪੈਦਾ ਹੋਏ ਐਮਰਜੈਂਸੀ ਹਾਲਾਤ ਨੂੰ ਲੈ ਕੇ ਬੁੱਧਵਾਰ ਨੂੰ ਦੂਜੇ ਦਿਨ ਵੀ ਨੈਸ਼ਨਲ ਅਸੈਂਬਲੀ ਅਤੇ ਸੀਨੇਟ ਦੀ ਸੰਯੁਕਤ ਬੈਠਕ ਹੋਈ।

ਉਮੀਦ ਹੈ ਕਰਤਾਰਪੁਰ ਕੋਰੀਡੋਰ ਦਾ ਕੰਮ ਨਹੀਂ ਰੁਕੇਗਾ - ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵੱਲੋਂ ਭਾਰਤ ਨਾਲ ਕੂਟਨੀਤਕ ਸਬੰਧ ਸੀਮਤ ਕਰਨ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ।

ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਉਮੀਦ ਕੀਤੀ ਹੈ ਕਿ ਪਾਕਿਸਤਾਨ ਵੱਲੋਂ ਲਏ ਫੈਸਲੇ ਕਰਤਾਰਪੁਰ ਕੋਰੀਡੋਰ ਬਣਾਉਣ ਦੇ ਕੰਮ ਵਿੱਚ ਰੁਕਾਵਟ ਨਹੀਂ ਬਣਨਗੇ।

ਪਾਕਿਸਤਾਨ ਵੱਲੋਂ ਭਾਰਤ ਨਾਲ ਦੁਵੱਲੇ ਸਬੰਧਾਂ ਬਾਰੇ ਲਏ ਫੈਸਲੇ ਬਾਰੇ ਕੈਪਟਨ ਅਮਰਿੰਦਰ ਨੇ ਕਿਹਾ, "ਕਸ਼ਮੀਰ ਦਾ ਮਸਲਾ ਭਾਰਤ ਦਾ ਅੰਦਰੂਣੀ ਮਸਲਾ ਹੈ ਅਤੇ ਭਾਰਤ ਨੂੰ ਕਸ਼ਮੀਰ ਬਾਰੇ ਫੈਸਲਾ ਲੈਣ ਦਾ ਹੱਕ ਹੈ।"

"ਪਾਕਿਸਤਾਨ ਨੂੰ ਇਸ ਮਸਲੇ ਦਾ ਹਵਾਲਾ ਦੇ ਕੇ ਭਾਰਤ ਨਾਲ ਕੂਟਨੀਤਕ ਰਿਸ਼ਤੇ ਨਹੀਂ ਵਿਗਾੜਨੇ ਚਾਹੀਦੇ ਹਨ।"

ਇਹ ਵੀ ਪੜ੍ਹੋ:

ਕਸ਼ਮੀਰ ਬਾਰੇ ਸਾਡੀ ਇਹ ਵੀਡੀਓਜ਼ ਵੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)