You’re viewing a text-only version of this website that uses less data. View the main version of the website including all images and videos.
ਪਾਕਿਸਤਾਨ ਦੇ ਪੇਸ਼ਾਵਰ 'ਚ ਸਿੱਖਾਂ ਦੇ ਕਤਲ ਮਗਰੋਂ ਸੜਕਾਂ 'ਤੇ ਮੁਜ਼ਾਹਰਾ, ਮ੍ਰਿਤਕਾਂ ਦੇ ਘਰਾਂ ਦੀ ਸੁਰੱਖਿਆ ਵਧੀ
ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਨਾਲ ਸੰਬੰਧਿਤ ਦੋ ਦੁਕਾਨਦਾਰਾਂ ਦਾ ਐਤਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਰਣਜੀਤ ਸਿੰਘ (42) ਅਤੇ ਸਲਜੀਤ ਸਿੰਘ (38) ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਸਰਬੰਦ ਇਲਾਕੇ ਵਿੱਚ ਗੋਲੀਆਂ ਮਾਰੀਆਂ।
ਦੋਵਾਂ ਜਣਿਆਂ ਦੀਆਂ ਪੇਸ਼ਾਵਰ ਦੇ ਸਰਬੰਦ ਇਲਾਕੇ ਦੇ ਬੱਤਾ ਤਿੱਲੀ ਬਜ਼ਾਰ ਵਿੱਚ ਕਰਿਆਨੇ ਦੀਆਂ ਦੁਕਾਨਾਂ ਸਨ।
ਬੀਬੀਸੀ ਮੌਨੀਟਰਿੰਗ ਮੁਤਾਬਕ ਆਈਐੱਸਕੇਪੀ ਯਾਨੀ ਇਸਲਾਮਿਕ ਸਟੇਟ ਖੋਰਾਸਨ ਨੇ ਆਪਣੇ ਪ੍ਰਾਪੇਗੈਂਡਾ ਚੈਨਲਾਂ ਰਾਹੀਂ ਇਸ ਘਟਨਾ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਲਈ ਹੈ
ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਇਮਾਨਦਾਰੀ ਨਾਲ ਜਾਂਚ ਹੋਣੀ ਚਾਹੀਦੀ ਹੈ।
ਇਸ ਘਟਨਾ ਦੇ ਵਿਰੋਧ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨੇ ਸੜਕਾਂ ਉੱਤੇ ਉਤਰ ਕੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਮ੍ਰਿਤਕਾਂ ਦੇ ਘਰਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਉੱਚ ਪੱਧਰੀ ਜਾਂਚ ਦੇ ਆਦੇਸ਼- ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ
ਇਸ ਘਟਨਾ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ।
ਉਨ੍ਹਾਂ ਨੇ ਟਵੀਟ ਕਰਦੇ ਹੋਏ ਆਖਿਆ ਕਿ ਪਾਕਿਸਤਾਨ ਸਾਰੇ ਨਾਗਰਿਕਾਂ ਦਾ ਸਾਂਝਾ ਹੈ ਅਤੇ ਉਹ ਇਸ ਘਟਨਾ ਦੀ ਨਿਖੇਧੀ ਕਰਦੇ ਹਨ।
ਉਨ੍ਹਾਂ ਇਹ ਵੀ ਲਿਖਿਆ ਹੈ ਕਿ ਕਾਤਲਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਵੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਾਤਾਰ ਕਰਕੇ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਇੱਕ ਟਵੀਟ ਰਾਹੀਂ ਘਟਨਾ ਦੀ ਨਿੰਦਾ ਕੀਤੀ ਹੈ।
ਪਾਕਿਸਤਾਨ ਦੇ ਗ੍ਰਹਿ ਮੰਤਰੀ ਦਾ ਬਿਆਨ
ਬੀਬੀਸੀ ਪੱਤਰਕਾਰ ਸ਼ੁਮਾਇਲਾ ਖ਼ਾਨ ਮੁਤਾਬਕ ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨ੍ਹਾਉੱਲ੍ਹਾ ਨੇ ਪੇਸ਼ਵਰ ਵਿੱਚ ਦੋ ਸਿੱਖ ਦੁਕਾਨਦਾਰਾਂ ਨੂੰ ਕਤਲ ਕੀਤੇ ਜਾਣ ਦੀ ਨਿੰਦਾ ਕੀਤੀ ਹੈ।
ਉਨ੍ਹਾਂ ਨੇ ਖ਼ੈਬਰ ਪਖ਼ਤੂਨਖਵਾ ਦੇ ਮੁੱਖ ਸਕੱਤਰ ਅਤੇ ਆਈਜੀ ਪੁਲਿਸ ਤੋਂ ਇਸ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਖੈਬਰ ਦੀ ਸਰਕਾਰ ਘੱਟ ਗਿਣਤੀਆਂ ਨੂੰ ਹਿਫ਼ਾਜ਼ਤ ਮੁਹਈਆ ਕਰਵਾਉਣ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।
ਉਨ੍ਹਾਂ ਨੇ ਪੀੜਤ ਪਰਿਵਾਰਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮੁਲਜ਼ਮਾਂ ਨੂੰ ਫੜਨ ਵਿੱਚ ਕੇਂਦਰੀ ਸਰਕਾਰ ਵੱਲੋਂ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਦਿੱਤੇ ਜਾਣ ਦਾ ਭਰੋਸਾ ਦਵਾਇਆ ਹੈ।
ਉਨ੍ਹਾਂ ਨੇ ਕਿਹਾ, ''ਸੂਬਾ ਸਰਕਾਰ ਨੂੰ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਪਾਕਿਤਸਤਾਨ ਦੇ ਘੱਟ ਗਿਣਤੀਆਂ ਨਾਲ ਸੰਬੰਧਿਤ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ''।
ਕਤਲ ਕਾਂਡ ਦੀ ਬਰੀਕੀ ਨਾਲ ਜਾਂਚ ਹੋਵੇ - ਜਥੇਦਾਰ ਅਕਾਲ ਤਖ਼ਤ
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਅਨੁਸਾਰ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਇਸ ਘਟਨਾ ਉੱਤੇ ਦੁੱਖ ਜਤਾਇਆ ਹੈ।
ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਦੀ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਤੇ ਪਤਾ ਕੀਤਾ ਜਾਵੇ ਕਿ ਆਖਿਰ ਕਿਹੜੀਆਂ ਏਜੰਸੀਆਂ ਪਾਕਿਸਤਾਨ ਵਿੱਚ ਸਿੱਖਾਂ ਉੱਤੇ ਅਜਿਹੇ ਹਮਲੇ ਕਰਵਾ ਰਹੀਆਂ ਹਨ।
ਭਾਰਤ ਨੇ ਇਸ ਮਾਮਲੇ ਬਾਰੇ ਕੀ ਕਿਹਾ
ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਵਿੱਚ ਲਗਾਤਾਰ ਘੱਟ-ਗਿਣਤੀਆਂ ਨੂੰ ਨਿਸ਼ਾਨਾ ਬਣਾਏ ਨੂੰ ਲੈ ਕੇ ਕੜਾ ਵਿਰੋਧ ਦਰਜ ਕੀਤਾ ਹੈ।
ਅਰਿੰਦਮ ਬਾਗਚੀ ਨੇ ਕਿਹਾ, "ਅਸੀਂ ਪੇਸ਼ਾਵਰ ਵਿੱਚ ਅਣਜਾਣ ਹਥਿਆਰਬੰਦ ਲੋਕਾਂ ਵੱਲੋਂ ਦੋ ਸਿੱਖ ਵਪਾਰੀਆਂ ਦੀ ਹੱਤਿਆ ਦੀ ਖ਼ਬਰ ਦੇਖੀ ਹੈ। ਦੁਖ ਦੀ ਗੱਲ ਇਹ ਹੈ ਕਿ ਇਹ ਇਸ ਤਰ੍ਹਾਂ ਦਾ ਪਹਿਲਾ ਮਾਮਲਾ ਨਹੀਂ ਹੈ ਜਾਂ ਇਹ ਕਦੇ-ਕਦੇ ਹੋਣ ਵਾਲਾ ਮਾਮਲਾ ਵੀ ਨਹੀਂ ਹੈ।"
ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਭਾਰਤੀ ਸਿਵਿਲ ਸੁਸਾਈਟੀ ਤੇ ਸਿੱਖ ਭਾਈਚਾਰੇ ਨੇ ਗਹਿਰੀ ਚਿੰਤਾ ਜਤਾਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਣਜੀਤ ਸਿੰਘ ਤੇ ਕੁਲਜੀਤ ਸਿੰਘ ਦੇ ਕਤਲ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੋਂ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿੱਚ ਵਸੇ ਹਿੰਦੂ ਤੇ ਸਿੱਖ ਘੱਟ-ਗਿਣਤੀਆਂ ਦੀ ਸੁਰੱਖਿਆ ਦਾ ਮਾਮਲਾ ਪਾਕਿਸਤਾਨ ਨਾਲ ਚੁੱਕਣ।
ਭਾਰਤੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਰਾਹੀਂ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਲਿਖਿਆ, ''ਪਾਕਿਸਤਾਨ ਸਰਕਾਰ ਸਿੱਖਾਂ ਨੂੰ ਸੁਰੱਖਿਆ ਮੁਹਈਆ ਕਰਵਾਏ ਬਿਨਾਂ ਸਿਰਫ਼ ਹਮੇਸ਼ਾ ਜ਼ਬਾਨੀ ਹਮਦਰਦੀ ਨਿਭਾਉਂਦੀ ਹੈ।'' ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਘਟਨਾ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਵੀ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਘਟਨਾ ਬਾਰੇ ਟਵੀਟ ਕੀਤਾ ਹੈ।
ਉਨ੍ਹਾਂ ਘਟਨਾ ਦੀ ਨਿੰਦਾ ਕਰਦਿਆਂ ਭਾਰਤ ਦੇ ਵਿਦੇਸ਼ ਮੰਤਰੀ ਐਸਜੈ ਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿੱਚ ''ਸੋਗਜ਼ਦਾ ਪਰਿਵਾਰਾਂ ਨੂੰ ਇਨਸਾਫ਼ ਯਕੀਨੀ ਬਣਾਉਣ ਅਤੇ ਸਿੱਖਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਕੋਲ ਚੁੱਕਣ।''
ਇਹ ਵੀ ਪੜ੍ਹੋ: